ਪੰਜਾਬ ਯੂਨੀਵਰਸਿਟੀ ਮਾਮਲਾ : ਸੀਐਮ ਮਾਨ ਨੇ ਹਰਿਆਣੇ ਨੂੰ ਹਿੱਸੇਦਾਰੀ ਦੇਣ ਤੋਂ ਕੀਤਾ ਸਾਫ਼ ਇਨਕਾਰ , 3 ਜੁਲਾਈ ਨੂੰ ਫ਼ਿਰ ਹੋਵੇਗੀ ਮੀਟਿੰਗ
Punjab News : ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਾ ਦੀ ਸ਼ਮੂਲੀਅਤ ਨੂੰ ਲੈ ਕੇ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਵੀ ਮਾਮਲਾ ਸਿਰੇ ਨਹੀਂ ਚੜ੍ਹ ਸਕਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣੇ ਨੂੰ ਹਿੱਸੇਦਾਰੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- '1970 'ਚ ਬੰਸੀਲਾਲ ਹਰਿਆਣਾ ਦੇ ਸੀ.ਐਮ. ਸਨ। ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਯੂਨੀਵਰਸਿਟੀ ਦਾ ਕੁਝ ਹਿੱਸਾ ਕੱਢ ਲਿਆ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਨਾਲ ਕਾਲਜ ਜੋੜ ਲਏ। ਇਸ ਵੇਲੇ ਪੰਜਾਬ ਯੂਨੀਵਰਸਿਟੀ ਨੂੰ 40 ਫੀਸਦੀ ਫੰਡ ਦੇ ਰਿਹਾ ਹੈ। ਹਿਮਾਚਲ ਨੇ ਵੀ ਆਪਣੀ ਮਰਜ਼ੀ ਨਾਲ ਹਿੱਸੇਦਾਰੀ ਛੱਡੀ। ਇਸ ਤੋਂ ਬਾਅਦ ਪੀਯੂ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਗੇਮ ਚੱਲੀ।
ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ 26 ਅਗਸਤ 2008 ਨੂੰ ਲਿਖੀ ਚਿੱਠੀ ਦਿਖਾਈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਪੀਯੂ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਸਬੰਧੀ ਕੋਈ ਇਤਰਾਜ਼ ਨਹੀਂ ਹੋਣ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਨੂੰ ਕੇਂਦਰੀ ਸੰਸਥਾ ਨਾ ਬਣਾਉਣ ਲਈ ਪੱਤਰ ਲਿਖਿਆ। ਫਿਰ 30 ਜੂਨ 2022 ਨੂੰ ਪੰਜਾਬ ਅਸੈਂਬਲੀ ਵਿੱਚ ਇੱਕ ਮਤਾ ਪਾਸ ਕਰਕੇ ਕਿਹਾ ਕਿ ਕੇਂਦਰ ਪੀਯੂ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਇਹ ਅੰਤਰਰਾਜੀ ਸੰਸਥਾ ਰਹੇਗੀ।
ਅਗਸਤ 2022 ਵਿੱਚ ਕਾਂਗਰਸ ਦੀ ਮਹਿਲ ਵਿਧਾਇਕ ਹਰਿਆਣਾ ਵਿਧਾਨ ਸਭਾ ਵਿੱਚ ਇੱਕ ਪ੍ਰਸਤਾਵ ਲੈ ਕੇ ਆਈ ਕਿ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਦੁਆਰਾ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ। ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮਾਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਾਡੇ ਵੱਲੋਂ ਕੋਰੀ ਨਾਂਹ ਹੈ। ਉਨ੍ਹਾਂ ਇਹ ਵੀ ਤੰਜ ਕੱਸਿਆ ਕਿ ਕੀ ਹਰਿਆਣਾ ਵਾਲੇ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਅਜਿਹਾ ਨਹੀਂ ਬਣਾ ਸਕੇ ਕਿ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਤੋਂ ਡਿਗਰੀਆਂ ਮੰਗ ਰਹੇ ਹਨ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਨੌਜਵਾਨਾਂ ਨੂੰ ਬਿਹਤਰ ਸਿੱਖਿਆ ਦੇਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਹਰਿਆਣਾ ਦੇ ਨੌਜਵਾਨਾਂ ਅਤੇ ਕਾਲਜਾਂ ਨੂੰ ਮਿਲੇ ਪੰਜਾਬ ਯੂਨੀਵਰਸਿਟੀ ਦਾ ਵਿਕਲਪ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੀ ਮਾਨਤਾ ਨਾਲ ਯੂਨੀਵਰਸਿਟੀ ਵਿੱਚ ਹਰਿਆਣਾ ਦੇ ਵਿਦਿਆਰਥੀ ਵੀ ਸਿੱਖਿਆ ਹਾਸਲ ਕਰ ਸਕਣਗੇ।