ਚੰਡੀਗੜ੍ਹ: ਪੰਜਾਬ ਸਰਕਾਰ ਨੇ ਮਾਲੇਰਕੋਟਲਾ ਤੇ ਕਲਾਨੌਰ ਨੂੰ ਖਾਸ ਤੋਹਫਾ ਦਿੱਤਾ ਹੈ। ਮਾਲੇਰਕੋਟਲਾ ’ਚ ਮੈਡੀਕਲ ਕਾਲਜ ਤੇ ਕਲਾਨੌਰ ’ਚ ਖੇਤੀਬਾੜੀ ਕਾਲਜ ਬਣੇਗਾ। ਵੀਰਵਾਰ ਨੂੰ ਕੈਬਨਿਟ ਨੇ ਇਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਤੇ ਕਲਾਨੌਰ (ਗੁਰਦਾਸਪੁਰ) ਵਿੱਚ ਖੇਤੀਬਾੜੀ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। 


ਮੁੱਖ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਕੋਟ ਸ਼ੇਰਵਾਨੀ ਵਿਖੇ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਹ ਮੈਡੀਕਲ ਕਾਲਜ ਪੰਜਾਬ ਤੇ ਖਾਸ ਤੌਰ ’ਤੇ ਮਾਲਵਾ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਤੇ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਧੁਰੇ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਕਲਾਨੌਰ ਵਿਖੇ ਖੇਤੀਬਾੜੀ ਕਾਲਜ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਗਾਂਹਵਧੂ ਤੇ ਖੇਤੀਬਾੜੀ ਦੇ ਮਸ਼ੀਨੀਕਰਨ ਨੂੰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਵੇਗਾ।



ਇਸੇ ਤਰ੍ਹਾਂ ਕੈਬਨਿਟ ਨੇ ਸੂਬੇ ਵਿੱਚ ‘ਸਿੱਖਿਆ-ਤੇ-ਸਿਹਤ ਫੰਡ’ ਕਾਇਮ ਕਰਨ ਲਈ ਟਰੱਸਟ ਡੀਡ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਫੰਡ ਦਾ ਉਦੇਸ਼ ਸਿਹਤ ਤੇ ਸਿੱਖਿਆ ਖੇਤਰਾਂ ’ਚ ਪੂੰਜੀਗਤ ਅਸਾਸਿਆਂ ਦੀ ਸਿਰਜਣਾ ਜਾਂ ਅਪਗ੍ਰੇਡੇਸ਼ਨ ਲਈ ਕੀਤਾ ਜਾਵੇਗਾ।


ਇਸ ਟਰੱਸਟ ਦੇ ਚੇਅਰਪਰਸਨ ਮੁੱਖ ਮੰਤਰੀ ਹੋਣਗੇ, ਜਦਕਿ ਵਿੱਤ ਮੰਤਰੀ ਨੂੰ ਵਾਈਸ ਚੇਅਰਪਰਸਨ, ਮੁੱਖ ਸਕੱਤਰ ਨੂੰ ਮੈਂਬਰ ਸਕੱਤਰ ਤੇ ਸਿਹਤ, ਸਕੂਲ ਸਿੱਖਿਆ, ਮੈਡੀਕਲ ਸਿੱਖਿਆ, ਉੱਚ ਸਿੱਖਿਆ ਤੇ ਤਕਨੀਕੀ ਸਿੱਖਿਆ ਵਿਭਾਗਾਂ ਦੇ ਮੰਤਰੀਆਂ ਨੂੰ ਇਸ ਵਿੱਚ ਟਰੱਸਟੀ ਵਜੋਂ ਸ਼ਾਮਲ ਕੀਤਾ ਹੈ। 


ਪੰਜਾਬ ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਤਾਇਨਾਤ ਗੈਸਟ ਫੈਕਲਟੀ ਤੇ ਪਾਰਟ ਟਾਈਮ ਲੈਕਚਰਾਰਾਂ ਨੂੰ ਮੌਜੂਦਾ ਅਚਨਚੇਤ ਤੇ ਜਣੇਪਾ ਛੁੱਟੀ ਦੇ ਨਾਲ-ਨਾਲ ਕਮਾਈ ਛੁੱਟੀ, ਅੱਧੀ ਤਨਖਾਹ ਛੁੱਟੀ ਤੇ ਅਸਾਧਾਰਨ ਛੁੱਟੀ ਦੀ ਪ੍ਰਵਾਨਗੀ ਦੇ ਦਿੱਤੀ ਹੈ।