ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸੀਐਮ ਭਗਵੰਤ ਮਾਨ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿੰਡ ਉਗੋਕੇ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ। ਇਸ ਦੌਰਾਨ ਸੀਐਮ ਮਾਨ ਨੇ ਲਾਭ ਸਿੰਘ ਦੀ ਮਾਤਾ ਬਲਦੇਵ ਕੌਰ ਅਤੇ ਪਿਤਾ ਦਰਸ਼ਨ ਸਿੰਘ ਤੋਂ ਅਸ਼ੀਰਵਾਦ ਵੀ ਲਿਆ।


ਇਸ ਮੌਕੇ ਸੰਬੋਧਨ ਕਰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਬਣ ਕੇ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਕਾਰਨ ਹੁਣ ਗੁਰਮੇਲ ਸਿੰਘ ਸੰਗਰੂਰ ਦੇ ਲੋਕਾਂ ਦੀ ਆਵਾਜ਼ ਲੋਕ ਸਭਾ ਵਿੱਚ ਬੁਲੰਦ ਕਰਨਗੇ। ਇਸ ਸਮੇਂ ਇੱਕ ਵਿਅਕਤੀ ਵੱਲੋਂ ਨਹਿਰੀ ਪਾਣੀ ਦੀ ਮੰਗ ਕੀਤੀ ਗਈ, ਜਿਸ ਦੇ ਜਵਾਬ ਵਿੱਚ ਸੀਐਮ ਮਾਨ ਨੇ ਕਿਹਾ ਕਿ ਅੱਜ ਸ਼ਾਮ ਤੱਕ ਰਜਵਾਹਿਆਂ ਵਿੱਚ ਪਾਣੀ ਆ ਜਾਵੇਗਾ।



ਇੱਕ ਵਿਅਕਤੀ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ, ਬੀ.ਬੀ.ਐਮ.ਬੀ ਭਾਖੜਾ ਵਿਆਸ ਬੋਰਡ ਦੇ ਕੇਂਦਰੀਕਰਨ ਸਬੰਧੀ ਆਪਣੀ ਆਵਾਜ਼ ਬੁਲੰਦ ਕਰਨ ਲਈ ਕਿਹਾ ਗਿਆ ਸੀ, ਜਿਸ ਦੇ ਜਵਾਬ ਵਿੱਚ ਸੀ.ਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪੱਤਰ ਲਿਖ ਕੇ ਕੇਂਦਰ ਸਰਕਾਰ ਕੋਲ ਆਪਣਾ ਵਿਰੋਧ ਜਤਾ ਦਿੱਤਾ ਹੈ। ਉਹ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ। 36000 ਕੱਚੇ ਅਧਿਆਪਕਾਂ ਦੇ ਉਠਾਏ ਗਏ ਸਵਾਲ 'ਤੇ ਸੀ.ਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ 'ਚ ਇਸ ਮੁੱਦੇ ਨੂੰ ਵੀ ਹੱਲ ਕਰ ਲਿਆ ਜਾਵੇਗਾ।


 

ਦੱਸ ਦੇਈਏ ਕਿ ਪੰਜਾਬ 'ਚ ਲੋਕ ਸਭਾ ਸੀਟ ਸੰਗਰੂਰ ਦੀ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਵੋਟਿੰਗ 23 ਜੂਨ 2022 ਨੂੰ ਹੋਵੇਗੀ। ਇਸ ਤੋਂ ਪਹਿਲਾਂ ‘ਆਪ’ ਵੱਲੋਂ ਚੋਣ ਪ੍ਰਚਾਰ ਪੂਰੇ ਜ਼ੋਰਾਂ ‘ਤੇ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਲਈ ਪਹੁੰਚੇ ਹਨ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦਾ ਪੈਸਾ ਜਿਹੜੇ ਲੋਕਾਂ ਨੇ ਖਾਧਾ ਹੈ , ਉਨ੍ਹਾਂ ਦੀ ਲਿਸਟ ਬਣੀ ਪਾਈ ਹੈ। ਕੁਝ ਅੰਦਰ ਹਨ ਅਤੇ ਕੁਝ ਦੇ ਅੰਦਰ ਜਾਣ ਦੀ ਤਿਆਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਇਸ਼ਾਰਾ ਪਿਛਲੀਆਂ ਸਰਕਾਰਾਂ ਦੇ ਭ੍ਰਿਸ਼ਟਾਚਾਰ ਵੱਲ ਸੀ।