ਸ਼ੰਕਰ ਦਾਸ ਦੀ ਰਿਪੋਰਟ


ਚੰਡੀਗੜ੍ਹ: ਪੰਜਾਬ ਕਾਂਗਰਸ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਬਤੌਰ ਜੰਗਲਾਤ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜੀਆਂ ਦੇ ਹੱਕ ਵਿੱਚ ਨਿੱਤਰ ਆਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਦਿੱਤਾ ਸੀ, ਜਿਸ ਤੋਂ ਬਾਅਦ ਉਹ ਸਵੇਰੇ ਚੰਡੀਗੜ੍ਹ ਪਹੁੰਚੇ ਹਨ।

ਉਧਰ ਕਾਂਗਰਸ ਪਾਰਟੀ ਵੱਲੋਂ ਰਿਹਾਇਸ਼ ਦੇ ਬਾਹਰ ਦਿੱਤੇ ਗਏ ਧਰਨੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੀ ਆਲੋਚਨਾ ਕਰਦਿਆਂ ਟਵੀਟ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ-ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਲਾਈ ਬੈਠੇ ਹਨ।

ਮੁੱਖ ਮੰਤਰੀ ਮਾਨ ਨੇ ਕਾਂਗਰਸ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ, ਇਸ ਗੱਲ ਦਾ ਸਬੂਤ ਹੈ ਕਿ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ, ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ? ਦਰਅਸਲ 'ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦਾ ਕਾਂਗਰਸ ਵਿਰੋਧ ਕਰ ਰਹੀ ਹੈ।

ਰਾਜਾ ਵੜਿੰਗ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ ਪਰ ਉਸ ਦੇ ਬਾਵਜੂਦ ਇਕ ਘੰਟੇ ਦਾ ਸਮਾਂ ਬੀਤਣ ਤੋਂ ਬਾਅਦ ਵੀ ਉਨ੍ਹਾਂ ਦੀ ਮੁਲਾਕਾਤ ਮੁੱਖ ਮੰਤਰੀ ਭਗਵੰਤ ਮਾਨ ਨਾਲ ਨਹੀਂ ਹੋ ਸਕੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਸੀਂ ਸ਼ਾਂਤੀ ਨਾਲ ਬੈਠ ਕੇ ਮੁੱਖ ਮੰਤਰੀ ਨਾਲ ਮਿਲਣ ਦੀ ਉਡੀਕ ਕਰਾਂਗੇ ਪਰ ਕਾਂਗਰਸੀ ਆਪਣਾ ਸਬਰ ਖੋ ਬੈਠੇ ਤੇ ਪੁਲਿਸ ਪਾਰਟੀ ਨਾਲ ਉਨ੍ਹਾਂ ਦਾ ਵਿਵਾਦ ਹੋ ਗਿਆ।