Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਹਰੇਕ ਖੇਤਰ ਦਾ ਵਿਆਪਕ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ ਤੇ ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ। ਅੱਜ ਇੱਥੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬਾ ਸਰਕਾਰ ਦੇ ਯਤਨਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਮਦਦ ਤੇ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।



ਭਗਵੰਤ ਮਾਨ ਨੇ ਪੰਜਾਬ ਨੂੰ ਨਵੀਆਂ ਬੁਲੰਦੀਆਂ ਉਤੇ ਲਿਜਾਣ ਦਾ ਅਹਿਦ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਸਾਡੇ ਮਹਾਨ ਸ਼ਹੀਦਾਂ ਤੇ ਕੌਮੀ ਨਾਇਕਾਂ ਵੱਲੋਂ ਹਰੇਕ ਲਈ ਬਰਾਬਰ ਮੌਕਿਆਂ ਵਾਲੇ ਸਮਾਜ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਬਸਤੀ ਹੋਣ ਦੇ ਨਾਤੇ ਸਾਡੇ ਦੇਸ਼ ਨੇ ਬਹੁਤ ਦੁੱਖ ਝੱਲੇ ਪਰ ਸਾਡੇ ਆਜ਼ਾਦੀ ਸੰਘਰਸ਼ ਦੇ ਬਹਾਦਰ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜ਼ੀਰਾਂ ਤੋੜਨ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ।


ਇਹ ਵੀ ਪੜ੍ਹੋ : ਬਠਿੰਡਾ 'ਚ ਤਿਰੰਗਾ ਲਹਿਰਾਉਣ ਮਗਰੋਂ ਸੀਐਮ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ

ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ 'ਤੇ ਹੈ ਕਿ ਜਿਹੜੇ ਮਹਾਨ ਦੇਸ਼ ਭਗਤ  ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ ਜਾਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਬਹੁਤ ਸਾਰੇ ਨਾਇਕਾਂ ਨੇ ਸਾਡੇ ਆਜ਼ਾਦੀ ਲੈ ਕੇ ਦੇਣ ਲਈ ਆਪਣਾ ਖੂਨ ਵਹਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਪੰਜਾਬੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਿਚ ਸਭ ਤੋਂ ਮੋਹਰੀ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲਿਆਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਤੱਥ ਇਹ ਹੈ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਮੁਲਕ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।


ਇਹ ਵੀ ਪੜ੍ਹੋ : ਝੰਡਾ ਲਹਿਰਾਉਣ ਮਗਰੋਂ ਸਲੂਟ ਕਰਨਾ ਭੁੱਲੇ ਕੈਬਨਿਟ ਮੰਤਰੀ ਮੀਤ ਹੇਅਰ, ਐਸਐਸਪੀ ਨੇ ਕਰਵਾਇਆ ਯਾਦ

ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸਾਡੇ ਆਜ਼ਾਦੀ ਘੁਲਾਟੀਆਂ, ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵਰਗੇ ਮਹਾਨ ਕੌਮੀ ਸ਼ਖਸੀਅਤਾਂ ਦੇ ਸੁਪਨੇ ਅਜੇ ਵੀ ਅਧੂਰੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਕਈ ਦਹਾਕਿਆਂ ਦੌਰਾਨ ਸੂਬੇ ਦੀ ਵਾਗਡੋਰ ਸੰਭਾਲਣ ਵਾਲੀਆਂ ਸਰਕਾਰਾਂ ਤੋਂ ਬਹੁਤ ਉਮੀਦਾਂ ਸਨ, ਪਰ ਬਹੁਤੀਆਂ ਸਰਕਾਰਾਂ ਨੇ ਲੋਕਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਕਿਉਂਕਿ ਭ੍ਰਿਸ਼ਟਾਚਾਰ, ਗਰੀਬੀ, ਬੇਰੋਜ਼ਗਾਰੀ ਅਤੇ ਹੋਰ ਬਹੁਤ ਸਾਰੀਆਂ ਅਲਾਮਤਾਂ ਨੇ ਅਜੇ ਵੀ ਸੂਬੇ ਵਿਚ ਪੈਰ ਪਸਾਰੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਸੱਤਾ ਵਿਚ ਆਈ ਆਮ ਆਦਮੀ ਦੀ ਸਰਕਾਰ ਪੰਜਾਬ ਵਿੱਚ ਤਾਜ਼ੀ ਹਵਾ ਦੇ ਬੁੱਲੇ ਵਾਂਗ ਆਈ ਹੈ ਕਿਉਂਕਿ ਇਹ ਸਰਕਾਰ ਸੂਬੇ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ਪੂਰੀਆਂ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ, “ਹੁਣ ਸਮਾਂ ਆ ਗਿਆ ਹੈ ਜਦੋਂ ਹਰ ਪੰਜਾਬੀ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਪੰਜਾਬ ਭਾਗਾਂ ਵਾਲੀ ਧਰਤੀ ਹੈ ਅਤੇ ਹੁਣ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦਾ ਆਗਾਜ਼ ਕਰਨ ਲਈ ਇਸ ਨੂੰ ਮੁੜ ਸੁਰਜੀਤ ਕਰਨ ਦਾ ਸਮਾਂ ਆ ਗਿਆ ਹੈ। ਅਜਿਹਾ ਕਰਨ ਨਾਲ ਸੂਬੇ ਅੰਦਰ ਨੌਜਵਾਨਾਂ ਲਈ ਨਵੇਂ ਰਾਹ ਖੁੱਲ੍ਹਣਗੇ ਅਤੇ ਉਨ੍ਹਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਇਕਮਾਤਰ ਉਦੇਸ਼ ਨੇਕ ਨੀਅਤ ਨਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨਾ ਹੈ। ਭਗਵੰਤ ਮਾਨ ਨੇ ਕਿਹਾ, “ਰੱਬ ਨਾ ਕਰੇ ਜੇਕਰ ਮੈਂ ਕਦੇ ਆਪਣੇ ਪਰਿਵਾਰ ਜਾਂ ਰਿਸ਼ਤੇਦਾਰਾਂ ਨੂੰ ਨਾਜਾਇਜ਼ ਫਾਇਦਾ ਦੇਣ ਲਈ ਦਸਤਖ਼ਤ ਕਰਦਾਂ ਹਾਂ ਤਾਂ ਇਹ ਦਸਤਖ਼ਤ ਮੇਰੇ ਲਈ ਮੌਤ ਦਾ ਵਾਰੰਟ ਹੋਣਗੇ। ਮੇਰਾ ਹਰ ਸਾਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਸਮਰਪਿਤ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਸੂਬੇ ਦੀ ਸ਼ਾਨ ਬਹਾਲ ਕਰਨ ਤੇ ਸਾਡੇ ਮਹਾਨ ਕੌਮੀ ਨੇਤਾਵਾਂ ਦੀਆਂ ਖਾਹਿਸ਼ਾਂ ਪੂਰਾ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 10 ਮਹੀਨਿਆਂ ਵਿੱਚ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹੁਣ ਤੱਕ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ 27 ਜਨਵਰੀ ਨੂੰ 400 ਤੋਂ ਵੱਧ ਕਲੀਨਿਕ ਖੋਲ੍ਹੇ ਜਾ ਰਹੇ ਹਨ।