ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ  ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ ਹੈ। ਹਾਲਾਂਕਿ ਸੀਐਮ ਮਾਨ ਦੇ ਆਉਣ ਤੋਂ ਪਹਿਲਾਂ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਯੂਥ ਆਗੂ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਂ 'ਤੇ ਮਾਨਸਾ 'ਚ ਕੈਂਸਰ ਹਸਪਤਾਲ ਅਤੇ ਖੇਡ ਸਟੇਡੀਅਮ ਬਣੇਗਾ। 

 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਨਾਮ ਰਹਿੰਦੀ ਦੁਨੀਆਂ ਤੱਕ ਅਮਰ ਰਹੇਗਾ, ਇਸੇ ਲਈ ਕੈਂਸਰ ਹਸਪਤਾਲ ਅਤੇ ਸਪੋਰਟਸ ਸਟੇਡੀਅਮ ਉਨ੍ਹਾਂ ਦੇ ਨਾਂ 'ਤੇ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਮੇਰਾ ਛੋਟਾ ਭਰਾ ਸੀ ਅਤੇ ਮੈਂ ਪਰਿਵਾਰ ਦੇ ਨਾਲ ਹਾਂ, ਜਦੋਂ ਵੀ ਪਰਿਵਾਰ ਨੂੰ ਲੋੜ ਪਈ ਤਾਂ ਮੈਂ ਪਰਿਵਾਰ ਦੇ ਨਾਲ ਖੜ੍ਹਾਂਗਾ। ਸਿੱਧੂ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜਲਦ ਹੀ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।  ਮੁੱਖ ਮੰਤਰੀ ਦੀ ਪਰਿਵਾਰ ਨਾਲ ਮੁਲਾਕਾਤ ਇੱਕ ਘੰਟਾ 10 ਮਿੰਟ ਤੱਕ ਚੱਲੀ ਹੈ।  






ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਫ਼ੈਨਜ ਪੰਜਾਬ ਸਰਕਾਰ ਤੋਂ ਕਾਫੀ ਨਾਰਾਜ਼ ਹਨ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਨਾ ਕੀਤੀ ਹੁੰਦੀ ਤਾਂ ਅੱਜ ਮੂਸੇਵਾਲਾ ਉਨ੍ਹਾਂ ਵਿੱਚੋਂ ਹੁੰਦਾ। ਇਸ ਦੇ ਨਾਲ ਹੀ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ। ਇਸ ਦੌਰਾਨ ਜਦੋਂ ਉਹ ਮਾਨਸਾ ਸਥਿਤ ਮੂਸੇਵਾਲਾ ਦੇ ਘਰ ਪਹੁੰਚੇ ਤਾਂ ਉਨ੍ਹਾਂ ਨੂੰ ਸਥਾਨਕ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ।

 

ਜ਼ਿਕਰਯੋਗ ਹੈ ਕਿ ਪਹਿਲਾਂ ਸਵੇਰੇ ਸਿੱਧੂ ਮੂਸੇਵਾਲ ਦੇ ਪਿੰਡ 'ਚ ਸੀਐੱਮ ਭਗਵੰਤ ਮਾਨ ਦੀ ਫੇਰੀ ਨੂੰ ਲੈ ਕੇ ਹੰਗਾਮਾ ਹੋ ਗਿਆ ਸੀ। ਭਗਵੰਤ ਮਾਨ ਨੇ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਆਉਣਾ ਸੀ, ਜਿਸ ਕਾਰਨ ਪਿੰਡ ਦੇ ਆਲੇ-ਦੁਆਲੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਸਨ। ਇਸ ਦੌਰਾਨ ਪੁਲਿਸ ਵੱਲੋਂ ਲੋਕਾਂ ਨੂੰ ਸਿੱਧੂ ਮੂਸੇਵਾਲਾ ਦੇ ਘਰ ਜਾਣ ਤੋਂ ਰੋਕਿਆ ਗਿਆ। ਹਾਲਾਂਕਿ ਪੁਲਿਸ ਪ੍ਰਸ਼ਾਸਨ ਨੇ ਇਸ ਗੱਲ ਤੋਂ ਸਾਫ਼ ਇਨਕਾਰ ਕੀਤਾ ਸੀ।