Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੱਜ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਜੱਦੀ ਪਿੰਡ ਸ਼ਾਹਪੁਰ ਅਮਰਗੜ੍ਹ ਪੁੱਜੇ ਹਨ। ਜਿੱਥੇ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਲੁਟੇਰਿਆਂ ਵੱਲੋਂ ਬੀਤੇ ਦਿਨੀਂ ਗੋਲ਼ੀਆਂ ਮਾਰ ਕੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। 

 

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਸ਼ਹੀਦ ਦੇ ਨਾਂ 'ਤੇ ਪਿੰਡ 'ਚ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਾਹਪੁਰ ਅਮਰਗੜ੍ਹ ਤੋਂ ਵਡਾਲਾ ਬਾਂਗਰ ਤਕ ਸੜਕ ਦਾ ਨਾਂ ਸ਼ਹੀਦ ਕੁਲਦੀਪ ਸਿੰਘ ਮਾਰਗ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਹੀ ਸ਼ਹੀਦ ਦੇ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। 

 


 

ਦੱਸ ਦੇਈਏ ਕਿ ਬੀਤੇ ਦਿਨੀਂ ਫਗਵਾੜਾ ਦੇ ਰਾਸ਼ਟਰੀ ਰਾਜ ਮਾਰਗ ’ਤੇ ਪਿਸਤੌਲ ਦੀ ਨੋਕ ’ਤੇ ਇਕ ਵਿਅਕਤੀ ਤੋਂ ਕ੍ਰੇਟਾ ਗੱਡੀ ਖੋਹ ਕੇ ਫਰਾਰ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਦੋਂ ਜ਼ਿਲ੍ਹਾ ਪੁਲਿਸ ਦੀਆਂ ਟੀਮਾਂ ਨੇ ਘੇਰਾਬੰਦੀ ਕੀਤੀ ਤਾਂ ਕਾਰ ’ਚ ਸਵਾਰ ਮੁਲਜ਼ਮਾਂ ਨੇ ਫਾਇਰਿੰਗ ਕਰਕੇ ਇਕ ਪੁਲਿਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸ਼ਹੀਦ ਕਰ ਦਿੱਤਾ ਸੀ। ਇਸ ਦੌਰਾਨ ਪੁਲਿਸ ਦੇ ਨਾਲ ਹੋਏ ਮੁਕਾਬਲੇ ਦੌਰਾਨ 3 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰਿਫ਼ਤਾਰ ਤਿੰਨੇ ਮੁਲਜ਼ਮ ਫਾਇਰਿੰਗ ’ਚ ਜ਼ਖ਼ਮੀ ਹੋ ਗਏ ਸਨ। ਉੱਥੇ ਹੀ ਚੌਥਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।

 


 

ਇਸ ਦੌਰਾਨ ਪੁਲਿਸ ਟੀਮਾਂ ਨੇ ਕਾਰ ’ਚ ਬੈਠੇ 3 ਮੁਲਜ਼ਮਾਂ ਰਣਜੀਤ ਸਿੰਘ ਉਰਫ਼ ਜੀਤਾ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਬਾਹਮਣੀਆਂ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ, ਵਿਸ਼ਾਲ ਸੋਨੀ ਪੁੱਤਰ ਅਰਜੁਨ ਦੇਵ ਵਾਸੀ ਪਿੰਡ ਮੰਡੇਰਾ ਕਲਾਂ ਥਾਣਾ ਸਦਰ ਖੰਨਾ ਅਤੇ ਕੁਲਵਿੰਦਰ ਉਰਫ਼ ਪਿੰਦਾ ਪੁੱਤਰ ਮਹਿੰਦਰ ਸਿੰਘ ਵਾਸੀ ਹਰੀਪੁਰ ਥਾਣਾ ਆਦਮਪੁਰ ਜ਼ਿਲ੍ਹਾ ਜਲੰਧਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲਿਸ ਦੀ ਇਸ ਕਾਰਵਾਈ ਦੌਰਾਨ ਚੌਥਾ ਮੁਲਜ਼ਮ ਯੁਵਰਾਜ ਉਰਫ਼ ਯੋਰੀ ਪੁੱਤਰ ਮੋਹਨ ਲਾਲ ਵਾਸੀ ਹਲਵਾੜਾ ਥਾਣਾ ਬਿਲਗਾ ਜ਼ਿਲ੍ਹਾ ਜਲੰਧਰ ਫਰਾਰ ਹੋ ਗਿਆ ਸੀ।