ਸੀਐਮ ਭਗਵੰਤ ਮਾਨ ਵੱਲੋਂ ਝੋਨੇ ਦੀ ਕਾਸ਼ਤ ਲਈ ਨਵਾਂ ਫ਼ਾਰਮੂਲਾ ਪੇਸ਼, ਕਿਸਾਨ ਸਹਿਮਤ ਹੋਣ ਤਾਂ ਨਹੀਂ ਆਵੇਗੀ ਬਿਜਲੀ ਸਪਲਾਈ ਤੇ ਲੇਬਰ ਦੀ ਕੋਈ ਦਿੱਕਤ
ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਅਗਲੇ ਸੀਜ਼ਨ ਲਈ ‘ਆਪ’ ਸਰਕਾਰ ਦਾ ਨਵਾਂ ਖੇਤੀ ਫ਼ਾਰਮੂਲਾ ਪੇਸ਼ ਕੀਤਾ। ਸਰਕਾਰ ਨੇ ਕਿਸਾਨ ਲੀਡਰਾਂ ਅੱਗੇ ਪਾਣੀ ਦੀ ਬੱਚਤ ਤੇ ਖੇਤੀ ਵਿਭਿੰਨਤਾ ਨੂੰ ਲੈ ਕੇ ਆਪਣੀ ਤਜਵੀਜ਼ ਰੱਖੀ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੰਬਦੀਆਂ ਸਾਹਮਣੇ ਝੋਨੇ ਦੇ ਅਗਲੇ ਸੀਜ਼ਨ ਲਈ ਨਵਾਂ ਖੇਤੀ ਫ਼ਾਰਮੂਲਾ ਪੇਸ਼ ਕੀਤਾ ਹੈ। ਕਿਸਾਨ ਇਸ ਬਾਰੇ ਵਿਚਾਰ ਚਰਚਾ ਕਰਨਗੇ ਜਿਸ ਮਗਰੋਂ ਅਗਲਾ ਫੈਸਲਾ ਲੈਣਗੇ। ਮੁੱਖ ਮੰਤਰੀ ਵੱਲੋਂ ਝੋਨੇ ਦੇ ਅਗਲੇ ਸੀਜ਼ਨ ਤੇ ਖੇਤੀ ਵਿਭਿੰਨਤਾ ਦੇ ਮੁੱਦੇ ’ਤੇ ਆਪਣੀ ਰਣਨੀਤੀ ਕਿਸਾਨਾਂ ਨਾਲ ਸਾਂਝੀ ਕੀਤੀ ਹੈ। ਅਹਿਮ ਗੱਲ ਹੈ ਕਿ ਪੰਜਾਬ ਸਰਕਾਰ ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਦੋਵੇਂ ਧਿਰਾਂ ਦੇ ਇੱਕ-ਦੂਜੇ ਪ੍ਰਤੀ ਸਹਿਮਤੀ ਵਾਲੇ ਸੁਰ ਨਜ਼ਰ ਆਏ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਅਗਲੇ ਸੀਜ਼ਨ ਲਈ ‘ਆਪ’ ਸਰਕਾਰ ਦਾ ਨਵਾਂ ਖੇਤੀ ਫ਼ਾਰਮੂਲਾ ਪੇਸ਼ ਕੀਤਾ। ਸਰਕਾਰ ਨੇ ਕਿਸਾਨ ਲੀਡਰਾਂ ਅੱਗੇ ਪਾਣੀ ਦੀ ਬੱਚਤ ਤੇ ਖੇਤੀ ਵਿਭਿੰਨਤਾ ਨੂੰ ਲੈ ਕੇ ਆਪਣੀ ਤਜਵੀਜ਼ ਰੱਖੀ। ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 20 ਮਈ ਤੋਂ 31 ਮਈ ਤੱਕ ਬਿਜਲੀ ਦੀ ਚਾਰ ਘੰਟੇ ਸਪਲਾਈ ਦੇਣ ਦੀ ਗੱਲ ਆਖੀ। ਕੱਦੂ ਵਾਲੇ ਝੋਨੇ ਲਈ 20 ਜੂਨ ਤੋਂ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ।
ਇਸ ਦੌਰਾਨ ਕਿਸਾਨਾਂ ਨੇ ਝੋਨੇ ਦੀ ਲਵਾਈ 10 ਜੂਨ ਤੋਂ ਕਰਨ ਦਾ ਮੁੱਦਾ ਰੱਖਿਆ ਹੈ। ਨਵੇਂ ਫ਼ਾਰਮੂਲੇ ਤਹਿਤ ਕੱਦੂ ਵਾਲੇ ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਲਵਾਈ ਕਰਨ ਦੀ ਯੋਜਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਇੱਕੋ ਵੇਲੇ ਝੋਨੇ ਦੀ ਲਵਾਈ ਸ਼ੁਰੂ ਕਰਨ ਦੀ ਥਾਂ ਅਲੱਗ-ਅਲੱਗ ਜ਼ੋਨ ਵਿੱਚ ਵੱਖੋ-ਵੱਖਰੀ ਤਰੀਕ ਤੋਂ ਝੋਨੇ ਦੀ ਲਵਾਈ ਸ਼ੁਰੂ ਕੀਤੇ ਜਾਣ ਨਾਲ ਜਿੱਥੇ ਬਿਜਲੀ ਸਪਲਾਈ ਵਿੱਚ ਕੋਈ ਦਿੱਕਤ ਨਹੀਂ ਆਵੇਗੀ, ਉੱਥੇ ਲੇਬਰ ਤੇ ਖ਼ਰੀਦ ਸਮੇਂ ਵੀ ਦਿੱਕਤਾਂ ਵਿਚ ਕਟੌਤੀ ਹੋਵੇਗੀ।
ਇਸ ਦੌਰਾਨ ਨਾਬਾਰਡ ਦੀ ਖੇਤ ਖ਼ਾਲੀ ਰੱਖਣ ਵਾਲੀ ਸਕੀਮ ਨੂੰ ਪਾਇਲਟ ਪ੍ਰੋਜੈਕਟ ਵਜੋਂ ਲਾਗੂ ਕਰਨ ਦੀ ਤਜਵੀਜ਼ ਰੱਖੀ ਗਈ। ਜਿੱਥੇ ਪਿਛਲੀ ਸਾਉਣੀ ਵਿੱਚ ਝੋਨਾ ਨਹੀਂ ਲੱਗਿਆ, ਉਨ੍ਹਾਂ ਖੇਤਾਂ ਨੂੰ 15 ਜੂਨ ਤੋਂ 15 ਅਗਸਤ ਤੱਕ ਖ਼ਾਲੀ ਰੱਖਣ ਦੀ ਸੂਰਤ ਵਿੱਚ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੇ ਜਾਣ ਦੀ ਸਕੀਮ ਹੈ। ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਪੂਸਾ 44 ਦੀ ਬਿਜਾਈ ਨਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਝੋਨੇ ਦੀ ਪੀਆਰ 126 ਤੇ ਪੀਆਰ 121 ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਪੰਜਾਬ ਦੇ ਪਾਣੀ, ਵਾਤਾਵਰਨ ਅਤੇ ਕਿਸਾਨੀ ਨੂੰ ਬਚਾਉਣ ਲਈ ਖੇਤੀ ਵਿਭਿੰਨਤਾ ਲਈ ਕਿਸਾਨ ਆਗੂਆਂ ਤੋਂ ਸਹਿਯੋਗ ਮੰਗਿਆ। ਸੰਯੁਕਤ ਕਿਸਾਨ ਮੋਰਚਾ ਨੇ ‘ਆਪ’ ਸਰਕਾਰ ਨੂੰ ਆਪਣਾ ਮੰਗ ਪੱਤਰ ਦਿੱਤਾ ਜਦੋਂ ਕਿ ਸਰਕਾਰ ਨੇ ਆਪਣੀ ਤਜਵੀਜ਼ ਆਗੂਆਂ ਨੂੰ ਸੌਂਪੀ। ਮੁੱਖ ਮੰਤਰੀ ਨੇ ਇੱਕ ਹਫ਼ਤੇ ਮਗਰੋਂ ਕਿਸਾਨ ਆਗੂਆਂ ਨਾਲ ਮੁੜ ਮੀਟਿੰਗ ਕਰਨ ਦੀ ਗੱਲ ਆਖੀ ਹੈ।