Punjab News : ਪੰਜਾਬ ਕੈਬਨਿਟ ਮੀਟਿੰਗ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਸੀਐਮ ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰ ਦਿੱਤਾ ਹੈ। ਇਸ ਦੇ ਇਲਾਵਾ ਸਰਕਾਰੀ ਮੁਲਾਜ਼ਮਾਂ ਦੇ  ਮਹਿੰਗਾਈ ਭੱਤੇ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ।






ਜਾਣਕਾਰੀ ਅਨੁਸਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਤੋਂ ਲਾਗੂ ਕਰਨ ਦੇ ਫੈਸਲੇ ਉਤੇ ਮੋਹਰ ਲਗਾ ਦਿੱਤੀ ਹੈ। ਅੱਜ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਦੀਵਾਲੀ ਤੋਹਫਾ ਦਿੰਦੇ ਹੋਏ ਮਹਿੰਗਾਈ ਭੱਤੇ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਕੈਬਨਿਟ ਮੀਟਿੰਗ 'ਚ ਕਈ ਫੈਸਲੇ ਲਏ ਹਨ। ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ, ਨੌਕਰੀਆਂ 'ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ 'ਚ ਬਦਲਾਅ ਨੂੰ ਮਨਜ਼ੂਰੀ, ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।



 

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ , ਅੱਜ ਪੰਜਾਬ ਕੈਬਨਿਟ ਮੀਟਿੰਗ 'ਚ ਆਪਣੇ ਮੁਲਾਜ਼ਮਾਂ ਲਈ ਇੱਕ ਇਤਿਹਾਸਿਕ ਫੈਸਲਾ ਲਿਆ ਹੈ...ਤੁਹਾਡੀ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਜਾ ਰਹੀ ਹੈ...ਕੈਬਨਿਟ 'ਚ ਇਸ ਫੈਸਲੇ ਨੂੰ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ। ਅਸੀ ਆਪਣੇ ਮੁਲਾਜ਼ਮਾਂ ਨਾਲ ਖੜ੍ਹੇ ਹਾਂ...ਵਾਅਦਾ ਕੀਤਾ ਸੀ..ਪੂਰਾ ਕਰ ਦਿੱਤਾ...ਜੋ ਕਹਿੰਦੇ ਹਾਂ, ਉਹ ਕਰਦੇ ਹਾਂ। 



 


 


ਪੰਜਾਬ ਸਰਕਾਰ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਫੈਸਲਾ ਹੈ ਕਿਉਂਕਿ ਪੰਜਾਬ ਦਾ ਹਰ ਵਰਗ ਕਾਫੀ ਸਮੇਂ ਤੋਂ ਮਾੜੀਆਂ ਸਰਕਾਰਾਂ ਕਾਰਨ ਕਾਲੀ ਦੀਵਾਲੀ ਮਨਾ ਰਿਹਾ ਸੀ। ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਸਾਰੇ ਮੁਲਾਜ਼ਮ 6 ਫੀਸਦੀ ਡੀਏ ਦੀ ਮੰਗ ਕਰ ਰਹੇ ਸਨ, ਜਿਸ 'ਤੇ 200 ਕਰੋੜ ਰੁਪਏ ਹੋਰ ਖਰਚ ਹੋਣਗੇ। ਕਰਮਚਾਰੀ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੀ ਉਡੀਕ ਕਰ ਰਹੇ ਸਨ ਅਤੇ ਹੁਣ ਪੁਰਾਣੀ ਪੈਨਸ਼ਨ ਸਕੀਮ ਅੱਜ ਤੋਂ ਲਾਗੂ ਹੋਣ ਜਾ ਰਹੀ ਹੈ।