Punjab News: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਸੂਬੇ ਦੇ ਮੁੱਦਿਆਂ 'ਤੇ ਬਹਿਸ ਕਰਨ ਲਈ ਦਿੱਤੇ ਗਏ ਖੁੱਲ੍ਹੇ ਸੱਦੇ ਤੋਂ ਬਾਅਦ ਕਿਹਾ ਕਿ ਸੀਐਮ ਮਾਨ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਪਾਰਦਰਸ਼ੀ, ਇਮਾਨਦਾਰ ਅਤੇ ਦਲੇਰ ਮੁੱਖ ਮੰਤਰੀ ਹਨ। ਇਹ ਖੁੱਲ੍ਹੀ ਬਹਿਸ ਦਾ ਸੱਦਾ ਇਸ ਦਾ ਇੱਕ ਹੋਰ ਸਬੂਤ ਹੈ।
ਮਾਲਵਿੰਦਰ ਕੰਗ ਨੇ ਕਿਹਾ ਕਿ ਬਹਿਸ ਅਤੇ ਚਰਚਾ ਲੋਕਤੰਤਰ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਮੁੱਖ ਮੰਤਰੀ ਵੱਲੋਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਬਹਿਸ ਕਰਨ ਲਈ ਆਉਣ ਦਾ ਸੱਦਾ ਬੇਮਿਸਾਲ ਹੈ। ਅਸੀਂ ਭਗਵੰਤ ਮਾਨ ਦੇ ਇਸ ਫੈਸਲੇ ਦਾ ਸੁਆਗਤ ਕਰਦੇ ਹਾਂ ਕਿਉਂਕਿ ਪੰਜਾਬ ਦੇ ਲੋਕ ਉਨ੍ਹਾਂ ਸਾਰੇ ਮੁੱਦਿਆਂ ਲਈ ਜ਼ਿੰਮੇਵਾਰ ਲੋਕਾਂ ਦੇ ਨਾਮ ਜਾਣਨ ਦੇ ਹੱਕਦਾਰ ਹਨ ਜਿਨ੍ਹਾਂ ਕਰਕੇ ਸੂਬੇ ਨੂੰ ਇਹ ਦਿਨ ਵੇਖਣਾ ਪੈ ਰਿਹ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਰਵਾਇਤੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਵੱਲੋਂ ਆਪਣੇ ਨਿੱਜੀ ਅਤੇ ਸਿਆਸੀ ਲਾਹੇ ਲਈ ਤੈਅ ਕੀਤੇ ਸਾਰੇ ਵਿੱਤੀ ਅਤੇ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਮੁੜ ਲੀਹ 'ਤੇ ਲਿਆਉਣ ਲਈ ਕੰਮ ਕਰ ਰਹੇ ਹਾਂ।
ਉਨ੍ਹਾਂ ਦੁਹਰਾਇਆ ਕਿ ਐਸਵਾਈਐਲ, ਚੰਡੀਗੜ੍ਹ, ਬੀਬੀਐਮਬੀ ਆਦਿ ਦੇ ਮੁੱਦੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੇ ‘ਤੋਹਫੇ’ ਹਨ। ਹੁਣ ਇਹ ਲੋਕ ਉਕਤ ਮੁੱਦਿਆਂ 'ਤੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕੰਗ ਨੇ ਅੱਗੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਐਸਵਾਈਐਲ ਲਈ ਜ਼ਮੀਨ ਐਕਵਾਇਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ, ਹਰਿਆਣਾ 'ਚ ਉਨ੍ਹਾਂ ਦੇ ਹਮਰੁਤਬਾ ਦੇਵੀ ਲਾਲ ਨੇ ਉਨ੍ਹਾਂ ਦੇ ਕਦਮ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਦੋਸਤੀ ਦੀ ਬਦੌਲਤ ਹੈ ਕਿ ਬਾਦਲ ਨੇ ਜ਼ਮੀਨ ਅਧਿਗ੍ਰਹਿਣ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ,ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਦਰਬਾਰਾ ਸਿੰਘ ਨੇ ਹਲਫਨਾਮਾ ਦਾਇਰ ਕੀਤਾ ਕਿ ਹਰਿਆਣਾ ਨੂੰ ਜਿੰਨਾ ਵੀ ਪਾਣੀ ਦੇਣਾ ਹੈ ਦੇ ਦਵੋ ਸਾਨੂੰ ਕੋਈ ਇਤਰਾਜ਼ ਨਹੀਂ ਹੈ।
ਫੇਰ ਕਾਂਗਰਸ ਦੇ ਮੁੱਖ ਮੰਤਰੀ ਅਤੇ ਹੁਣ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਪੂਰੀ ਪਟਿਆਲਾ ਤੋਂ ਐਸਵਾਈਐਲ ਦਾ ਉਦਘਾਟਨ ਕੀਤਾ। ਕੰਗ ਨੇ ਕਿਹਾ ਕਿ ਇਹ ਸਭ ਰਿਕਾਰਡ 'ਤੇ ਹੈ ਇਸ ਲਈ ਹਰ ਕੋਈ ਜਾਣਦਾ ਹੈ ਕਿ ਇਸ ਮੁੱਦੇ ਲਈ ਕੌਣ ਜ਼ਿੰਮੇਵਾਰ ਹੈ ਅਤੇ ਕਿਸ ਨੇ ਪੰਜਾਬ ਦੇ ਹੱਕਾਂ ਦੀ ਕੀਮਤ 'ਤੇ ਇਸ ਦਾ ਸਿਆਸੀ ਲਾਹਾ ਲਿਆ।
ਕੰਗ ਨੇ ਸਪੱਸ਼ਟ ਕੀਤਾ ਕਿ ਨਾ ਤਾਂ ਐਸਵਾਈਐਲ ਬਣੇਗੀ ਕਿਉਂਕਿ ਸਾਡੇ ਕੋਲ ਇਸ ਨੂੰ ਬਣਾਉਣ ਲਈ ਜ਼ਮੀਨ ਨਹੀਂ ਹੈ ਅਤੇ ਨਾ ਹੀ ਹਰਿਆਣਾ ਨੂੰ ਵਾਧੂ ਪਾਣੀ ਦੀ ਇੱਕ ਬੂੰਦ ਵੀ ਦਿੱਤੀ ਜਾਵੇਗੀ ਕਿਉਂਕਿ ਪੰਜਾਬ ਖੁਦ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਕਾਂਗਰਸੀ ਹੋਣ ਦੇ ਨਾਤੇ ਇਹ ਕਹਿੰਦੇ ਸਨ ਕਿ ਪ੍ਰਧਾਨ ਮੰਤਰੀ ਇਸ ਮੁੱਦੇ ਨੂੰ ਹੱਲ ਕਰ ਸਕਦੇ ਹਨ ਪਰ ਉਹ ਪੰਜਾਬ ਦੇ ਹਿੱਤਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਮੁੱਦਾ ਹੱਲ ਕਰਨ ਲਈ ਕਿਉਂ ਨਹੀਂ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਮੌਜੂਦਾ ਸਰਕਾਰ ਨੂੰ ਲੈ ਕੇ ਭਾਸ਼ਣ ਦੇਣ ਦਾ ਕੋਈ ਨੈਤਿਕ ਆਧਾਰ ਨਹੀਂ ਹੈ ਕਿਉਂਕਿ ਇਨ੍ਹਾਂ ਨੇ ਰਾਜ ਨੂੰ ਵਿੱਤੀ ਤੌਰ 'ਤੇ ਲੁੱਟਿਆ ਅਤੇ ਜਾਇਦਾਦਾਂ ਇਕੱਠੀਆਂ ਕਰਨ ਅਤੇ ਸਿਆਸੀ ਲਾਹਾ ਲੈਣ ਦੇ ਅਧਿਕਾਰ ਦੀ ਲੁੱਟ ਕੀਤੀ।
ਕੰਗ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਖੁੱਲ੍ਹੇ ਬਹਿਸ ਦੇ ਸੱਦੇ ਨੂੰ ਸਵੀਕਾਰ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਕੋਲ ਛੁਪਾਉਣ ਜਾਂ ਡਰਨ ਦੀ ਕੋਈ ਗੱਲ ਨਹੀਂ ਹੈ, ਸਾਡੀ ਸਰਕਾਰ ਡੇਢ ਸਾਲ ਪਹਿਲਾਂ ਬਣੀ ਸੀ, ਇਹ ਮੁੱਦੇ ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਸਾਡੇ ਤੱਕ ਪਹੁੰਚਾਏ ਹਨ। ਪਰ ਅਸੀਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ ਅਤੇ ਕਰਦੇ ਰਹਾਂਗੇ।