CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕੀਤਾ ਹੈ ਕਿ ਗੁਰਬਾਣੀ ਦੇ ਪ੍ਰਸਾਰਣ ਲਈ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕਣ ਨੂੰ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਉੱਪਰ ਵੀ ਸਵਾਲ ਉਠਾਏ ਹਨ। ਸੀਐਮ ਮਾਨ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਦੀ ਸਾਂਭ-ਸੰਭਾਲ ਕਰੇ…ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਲਈ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕਣ ਨੂੰ ਤਿਆਰ ਹੈ…ਪਰ ਸੰਗਤ ਸਭ ਜਾਣਦੀ ਹੈ ਕਮੇਟੀ ਦੇ ਪ੍ਰਧਾਨ ਸਾਬ੍ਹ ਕਿਹਦੇ ਕਹਿਣ ‘ਤੇ ਜੁਆਬ ਦਿੰਦੇ ਨੇ।
ਉਧਰ, ਸ਼੍ਰੀ ਦਰਬਾਰ ਸਾਹਿਬ ਵਿੱਚ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਣ ਦੇ ਹੱਕ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਵਿਚਾਰਨ ਵਾਸਤੇ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਇਸ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਰਘੂਜੀਤ ਸਿੰਘ ਵਿਰਕ, ਕੁਲਵੰਤ ਸਿੰਘ ਮੰਨਣ, ਸਰਵਣ ਸਿੰਘ ਤੇ ਭਾਈ ਰਜਿੰਦਰ ਸਿੰਘ ਮਹਿਤਾ ਸ਼ਾਮਲ ਹਨ। ਇਸ ਕਮੇਟੀ ਦੀ ਮੀਟਿੰਗ ਇਸ ਹਫਤੇ ਵਿੱਚ ਹੋਵੇਗੀ ਤੇ ਇਸ ਤੋਂ ਬਾਅਦ ਅਗਲੇਰੀ ਕਾਰਵਾਈ ਬਾਰੇ ਵਿਚਾਰ ਕੀਤਾ ਜਾਵੇਗਾ।
ਪੰਜਾਬ ਸਰਕਾਰ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪਵਿੱਤਰ ਗੁਰਬਾਣੀ ਦੇ ਸਿੱਧੇ ਪ੍ਰਸਾਰਣ ’ਤੇ ਇੱਕ ਨਿੱਜੀ ਚੈਨਲ ਦੇ ਏਕਾਧਿਕਾਰ ਨੂੰ ਖ਼ਤਮ ਕਰਵਾਉਣ ਦੇ ਰੌਂਅ ’ਚ ਹੈ। ਗੁਰਬਾਣੀ ਦੇ ਪ੍ਰਸਾਰਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਟਵੀਟ ਸਿੱਧੇ ਤੌਰ ’ਤੇ ਅਜਿਹਾ ਹੀ ਇਸ਼ਾਰਾ ਕਰਦਾ ਹੈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਸਮੇਂ-ਸਮੇਂ ’ਤੇ ਆਪਣੇ ਸਿਆਸੀ ਭਾਸ਼ਣਾਂ ’ਚ ਇੱਕ ਨਿੱਜੀ ਚੈਨਲ ’ਤੇ ਗੁਰਬਾਣੀ ਦੇ ਪ੍ਰਸਾਰਣ ਨੂੰ ਨਿਸ਼ਾਨੇ ’ਤੇ ਰੱਖਿਆ ਸੀ ਪਰ ਹੁਣ ਤਾਂ ਉਨ੍ਹਾਂ ਟਵੀਟ ਕਰਕੇ ਇਸ ਬਾਰੇ ਰਸਮੀ ਤੌਰ ’ਤੇ ਕਦਮ ਅੱਗੇ ਵਧਾਉਣ ਦੇ ਸੰਕੇਤ ਦੇ ਦਿੱਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨ ਟਵੀਟ ਕਰਦਿਆਂ ਸਵਾਲ ਚੁੱਕਿਆ, ‘‘ਸਾਂਝੀਵਾਲਤਾ ਦੀ ਪ੍ਰਤੀਕ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ਼ ਇਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ...ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ।’’