ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਣ ਰਹੀ ਹੈ। ਕੈਬਨਿਟ ਮੀਟਿੰਗ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੀ ਕੈਬਨਿਟ ਮੀਟਿੰਗ ਵਿੱਚ ਮੂੰਗੀ ਦੀ ਫ਼ਸਲ ਨੂੰ ਐਮਐਸਪੀ ’ਤੇ ਖਰੀਦਣ ਸਬੰਧੀ ਅਧਿਕਾਰਤ ਤੌਰ ’ਤੇ ਫ਼ੈਸਲਾ ਲਿਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਨੂੰ 7275 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦਣ ਬਾਰੇ ਫ਼ੈਸਲਾ ਲੈਣ ਦੀ ਸੰਭਾਵਨਾ ਹੈ। 



ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਸਣੇ ਹੋਰ ਕਈ ਅਹਿਮ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਜਾਵੇਗਾ। ਦੱਸ ਦਈਏ ਕਿ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ’ਤੇ 7275 ਰੁਪਏ ਐਮਐੱਸਪੀ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ ਤੇ ਮੂੰਗੀ ਦੀ ਫ਼ਸਲ ਨੂੰ ਐਮਐਸਪੀ ’ਤੇ ਖ਼ਰੀਦਣ ਦਾ ਮੁੱਦਾ ਚੁੱਕਿਆ ਸੀ।


ਇਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ 4585 ਮੀਟ੍ਰਿਕ ਟਨ ਮੂੰਗੀ ਨੂੰ ਖ਼ਰੀਦਣ ਦਾ ਫ਼ੈਸਲਾ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਮੌਜੂਦਾ ਸਾਲ ਵਿੱਚ 80 ਹਜ਼ਾਰ ਏਕੜ ਦੇ ਕਰੀਬ ਰਕਬਾ ਮੂੰਗੀ ਦੀ ਕਾਸ਼ਤ ਹੇਠ ਆਇਆ ਹੈ, ਜਦਕਿ ਲੰਘੇ ਵਰ੍ਹੇ 50 ਹਜ਼ਾਰ ਏਕੜ ਰਕਬੇ ’ਤੇ ਮੂੰਗੀ ਦੀ ਕਾਸ਼ਤ ਕੀਤੀ ਗਈ ਸੀ। ਇਸ ਤੋਂ ਇਲਾਵਾ ਕਿਸਾਨਾਂ ਤੇ ਮੁਲਾਜ਼ਮਾਂ ਨਾਲ ਸਬੰਧਤ ਹੋਰ ਮਸਲਿਆਂ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।