Ludhiana News: ਲੁਧਿਆਣਾ ਵਿੱਚ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋ ਸਕਦਾ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।

ਉੱਥੇ ਹੀ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਉਨ੍ਹਾਂ ਨੇ ਰਾਜਪਾਲ ਅੱਗੇ ਚੰਡੀਗੜ੍ਹ ਵਿੱਚ 'ਆਪ' ਦੇ ਦਫ਼ਤਰ ਲਈ ਜਗ੍ਹਾ ਦੇਣ ਦੀ ਮੰਗ ਵੀ ਰੱਖੀ।

ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਨੇ ਸਾਰੇ ਨਿਯਮ ਪੂਰੇ ਕਰ ਲਏ ਹਨ ਅਤੇ ਉਨ੍ਹਾਂ ਨੇ ਰਾਜਪਾਲ ਨੂੰ ਇਸ ਬਾਰੇ ਲਿਖਤੀ ਰੂਪ ਵਿੱਚ ਸੂਚਿਤ ਕਰ ਦਿੱਤਾ ਹੈ। ਜਲਦੀ ਹੀ ਆਮ ਆਦਮੀ ਪਾਰਟੀ ਦਾ ਚੰਡੀਗੜ੍ਹ ਵਿੱਚ ਆਪਣਾ ਦਫ਼ਤਰ ਹੋਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਆਉਣ ਵਾਲੇ 2-4 ਦਿਨਾਂ ਵਿੱਚ ਮੰਤਰੀ ਮੰਡਲ ਵਿੱਚ ਵਿਸਥਾਰ ਦੀ ਤਿਆਰੀ ਹੈ। ਉਨ੍ਹਾਂ ਕਿਹਾ- ਲੋਕਾਂ ਦੇ ਫਤਵੇ ਦਾ ਸਤਿਕਾਰ ਕਰਨਾ ਜ਼ਰੂਰੀ ਹੈ। 2022 ਵਿੱਚ, ਅਸੀਂ ਲੁਧਿਆਣਾ ਪੱਛਮੀ ਵਿੱਚ ਲਗਭਗ 7 ਹਜ਼ਾਰ ਵੋਟਾਂ ਨਾਲ ਜਿੱਤੇ ਸੀ ਅਤੇ ਹੁਣ ਅਸੀਂ ਲਗਭਗ 12 ਹਜ਼ਾਰ ਵੋਟਾਂ ਨਾਲ ਜਿੱਤੇ ਹਾਂ।

ਅਜਿਹੀ ਸਥਿਤੀ ਵਿੱਚ, ਹੁਣ ਸੰਜੀਵ ਅਰੋੜਾ ਨੂੰ ਰਾਜ ਭਵਨ ਦੀਆਂ ਪੌੜੀਆਂ 'ਤੇ ਚੜ੍ਹਾਇਆ ਜਾਵੇਗਾ। ਪਰ, ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਕੋਈ ਫੇਰਬਦਲ ਹੋਵੇਗਾ ਜਾਂ ਕਿਸੇ ਹੋਰ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ, ਤਾਂ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। 

ਜ਼ਿਕਰ ਕਰ ਦਈਏ ਕਿ ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਪਾਰਟੀ ਵਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਉੱਥੇ ਹੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਦੀ ਤਿਆਰੀ ਵੀ ਲੱਗ ਰਹੀ ਹੈ।

ਸੀਐਮ ਮਾਨ ਨੇ ਪੰਜਾਬ ਦੀ ਕੈਬਨਿਟ ਵਿੱਚ ਵੱਡੇ ਫੇਰਬਦਲ ਦਾ ਤਾਂ ਐਲਾਨ ਕਰ ਦਿੱਤਾ ਹੈ ਪਰ ਕਿਹੜੇ ਮੰਤਰੀ ਦੀ ਛੁੱਟੀ ਹੋਵੇਗੀ ਜਾਂ ਸੰਜੀਵ ਅਰੋੜਾ ਮੰਤਰੀ ਬਣਨਗੇ ਜਾਂ ਪਹਿਲਾਂ ਵਾਂਗ ਹੀ ਸਭ ਕੁਝ ਰਹੇਗ। ਫਿਲਹਾਲ ਇਸ ਬਾਰੇ ਹਾਲੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਹ ਜ਼ਰੂਰ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋ ਸਕਦਾ ਹੈ।