ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਰੋਕਣ ਦਾ ਪਲਾਨ ਦੱਸਿਆ ਹੈ। ਇਸ ਲਈ ਮੁੱਖ ਮੰਤਰੀ ਮਾਨ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕਰਨਗੇ। ਇਹ ਨੰਬਰ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਬਰਸੀ ਮੌਕੇ ਜਾਰੀ ਕੀਤਾ ਜਾਵੇਗਾ।

ਮਾਨ ਨੇ ਕਿਹਾ ਕਿ ਇਹ ਮੇਰਾ ਵਟਸਐਪ ਨੰਬਰ ਹੋਵੇਗਾ। ਇਸ ਤੋਂ ਬਾਅਦ ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋ, ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਮੈਨੂੰ ਭੇਜ ਦਿਓ। ਮੇਰਾ ਦਫਤਰ ਇਸ ਦੀ ਡੂੰਘਾਈ ਨਾਲ ਜਾਂਚ ਕਰੇਗਾ ਤੇ ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।




ਦਿੱਲੀ ਦੀ ਉਦਾਹਰਨ ਦਿੰਦਿਆਂ ਸੀਐਮ ਭਗਵੰਤ ਮਾਨ  ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ 49 ਦਿਨਾਂ ਦੀ ਸਰਕਾਰ ਵਿੱਚ ਵੀ ਅਜਿਹਾ ਹੀ ਨੰਬਰ ਜਾਰੀ ਕੀਤਾ ਗਿਆ ਸੀ ਜਿਸ ਤੋਂ ਬਾਅਦ ਭ੍ਰਿਸ਼ਟਾਚਾਰ ਇਸ ਤਰ੍ਹਾਂ ਖਤਮ ਹੋਇਆ ਕਿ ਉਦੋਂ ਤੋਂ ਸਿਰਫ ਕੇਜਰੀਵਾਲ ਹੀ ਸੱਤਾ 'ਚ ਆ ਰਹੇ ਹਨ। ਪੰਜਾਬ ਵਿੱਚ ਵੀ ਭ੍ਰਿਸ਼ਟਾਚਾਰ ਨੂੰ ਇਸੇ ਤਰ੍ਹਾਂ ਨੱਥ ਪਾਈ ਜਾਵੇਗੀ।


ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਤੇ ਹੁਣ ਸੂਬੇ ਨੂੰ ਸੰਵਾਰਨ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ (ਆਪ) ਦੀ ਹੈ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹਰ ਪਾਸੇ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ, ਜਿਸ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ। ਸਮਾਜ ਵਿੱਚ ਪੱਸਰੇ ਭ੍ਰਿਸ਼ਟਾਚਾਰ ਦਾ ਖਾਤਮਾ ਜ਼ਰੂਰੀ ਹੈ। ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ। 


ਉਨ੍ਹਾਂ ਕਿਹਾ ਕਿ ਸੂਬੇ ਵਿੱਚ 99 ਫ਼ੀਸਦ ਅਧਿਕਾਰੀ ਇਮਾਨਦਾਰ ਹਨ ਜਦਕਿ ਇਕ ਫ਼ੀਸਦ ਅਧਿਕਾਰੀ ਹੀ ਬੇਈਮਾਨ ਹਨ। ਇਕ ਫ਼ੀਸਦ ਭ੍ਰਿਸ਼ਟ ਅਧਿਕਾਰੀਆਂ ਕਰਕੇ 99 ਫ਼ੀਸਦ ਇਮਾਨਦਾਰ ਅਧਿਕਾਰੀਆਂ ਨੂੰ ਬਦਨਾਮ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ, ‘ਮੈਂ ਇਮਾਨਦਾਰ ਅਧਿਕਾਰੀਆਂ ਦੇ ਨਾਲ ਖੜ੍ਹਾ ਹਾਂ।’


ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ, ਦਿੱਲੀ ਗੁਰਦੁਆਰਾ ਕਮੇਟੀ ਦੀ ਕਮਾਨ ਖੁੱਸੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490