Chandigarh: ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ਵਾਸ਼ ਮਤ ਪੇਸ਼ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਗੀ ਪੇਸ਼ ਕੀਤਾ। ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਨੇ ਇਸ ਵਿਸ਼ਵਾਸ਼ ਮਤ ਦਾ ਸਮਰਥਨ ਕੀਤਾ। ਹੁਣ 3 ਅਕਤੂਬਰ ਨੂੰ ਵਿਸ਼ਵਾਸ਼ ਮਤ ਉੱਪਰ ਵੋਟਿੰਗ ਹੋਵੇਗਾ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਸਦਨ ਦੀ ਕਾਰਵਾਈ 29 ਸਤੰਬਰ ਦੁਪਹਿਰ 2 ਵਜੇ ਤੱਕ ਮੁਅਤਲ ਕਰ ਦਿੱਤੀ।
ਦੱਸ ਦੇਈਏ ਉਧਰ, ਵਿਰੋਧੀ ਧਿਰਾਂ ਭਰੋਸਗੀ ਮਤੇ ਦੀ ਜੰਮ ਦੇ ਮੁਖਾਲਫਤ ਕਰ ਰਹੀਆਂ ਹਨ। ਵਿਰੋਧੀ ਧਿਰਾਂ ਨੇ ‘ਆਪ’ ਦੀ ਇਸ ਪੇਸ਼ਕਦਮੀ ਨੂੰ ਪ੍ਰਾਪੇਗੰਡਾ ਤੇ ਡਰਾਮਾ ਕਰਾਰ ਦਿੰਦਿਆਂ ਸੂਬੇ ਦੇ ਲੋਕਾਂ ’ਤੇ ਬੋਝ ਕਰਾਰ ਦਿੱਤਾ ਹੈ। ਭਰੋਸਗੀ ਮਤੇ ਨਾਲ ਜਿੱਥੇ ਆਮ ਆਦਮੀ ਪਾਰਟੀ ਆਪਣੀ ਤਾਕਤ ਵਿਖਾਏਗੀ, ਉੱਥੇ ਹੀ ‘ਅਪਰੇਸ਼ਨ ਲੋਟਸ’ ਦੇ ਵਿਰੋਧ ਵਿੱਚ ਬੀਜੇਪੀ ਨੂੰ ਨਿਸ਼ਾਨਾ ਬਣਾਏਗੀ।
ਦਰਅਸਲ ਭਰੋਸਗੀ ਮਤੇ ਕਰਕੇ ਹੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪਿਛਲੇ ਦਿਨਾਂ ਦੌਰਾਨ ਸੂਬੇ ਦੇ ਰਾਜਪਾਲ ਤੇ ਸਰਕਾਰ ਦਰਮਿਆਨ ਖਿੱਚੋਤਾਣ ਵੀ ਚੱਲਦੀ ਹੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 22 ਸਤੰਬਰ ਨੂੰ ਹੋਣ ਵਾਲਾ ਇਜਲਾਸ ਇੱਕ ਦਿਨ ਪਹਿਲਾਂ ਹੀ 21 ਸਤੰਬਰ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਭਰੋਸਗੀ ਮਤੇ ਲਈ ਸੈਸ਼ਨ ਬੁਲਾਉਣਾ ਗਲਤ ਹੈ। ਉਸ ਤੋਂ ਬਾਅਦ ਸਰਕਾਰ ਨੇ 27 ਸਤੰਬਰ ਨੂੰ ਮੁੜ ਇਜਲਾਸ ਸੱਦਣ ਦਾ ਫੈਸਲਾ ਕੀਤਾ ਸੀ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ‘ਅਪਰੇਸ਼ਨ ਲੋਟਸ’ ਦੇ ਇਲਜ਼ਾਮ ਲਾਉਂਦਿਆਂ ਕਿਹਾ ਸੀ ਕਿ ਬੀਜੇਪੀ ਉਨ੍ਹਾਂ ਦੇ ਵਿਧਾਇਕਾਂ ਨੂੰ ਖਰਦੀਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਗੀ ਮਤਾ ਲਿਆਉਣ ਲਈ ਵਿਸ਼ੇਸ਼ ਸੈਸ਼ਨ ਬੁਲਾ ਲਿਆ ਸੀ। ਵਿਰੋਧੀ ਪਾਰਟੀਆਂ ਦੇ ਕਹਿਣ ਉੱਪਰ ਰਾਜਪਾਲ ਨੇ ਵਿਸ਼ੇਸ਼ ਸੈਸ਼ਨ ਲਈ ਆਗਿਆ ਨਹੀਂ ਦਿੱਤੀ ਸੀ।
ਵਿਰੋਧੀ ਪਾਰਟੀਆਂ ਵੱਲੋਂ ਡਰਾਮਾ ਕਰਾਰ
ਵਿਰੋਧੀ ਪਾਰਟੀਆਂ ਨੇ ‘ਆਪ’ ਆਗੂਆਂ ਦੇ ਦਾਅਵਿਆਂ ਨੂੰ ਡਰਾਮਾ ਕਰਾਰ ਦਿੱਤਾ ਹੈ। ਭਾਜਪਾ ਨੇ ਤਾਂ ਸੂਬੇ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਇਸ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਸੀ ਤੇ ਅਕਾਲੀ ਦਲ ਨੇ ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਤੇ ਈਡੀ ਹਵਾਲੇ ਕਰਨ ਦੀ ਮੰਗ ਕੀਤੀ ਸੀ। ਲਿਹਾਜ਼ਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ ਗਰਮਾ ਗਰਮ ਰਹਿਣ ਦੇ ਆਸਾਰ ਹਨ ਤੇ ਇਸ ਮੁੱਦੇ ’ਤੇ ਸਰਕਾਰ ਤੇ ਵਿਰੋਧੀ ਧਿਰ ਵਿੱਚ ਟਕਰਾਅ ਹੋ ਸਕਦਾ ਹੈ।