Flood in Punjab: ਪੰਜਾਬ ਵਿੱਚ ਹੜ੍ਹਾਂ 'ਤੇ ਸਿਆਸਤ ਭਖੀ ਹੋਈ ਹੈ। ਵਿਰੋਧੀ ਧਿਰਾਂ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਅਜਿਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਦੇ ਪੈਸੇ-ਪੈਸੇ ਦੇ ਨੁਕਸਾਨ ਦੀ ਭਰਪਾਈ ਕਰੇਗੀ। ਇਸ ਨੁਕਸਾਨ ਦੀ ਭਰਪਾਈ ਲਈ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਗਿਰਦਾਵਰੀ ਕਰਵਾਈ ਜਾਵੇਗੀ। ਪੰਜਾਬ ਮੰਤਰੀ ਮੰਡਲ ਨੇ 15 ਅਗਸਤ ਤੱਕ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। 



ਸਰਕਾਰੀ ਸੂਤਰਾਂ ਮੁਤਾਬਕ ਇਹ ਫੈਸਲਾ ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਦੇ ਯਤਨਾਂ ਵਜੋਂ ਲਿਆ ਹੈ। ਮੰਤਰੀ ਮੰਡਲ ਅਨੁਸਾਰ ਪੰਜਾਬ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਹੜ੍ਹਾਂ ਕਾਰਨ 44 ਲੋਕਾਂ ਦੀ ਜਾਨ ਚਲੀ ਗਈ, 22 ਜ਼ਖਮੀ ਹੋਏ ਤੇ 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ। 878 ਲੋਕਾਂ ਦਾ ਅੰਸ਼ਕ ਨੁਕਸਾਨ ਦੱਸਿਆ ਗਿਆ ਹੈ। ਇਨ੍ਹਾਂ ਵਿੱਚੋਂ 1277 ਲੋਕ ਇਸ ਸਮੇਂ 159 ਰਾਹਤ ਕੈਂਪਾਂ ਵਿੱਚ ਸ਼ਰਨ ਲੈ ਰਹੇ ਹਨ।


ਦੂਜੇ ਪਾਸੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਧਿਕਾਰੀ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਖੇਤਾਂ ਤੱਕ ਨਹੀਂ ਪਹੁੰਚੇ। ਕਿਸਾਨਾਂ ਨੇ ਉਡੀਕ-ਉਡੀਕ ਕੇ ਖੇਤਾਂ ਵਿੱਚ ਮੁੜ ਬਿਜਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੂੰ ਖਦਸ਼ਾ ਹੈ ਕਿ ਕਿਤੇ ਨੁਕਸਾਨ ਦਾ ਮੁਆਵਜ਼ਾ ਮਿਲੇ ਹੀ ਨਾ। ਇਸ ਤੋਂ ਇਲਾਵਾ ਅਜੇ ਵੀ ਈ ਇਲਾਕਿਆਂ ਵਿੱਚ ਪਾਣੀ ਭਰਿਆ ਹੋਇਆ ਹੈ। 



ਵਿਰੋਧੀ ਧਿਰਾਂ ਨੇ ਵੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਗਿਰਦਾਵਰੀ 15 ਅਗਸਤ ਤੱਕ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ। ਜਦਕਿ ਕਈ ਇਲਾਕਿਆਂ ਵਿੱਚ ਅਜੇ ਵੀ ਕੋਈ ਅਧਿਕਾਰੀ ਨਹੀਂ ਪਹੁੰਚਿਆ। ਇਸ ਲਈ ਵਿਰੋਧੀ ਧਿਰ ਦੇ ਆਗੂਆਂ ਨੇ ਗਿਰਦਾਵਰੀ ਸਹੀ ਢੰਗ ਨਾਲ ਨਾ ਹੋਣ ਦੀ ਗੱਲ ਕਹੀ ਹੈ। ਉਨ੍ਹਾਂ ਮੁਤਾਬਕ ਇਸ ਸਮੇਂ ਮੀਂਹ ਪੈ ਰਿਹਾ ਹੈ। ਇਸ ਕਾਰਨ ਪਿੰਡਾਂ ਦੀ ਹਾਲਤ ਬਹੁਤ ਖਰਾਬ ਹੈ। ਖਾਸ ਕਰਕੇ ਸਤਲੁਜ ਤੇ ਹੋਰ ਦਰਿਆਵਾਂ ਨਾਲ ਲੱਗਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਸਾਰੇ ਲੋਕਾਂ ਦੇ ਨੁਕਸਾਨ ਦੇ ਸਹੀ ਮੁਲਾਂਕਣ ਨਾਲ ਗਿਰਦਾਵਰੀ ਕਰਨ ਦੇ ਯੋਗ ਹੋਣ ਵਿੱਚ ਚੁਣੌਤੀ ਬਣੀ ਰਹੇਗੀ।


ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹੋਰ ਮੰਤਰੀਆਂ ਤੇ ਵਿਧਾਇਕਾਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਕਾਂਗਰਸ ਤੇ ਅਕਾਲੀ-ਭਾਜਪਾ ਦੇ ਆਗੂਆਂ ਨੇ ਵੀ ਆਪੋ-ਆਪਣੇ ਹਲਕਿਆਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਹੈ। ਇਸ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਤੇ ਵਫ਼ਦਾਂ ਨੇ ਰਾਜਪਾਲ ਪੁਰੋਹਿਤ ਨਾਲ ਮੀਟਿੰਗ ਕਰਕੇ ਹੜ੍ਹਾਂ ਨਾਲ ਸੂਬੇ ਨੂੰ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਕੇਂਦਰ ਸਰਕਾਰ ਤੋਂ ਮਦਦ ਮੰਗੀ ਹੈ।