Panchayat Election:ਸਰਬਸੰਮਤੀ ਕਰਕੇ ਬਣਾ ਲਓ ਸਰਪੰਚ ਤੇ ਪੰਚ, 5 ਲੱਖ ਦਾ ਇਨਾਮ ਤੇ ਮਨਚਾਹੀ ਮਿਲੇਗੀ ਗਰਾਂਟ, ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਸਮੇਤ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਉਸ ਦੇ ਖਿਲਾਫ਼ ਬੇਬੁਨਿਆਦ ਅਫਵਾਹਾਂ ਫੈਲਾ ਰਹੀਆਂ ਹਨ ਤਾਂ ਕਿ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹਿਆ ਜਾ ਸਕੇ।
ਅੱਜ ਮੌੜ ਮੰਡੀ ਦੇ ਪਿੰਡ ਚਾਉਕੇ ਤੋਂ ਸੂਬੇ ਦੇ ਲੋਕਾਂ ਨੂੰ 30 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕ ਸਮਰਪਿਤ ਕੀਤੇ... ਦਿੱਲੀ ਤੋਂ ਸੇਧ ਲੈ ਕੇ ਪੰਜਾਬ ‘ਚ ਖੋਲ੍ਹੇ ਇਹਨਾਂ ਕਲੀਨਿਕਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ... ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਅਸੀਂ ਬਾਖ਼ੂਬੀ ਨਿਭਾ ਰਹੇ ਹਾਂ... pic.twitter.com/FkfAbq5bK0
— Bhagwant Mann (@BhagwantMann) September 23, 2024
ਸੂਬੇ ਦੇ 30 ਆਮ ਆਦਮੀ ਕਲੀਨਿਕ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਖੁਸ਼ਹਾਲੀ ਅਤੇ ਸੂਬੇ ਦੀ ਭਲਾਈ ਲਈ ਉਹ ਸਮਰਪਿਤ ਹੋ ਕੇ ਕੰਮ ਕਰ ਰਹੇ ਹਨ ਪਰ ਕੁਝ ਸਿਆਸੀ ਲੀਡਰਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਜਿਸ ਕਰਕੇ ਉਹ ਵਾਰ-ਵਾਰ ਮੇਰੇ ਖਿਲਾਫ਼ ਜ਼ਹਿਰ ਉਗਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਘਟੀਆ ਹੱਥਕੰਡੇ ਉਸ ਨੂੰ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੇ ਅਤੇ ਉਹ ਸੂਬੇ ਦੇ ਵਿਕਾਸ ਲਈ ਇਸ ਨੇਕ ਕਾਰਜ ਵਿੱਚ ਸਮਰਪਿਤ ਭਾਵਨਾ ਨਾਲ ਜੁਟੇ ਰਹਿਣਗੇ।
ਪੰਚਾਇਤੀ ਚੋਣਾਂ ਦੀ ਤਾਰੀਖ ਦਾ ਕਿਸੇ ਵੀ ਵੇਲੇ ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਜਾ ਸਕਦਾ ਹੈ... ਮੈਂ ਪਿੰਡਾਂ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਚੋਣ 'ਚ ਵਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਪਿੰਡਾਂ ਦਾ ਵੱਧ ਤੋਂ ਵੱਧ ਵਿਕਾਸ ਹੋ ਸਕੇ... pic.twitter.com/UkI1U4tkhy
— Bhagwant Mann (@BhagwantMann) September 23, 2024
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਜਲਦੀ ਹੀ ਹੋਣਗੀਆਂ ਅਤੇ ਇਹ ਉਮੀਦਵਾਰ ਬਿਨਾਂ ਪਾਰਟੀ ਚੋਣ ਨਿਸ਼ਾਨ ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚ ਧੜੇਬੰਦੀ ਖ਼ਤਮ ਹੋਵੇਗੀ ਅਤੇ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨਾਂ 'ਤੇ ਚੋਣ ਲੜਨ ਤੋਂ ਰੋਕਣ ਦਾ ਵੱਡਾ ਫੈਸਲਾ ਲਿਆ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਸਮੇਤ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਨੂੰ ਚੁਣਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਕਿ ਸੂਬਾ ਸਰਕਾਰ ਦੇ ਇਨ੍ਹਾਂ ਯਤਨਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਉਣਗੇ ਅਤੇ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ।