ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੱਡਾ ਤੋਹਫਾ
ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡਾਂ ਦੀ ਸਾਂਝੀ ਜ਼ਮੀਨ ਦੀ ਪੂਰਨ ਮਾਲਕੀ ਗ੍ਰਾਮ ਪੰਚਾਇਤਾਂ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡਾਂ ਦੀ ਸਾਂਝੀ ਜ਼ਮੀਨ ਦੀ ਪੂਰਨ ਮਾਲਕੀ ਗ੍ਰਾਮ ਪੰਚਾਇਤਾਂ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਫੈਸਲੇ ਉੱਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਮੋਹਰ ਲਾਈ ਗਈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਕੈਬਨਿਟ ਨੇ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸੋਧ ਨਾਲ ਹੁਣ ਸਾਂਝੀ ਪੇਂਡੂ ਜ਼ਮੀਨ ਦੀਆਂ ਮਾਲਕ ਸਿਰਫ਼ ਗ੍ਰਾਮ ਪੰਚਾਇਤਾਂ ਹੋਣਗੀਆਂ। ਇਸ ਸੋਧ ਤੋਂ ਬਾਅਦ ਪਿੰਡ ਦੇ ਸਾਂਝੇ ਮੰਤਵਾਂ ਲਈ ਰਾਖਵੀਂ ਰੱਖੀ ਜ਼ਮੀਨ ਦਾ ਪ੍ਰਬੰਧ ਤੇ ਕੰਟਰੋਲ ਗ੍ਰਾਮ ਪੰਚਾਇਤ ਦਾ ਹੋਵੇਗਾ।
ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲਾਉਣ ਲਈ ਰਿਆਇਤਾਂ ਨੂੰ ਹਰੀ ਝੰਡੀ
ਇਸ ਦੇ ਨਾਲ ਹੀ ਕੈਬਨਿਟ ਨੇ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲਾਉਣ ਵਾਸਤੇ ਰਿਆਇਤਾਂ ਦੇਣ ਲਈ ਹਰੀ ਝੰਡੀ ਦਿੱਤੀ ਹੈ। ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਈ ਮੀਟਿੰਗ ਵਿੱਚ ਵੱਖ-ਵੱਖ ਐਕਟਾਂ ਵਿੱਚ ਸੋਧ ਲਈ ਮਨਜ਼ੂਰੀ ਦਿੱਤੀ ਗਈ ਹੈ। ਸੂਬੇ ਵਿੱਚ ਪਰਾਲੀ ਫੂਕਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਤੇ ਢੁਕਵੇਂ ਨਿਬੇੜੇ ਲਈ ਕੈਬਨਿਟ ਨੇ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ।
ਇਸ ਤਹਿਤ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲਾਉਣ ਵਾਸਤੇ ਸਟੈਂਡਅਲੋਨ ਬਾਇਓ-ਇਥਾਨੌਲ ਇਕਾਈਆਂ ਲਈ ਬਾਇਓ ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਿੱਤੀਆਂ ਗਈਆਂ ਹਨ। ਇਸ ਸੋਧ ਮਗਰੋਂ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਨਾ ਲਾਉਣ ਵਾਲਿਆਂ ਨੂੰ 50 ਫੀਸਦੀ ਘੱਟ ਰਿਆਇਤਾਂ ਮਿਲਣਗੀਆਂ। ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਪਰਾਲੀ ਫੂਕਣ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ।
ਬਠਿੰਡਾ ਥਰਮਲ ਪਲਾਂਟ ਦੀ ਜਗ੍ਹਾ ’ਤੇ ਬਲਕ ਡਰੱਗ ਪਾਰਕ ਸਥਾਪਤ ਕਰਨ ਤੋਂ ਵੱਟਿਆ ਪਾਸਾ
ਪੰਜਾਬ ਸਰਕਾਰ ਨੇ ਬਠਿੰਡਾ ਵਿੱਚ ਥਰਮਲ ਪਲਾਂਟ ਦੀ ਜਗ੍ਹਾ ’ਤੇ ਬਲਕ ਡਰੱਗ ਪਾਰਕ ਸਥਾਪਤ ਕਰਨ ਦੇ ਫ਼ੈਸਲੇ 'ਤੇ ਯੂ-ਟਰਨ ਲੈ ਲਿਆ ਹੈ। ਸਰਕਾਰ ਨੇ ਹੁਣ ਫੈਸਲਾ ਕੀਤਾ ਹੈ ਕਿ ਇਸ ਜ਼ਮੀਨ ਦੀ ਵਰਤੋਂ ਮਕਾਨ ਉਸਾਰੀ, ਆਧੁਨਿਕ ਰਿਹਾਇਸ਼ੀ ਕੰਪਲੈਕਸ, ਹੋਟਲ, ਕਮਰਸ਼ਲ ਪ੍ਰਾਜੈਕਟ ਤੇ ਪਲਾਸਟਿਕ ਪਾਰਕ, ਸੋਲਰ ਊਰਜਾ ਤੇ ਹੋਰ ਨਾਗਰਿਕ ਸੇਵਾਵਾਂ ਵਾਲੇ ਪ੍ਰਾਜੈਕਟਾਂ ਲਈ ਕੀਤੀ ਜਾਵੇਗੀ। ਸਰਕਾਰ ਦੇ ਡਰੱਗ ਪਾਰਕ ਸਥਾਪਤ ਕਰਨ ਦੇ ਫ਼ੈਸਲੇ 'ਤੇ ਯੂ-ਟਰਨ ਬਾਰੇ ਅਜੇ ਕੁਝ ਸਪਸ਼ਟ ਨਹੀਂ ਹੋਇਆ।