SYL Meeting: ਸੀਐਮ ਭਗਵੰਤ ਮਾਨ ਨੇ ਹਰਿਆਣਾ ਦੇ ਸੀਐਮ ਨੂੰ ਦਿੱਤਾ ਸਪਸ਼ਟ ਜਵਾਬ, ਜਦੋਂ ਦੇਣ ਲਈ ਪਾਣੀ ਹੀ ਨਹੀਂ ਤਾਂ ਨਹਿਰ ਕਿਉਂ ਬਣਾਈਏ
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਹੀ ਨਹੀਂ ਹੈ ਤਾਂ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ
ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਹੋਈ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਕਿਹਾ ਕਿ ਪਾਣੀ ਬਾਰੇ ਬਾਅਦ ਵਿੱਚ ਚਰਚਾ ਕਰ ਲਵਾਂਗੇ ਪਰ ਪੰਜਾਬ ਪਹਿਲਾਂ ਨਹਿਰ ਦਾ ਨਿਰਮਾਣ ਕਰੇ।
ਇਸ ਦਾ ਸਖਤ ਜਵਾਬ ਦਿੰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਹੀ ਨਹੀਂ ਹੈ ਤਾਂ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸੀਐਮ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਪਾਣੀ ਦੇ ਪ੍ਰਬੰਧ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਨੀ ਚਾਹੀਦੀ ਹੈ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ 1981 ਵਿੱਚ ਹੋਇਆ ਐਸਵਾਈਐਲ ਸਮਝੌਤਾ 42 ਸਾਲਾਂ ਬਾਅਦ ਲਾਗੂ ਨਹੀਂ ਹੋ ਸਕਦਾ ਕਿਉਂਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ। ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਕੋਲ 4.22 ਮਿਲੀਅਨ ਫੁੱਟ ਪਾਣੀ ਸੀ ਤੇ ਹੁਣ ਕੁੱਲ 12.24 ਮਿਲੀਅਨ ਏਕੜ ਫੁੱਟ ਬਚਿਆ ਹੈ। ਜਦੋਂਕਿ ਹਰਿਆਣਾ ਕੋਲ 14.10 ਮਿਲੀਅਨ ਫੁੱਟ ਪਾਣੀ ਹੈ। ਹਰਿਆਣਾ ਕੋਲ ਹੋਰ ਦਰਿਆਵਾਂ ਦਾ ਪਾਣੀ ਵੀ ਹੈ, ਜਿਸ ਦਾ ਕੋਈ ਹਿਸਾਬ-ਕਿਤਾਬ ਨਹੀਂ ਰੱਖਿਆ ਗਿਆ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਪਾਣੀ 600 ਫੁੱਟ ਹੇਠਾਂ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ ਤੇ ਬਿਆਸ ਦਰਿਆ ਨਹੀਂ ਸਗੋਂ ਨਦੀਆਂ ਬਣ ਗਈਆਂ ਹਨ। ਸਾਲ 1981 ਵਿੱਚ ਜਦੋਂ SYL ਸਮਝੌਤਾ ਹੋਇਆ ਸੀ ਤਾਂ ਪੰਜਾਬ ਕੋਲ 18.56 MF ਪਾਣੀ ਸੀ ਤੇ ਹੁਣ ਇਹ 12.636 ਹੈ। ਉਸ ਸਮੇਂ ਦੇ ਸਮਝੌਤੇ ਨੂੰ ਹੁਣ ਲਾਗੂ ਨਹੀਂ ਕੀਤਾ ਜਾ ਸਕਦਾ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।