ਬਿਜਲੀ ਦੇ ਬਿੱਲ ਨਾ ਭਰਨ ਵਾਲਿਆਂ ਦੀ ਸ਼ਾਮਤ ! CM ਭਗਵੰਤ ਮਾਨ ਵੱਲੋਂ ਬਕਾਇਆ ਬਿੱਲ 15 ਦਿਨਾਂ 'ਚ ਵਸੂਲਣ ਦੇ ਹੁਕਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਸਕੀਮ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਆਪਣੇ ਵਧੀਕ ਮੁੱਖ ਸਕੱਤਰ (ਏਸੀਐਸ) ਏ. ਵੇਨੁਪ੍ਰਸਾਦ ਨੂੰ ਸੌਂਪੀ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਸਕੀਮ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਆਪਣੇ ਵਧੀਕ ਮੁੱਖ ਸਕੱਤਰ (ਏਸੀਐਸ) ਏ. ਵੇਨੁਪ੍ਰਸਾਦ ਨੂੰ ਸੌਂਪੀ ਹੈ। ਵੇਨੂਪ੍ਰਸਾਦ ਇਸ ਸਮੇਂ ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਗਲੇ ਤਿੰਨ ਦਿਨਾਂ ਵਿੱਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਦੀ ਸੂਚੀ ਵੀ ਤਲਬ ਕਰ ਲਈ ਹੈ।
ਇਸ ਵਿੱਚ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਡਿਫਾਲਟਰਾਂ ਦੀ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਸਾਰੇ ਡਿਫਾਲਟਰਾਂ ਤੋਂ 15 ਦਿਨਾਂ ਦੇ ਅੰਦਰ-ਅੰਦਰ ਬਕਾਇਆ ਬਿੱਲਾਂ ਦੀ ਵਸੂਲੀ ਕਰਨ ਦੇ ਹੁਕਮ ਵੀ ਦਿੱਤੇ ਹਨ। ਇਸ ਦੇ ਆਧਾਰ 'ਤੇ ਏ. ਵੇਨੂਪ੍ਰਸਾਦ ਨੇ ਪਾਵਰਕੌਮ ਨੂੰ ਪੱਤਰ ਜਾਰੀ ਕਰਕੇ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਦੇ ਪੱਤਰ ਦੇ ਆਧਾਰ ’ਤੇ ਪਾਵਰਕੌਮ ਦੇ ਸੀਐਮਡੀ (ਇੰਜੀ.) ਬਲਦੇਵ ਸਿੰਘ ਸਰਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਹੈ। ਏਸੀਐਸ ਨੇ ਪੱਤਰ ਵਿੱਚ ਕਿਹਾ ਹੈ ਕਿ ਮੁੱਖ ਮੰਤਰੀ ਨੇ 1 ਜੁਲਾਈ 2022 ਤੋਂ ਪੰਜਾਬ ਦੇ ਸਾਰੇ ਘਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਦੋ ਕਿਲੋਵਾਟ ਤੱਕ ਦੇ ਲੋਡ ਵਾਲੇ ਸਾਰੇ ਘਰੇਲੂ ਖਪਤਕਾਰਾਂ ਨੂੰ ਵੀ 31 ਦਸੰਬਰ 2021 ਤੱਕ ਦੇ ਬਕਾਇਆ ਬਿੱਲਾਂ ਨੂੰ ਮੁਆਫ ਕਰਨ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਨੇ ਬਿਜਲੀ ਵਿਭਾਗ ਦੇ ਮੀਟਰ ਰੀਡਰਾਂ ਨੂੰ ਵੀ ਚੇਤਾਵਨੀ ਦਿੱਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਬਿਜਲੀ ਮੀਟਰਾਂ ਦੀ ਰੀਡਿੰਗ ਨਿਯਮਤ ਤੌਰ ’ਤੇ ਲਈ ਜਾਵੇ ਤੇ ਜੇਕਰ ਕਿਤੇ ਵੀ ਬਿਜਲੀ ਮੀਟਰ ਦੀ ਗਲਤ ਰੀਡਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਮੀਟਰ ਰੀਡਰ ਜ਼ਿੰਮੇਵਾਰ ਹੋਵੇਗਾ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਗਲਤ ਮੀਟਰ ਰੀਡਿੰਗ ਕਰਕੇ ਕਿਸੇ ਵੀ ਖਪਤਕਾਰ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ : ਲੁਧਿਆਣਾ 'ਚ ਝੌਂਪੜੀ ਨੂੰ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਸੱਤ ਮੈਂਬਰ ਜਿੰਦਾ ਸੜੇ