Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਉਸ ਦੇ ਖਿਲਾਫ਼ ਬੇਬੁਨਿਆਦ ਅਫਵਾਹਾਂ ਫੈਲਾ ਰਹੀਆਂ ਹਨ ਤਾਂ ਕਿ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹਿਆ ਜਾ ਸਕੇ।






 ਸੂਬੇ ਦੇ 30 ਆਮ ਆਦਮੀ ਕਲੀਨਿਕ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਖੁਸ਼ਹਾਲੀ ਅਤੇ ਸੂਬੇ ਦੀ ਭਲਾਈ ਲਈ ਉਹ ਸਮਰਪਿਤ ਹੋ ਕੇ ਕੰਮ ਕਰ ਰਹੇ ਹਨ ਪਰ ਕੁਝ ਸਿਆਸੀ ਲੀਡਰਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਜਿਸ ਕਰਕੇ ਉਹ ਵਾਰ-ਵਾਰ ਮੇਰੇ ਖਿਲਾਫ਼ ਜ਼ਹਿਰ ਉਗਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਘਟੀਆ ਹੱਥਕੰਡੇ ਉਸ ਨੂੰ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੇ ਅਤੇ ਉਹ ਸੂਬੇ ਦੇ ਵਿਕਾਸ ਲਈ ਇਸ ਨੇਕ ਕਾਰਜ ਵਿੱਚ ਸਮਰਪਿਤ ਭਾਵਨਾ ਨਾਲ ਜੁਟੇ ਰਹਿਣਗੇ।






ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਜਲਦੀ ਹੀ ਹੋਣਗੀਆਂ ਅਤੇ ਇਹ ਉਮੀਦਵਾਰ ਬਿਨਾਂ ਪਾਰਟੀ ਚੋਣ ਨਿਸ਼ਾਨ ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚ ਧੜੇਬੰਦੀ ਖ਼ਤਮ ਹੋਵੇਗੀ ਅਤੇ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨਾਂ 'ਤੇ ਚੋਣ ਲੜਨ ਤੋਂ ਰੋਕਣ ਦਾ ਵੱਡਾ ਫੈਸਲਾ ਲਿਆ ਹੈ।


ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਸਮੇਤ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਨੂੰ ਚੁਣਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਕਿ ਸੂਬਾ ਸਰਕਾਰ ਦੇ ਇਨ੍ਹਾਂ ਯਤਨਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਉਣਗੇ ਅਤੇ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ।