ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਦੇ ਪੰਜਾਬ ਭਵਨ 'ਚ ਕਰਵਾਏ ਗਏ ਜਨਤਾ ਦਰਬਾਰ 'ਚ ਹਿੱਸਾ ਲੈਣ ਲਈ ਸੋਮਵਾਰ ਨੂੰ ਸੂਬੇ ਭਰ ਤੋਂ ਸੈਂਕੜੇ ਲੋਕ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪਹੁੰਚੇ। ਸਰਕਾਰੀ ਅਧਿਕਾਰੀਆਂ ਨੂੰ ਸ਼ਾਇਦ ਇਹ ਅੰਦਾਜ਼ਾ ਨਹੀਂ ਸੀ ਕਿ ਇੰਨੇ ਲੋਕ ਸ਼ਿਕਾਇਤਾਂ ਲੈ ਕੇ ਆਉਣਗੇ, ਇਸ ਲਈ ਪ੍ਰਬੰਧਾਂ ਘਾਟ ਸਾਫ ਦਿਖਾਈ ਦਿੱਤੀ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਲੋਕਾਂ ਨੂੰ ਸੱਦਾ ਦਿੱਤਾ ਸੀ, ਜਿਨ੍ਹਾਂ ਨੇ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰਾ ਲਈ ਪਿਛਲੇ ਦੋ ਮਹੀਨਿਆਂ ਤੋਂ ਮੁੱਖ ਮੰਤਰੀ ਦਫ਼ਤਰ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਸਨ। ਮੁੱਖ ਮੰਤਰੀ ਮਾਨ ਵੱਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾਇਆ ਗਿਆ ਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਬਾਰੇ ਪੁੱਛਗਿੱਛ ਕੀਤੀ ਗਈ। ਇਨ੍ਹਾਂ ਸ਼ਿਕਾਇਤਾਂ ਦੀ ਸਥਿਤੀ ਲਈ ਅਧਿਕਾਰੀਆਂ ਨੂੰ ਜਵਾਬਦੇਹ ਠਹਿਰਾਇਆ ਗਿਆ ਸੀ।

ਅੱਜ ਸਵੇਰ ਤੋਂ ਹੀ ਦੂਰ-ਦੁਰਾਡੇ ਤੋਂ ਲੋਕ ਮੀਟਿੰਗ ਵਾਲੀ ਥਾਂ ਪੰਜਾਬ ਭਵਨ ਪਹੁੰਚਣੇ ਸ਼ੁਰੂ ਹੋ ਗਏ। ਸਰਕਾਰ ਨੇ ਜਨਤਾ ਦਰਬਾਰ ਸ਼ੁਰੂ ਕਰਨ ਲਈ ਸ਼ਿਕਾਇਤਕਰਤਾਵਾਂ ਨੂੰ ਸਵੇਰੇ 11 ਵਜੇ ਦਾ ਸਮਾਂ ਦਿੱਤਾ ਸੀ। ਲੋਕ ਮੁੱਖ ਮੰਤਰੀ ਤੋਂ ਨਿੱਜੀ ਸੁਣਵਾਈ ਲਈ ਅੰਦਰ ਬੈਠ ਗਏ।  ਜ਼ਿਆਦਾਤਰ ਲੋਕਾਂ ਵੱਲੋਂ ਪਿੰਡਾਂ ਦੀਆਂ ਸਾਂਝੀਆਂ ਜ਼ਮੀਨਾਂ ’ਤੇ ਕੀਤੇ ਗਏ ਕਬਜ਼ਿਆਂ, ਨਸ਼ੇ ਦੇ ਮਾਮਲੇ, ਬਿਜਲੀ ਮਹਿਕਮੇ ਸਬੰਧੀ ਸ਼ਿਕਾਇਤਾਂ ਤੇ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਵੱਖ-ਵੱਖ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਵਿਅਕਤੀਆਂ ਦੀਆਂ ਸ਼ਿਕਾਇਤਾਂ ਸੀ। ਹਾਲਾਂਕਿ ਦੇਰ ਨਾਲ ਆਉਣ ਵਾਲਿਆਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ।

ਕੁਝ ਲੋਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਸਮਾਗਮ ਦੇ ਪ੍ਰਬੰਧਕਾਂ ਨੇ ਹਾਲਾਂਕਿ ਕਿਹਾ ਕਿ ਸਮੇਂ ਦੀ ਕਮੀ ਕਾਰਨ ਅੱਜ ਇੰਨੀਆਂ ਸ਼ਿਕਾਇਤਾਂ ਸੁਣੀਆਂ ਜਾਣ ਦੀ ਹੀ ਸੀਮਾ ਸੀ। ਇਨ੍ਹਾਂ ਵਿਅਕਤੀਆਂ ਨੂੰ ਆਪਣੀਆਂ ਸ਼ਿਕਾਇਤਾਂ ਲਿਖਤੀ ਰੂਪ ਵਿੱਚ ਭੇਜਣ ਲਈ ਕਿਹਾ ਹੈ।"