Punjab: ਮਹਿਲਾ ਪ੍ਰੋਫੈਸਰ ਦੀ ਖੁਦਕੁਸ਼ੀ 'ਤੇ ਕਸੂਤੀ ਘਿਰੀ ਭਗਵੰਤ ਮਾਨ ਸਰਕਾਰ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖਤ ਹਦਾਇਤ
CM Bhagwant Mann: ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਕਿਹਾ ਕਿ ਸਰਕਾਰ ਲਈ ਇਸ ਤੋਂ ਵੱਧ ਸ਼ਰਮਨਾਕ ਕੁਝ ਨਹੀਂ ਹੋ ਸਕਦਾ ਕਿ ਉਸ ਦੇ ਨਾਗਰਿਕਾਂ ਨੂੰ ਆਪਣੇ ਹੱਕ ਨਾ ਮਿਲਣ ਤੋਂ ਦੁਖੀ ਹੋ ਕੇ ਆਤਮ-ਹੱਤਿਆ ਕਰਨ ਲਈ ਮਜਬੂਰ ਹੋਣਾ ਪੈ ਜਾਵੇ।
Amritsar News: ਰੂਪਨਗਰ ਵਿੱਚ ਮਹਿਲਾ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਗਰਮਾ ਗਿਆ ਹੈ। ਹੁਣ ਇਸ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ੁਦਕੁਸ਼ੀ ਨੋਟ ਵਿੱਚ ਲਾਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਉਸ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮਾਮਲੇ ਵਿੱਚ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਹਮਾਇਤ ਕੀਤੀ ਹੈ।
ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਕਿਹਾ ਕਿ ਸਰਕਾਰ ਲਈ ਇਸ ਤੋਂ ਵੱਧ ਸ਼ਰਮਨਾਕ ਕੁਝ ਨਹੀਂ ਹੋ ਸਕਦਾ ਕਿ ਉਸ ਦੇ ਨਾਗਰਿਕਾਂ ਨੂੰ ਆਪਣੇ ਹੱਕ ਨਾ ਮਿਲਣ ਤੋਂ ਦੁਖੀ ਹੋ ਕੇ ਆਤਮ-ਹੱਤਿਆ ਕਰਨ ਲਈ ਮਜਬੂਰ ਹੋਣਾ ਪੈ ਜਾਵੇ। ਉਨ੍ਹਾਂ ਕਿਹਾ ਕਿ ਬਲਵਿੰਦਰ ਕੌਰ ਨੂੰ ਇਨਸਾਫ਼ ਨਾ ਮਿਲਣ ਤੇ ਸਰਕਾਰ ਦੇ ਰਵੱਈਏ ਤੋਂ ਦੁਖੀ ਹੋ ਕੇ ਆਤਮ-ਹੱਤਿਆ ਕਰਨਾ ਬੇਹੱਦ ਦੁਖਦਾਈ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਆਪਣੇ ਹੱਕਾਂ ਲਈ ਜ਼ੁਲਮ ਦੇ ਖ਼ਿਲਾਫ਼ ਲੜਨਾ ਸਿਖਾਇਆ ਹੈ ਤੇ ਬੇਇਨਸਾਫ਼ੀ ਖ਼ਿਲਾਫ਼ ਸਾਰੇ ਸਮਾਜ ਨੂੰ ਇੱਕ-ਦੂਜੇ ਦਾ ਸਾਥ ਦੇਣਾ ਚਾਹੀਦਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਅੱਜ ਵੱਡੀ ਗਿਣਤੀ ਨੌਜਵਾਨ ਪਰਵਾਸ ਕਰਕੇ ਵਿਦੇਸ਼ ਜਾ ਰਹੇ ਹਨ ਤੇ ਅਜਿਹੀਆ ਘਟਨਾਵਾਂ ਨੌਜਵਾਨਾਂ ਨੂੰ ਹੋਰ ਵੀ ਨਿਰਉਤਸ਼ਾਹਿਤ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਪਰਵਾਸ ਲਈ ਮਜਬੂਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
ਦੱਸ ਦਈਏ ਕਿ ਰੂਪਨਗਰ ਦੀ ਵਸਨੀਕ 35 ਸਾਲਾ ਮਹਿਲਾ ਬਲਵਿੰਦਰ ਕੌਰ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਗੰਭੀਰਪੁਰ ਪਿੰਡ ਵਿੱਚ ਸਥਿਤ ਰਿਹਾਇਸ਼ ਨੇੜੇ ਦੋ ਮਹੀਨੇ ਤੋਂ ਧਰਨਾ ਦੇ ਰਹੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਜਥੇਬੰਦੀ ਦੇ 483 ਮੈਂਬਰਾਂ ਵਿੱਚ ਸ਼ਾਮਲ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।