Punjab Police: ਅੰਮ੍ਰਿਤਸਰ ਦੇ ਖੰਡ ਵਾਲਾ ਇਲਾਕੇ ਵਿੱਚ ਬੀਤੀ ਰਾਤ ਇੱਕ ਮੰਦਰ ਦੇ ਕੋਲ ਹੋਏ ਧਮਾਕੇ ਦੇ ਕਾਰਨ ਇਲਾਕੇ ਵਿੱਚ ਡਰ ਅਤੇ ਤਣਾਅ ਵਾਲਾ ਮਾਹੌਲ ਹੈ। ਇਹ ਵਿਸਫੋਟਕ ਸਮੱਗਰੀ ਕਥਿਤ ਤੌਰ ’ਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਮੰਦਰ ’ਤੇ ਸੁੱਟੀ ਗਈ। ਇਸ ਸਬੰਧੀ ਗਤੀਵਿਧੀ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਹੈ। ਇਸ ਤੋਂ ਬਾਅਦ ਵਿਰੋਧੀ ਧਿਰਾਂ ਲਗਾਤਾਰ ਪੰਜਾਬ ਸਰਕਾਰ ਨੰ ਘੇਰ ਰਹੀਆਂ ਹਨ ਤੇ ਹੁਣ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਇਸ ਹਮਲੇ ਤੋਂ ਬਾਅਦ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਿੱਟੂ ਨੇ ਕਿਹਾ-ਮੈਂ ਅੰਮ੍ਰਿਤਸਰ ਦੇ ਖੰਡਵਾਲਾ ਸਥਿਤ ਠਾਕੁਰ ਦੁਆਰੇ ਮੰਦਿਰ 'ਤੇ ਹੋਏ ਬੰਬ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। 'ਆਪ' ਸਰਕਾਰ ਸਰਹੱਦੀ ਸ਼ਹਿਰ ਵਿੱਚ ਵਾਰ-ਵਾਰ ਹੋਣ ਵਾਲੀਆਂ ਧਮਾਕਿਆਂ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸੋਸ਼ਲ ਮੀਡੀਆ ਉੱਤੇ ਇਸ ਮੁੱਦੇ ਨੂੰ ਚੁੱਕਿਆ ਹੈ। ਵੜਿੰਗ ਨੇ ਕਿਹਾ-ਅੰਮ੍ਰਿਤਸਰ ਵਿੱਚ ਇੱਕ ਹੋਰ ਗ੍ਰਨੇਡ ਹਮਲਾ, ਇਸ ਵਾਰ ਖੰਡਵਾਲਾ ਇਲਾਕੇ ਵਿੱਚ ਇੱਕ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ। ਪੰਜਾਬ ਵਿੱਚ ਡਰ ਦਾ ਮਾਹੌਲ ਹੈ ਤੇ ਲੋਕ ਸੱਚਮੁੱਚ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਹ ਸਹੀ ਸਮਾਂ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਆਪਣੀ ਡੂੰਘੀ ਨੀਂਦ ਤੋਂ ਜਾਗੇ ਅਤੇ ਕਾਰਵਾਈ ਕਰੇ।
ਇਸ ਮੁੱਦੇ ਨੂੰ ਲੈ ਕੇ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੂਬਾ ਅਸ਼ਾਂਤ ਦਿਖਾਈ ਦੇਵੇ। ਕੁਝ ਸਮਾਜ ਵਿਰੋਧੀ ਅਨਸਰ ਅਜਿਹੀਆਂ ਹਰਕਤਾਂ ਕਰ ਰਹੇ ਹਨ, ਇਸ ਲਈ ਪੁਲਿਸ ਉਨ੍ਹਾਂ ਵਿਰੁੱਧ ਵੀ ਕਾਰਵਾਈ ਕਰ ਰਹੀ ਹੈ। ਪੰਜਾਬ ਕਾਨੂੰਨ ਵਿਵਸਥਾ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹੈ। ਡਰੋਨ ਪਾਕਿਸਤਾਨ ਤੋਂ ਆ ਰਹੇ ਹਨ। ਇਹ ਪਾਕਿਸਤਾਨ ਦੀ ਇੱਕ ਕੋਸ਼ਿਸ਼ ਹੈ ਤੇ ਅਜਿਹੀਆਂ ਕੋਸ਼ਿਸ਼ਾਂ ਪਹਿਲਾਂ ਵੀ ਕੀਤੀਆਂ ਜਾ ਚੁੱਕੀਆਂ ਹਨ।
ਜ਼ਿਕਰ ਕਰ ਦਈਏ ਕਿ ਇਹ ਘਟਨਾ 14 ਅਤੇ 15 ਮਾਰਚ ਦੀ ਦਰਮਿਆਨੀ ਰਾਤ ਦੀ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ ਦਿਖਾਈ ਦਿੱਤਾ ਹੈ ਕਿ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਮੰਦਰ ਦੀ ਇਮਾਰਤ ਤੇ ਕੋਈ ਚੀਜ਼ ਸੁੱਟੀ ਗਈ, ਜਿਸ ਤੋਂ ਬਾਅਦ ਵਿਸਫੋਟ ਹੁੰਦਾ ਹੈ। ਧਮਾਕੇ ਵੇਲੇ ਮੰਦਰ ਦਾ ਪੁਜਾਰੀ ਅਤੇ ਉਸ ਦਾ ਪਰਿਵਾਰ ਉਪਰਲੀ ਮੰਜ਼ਿਲ ’ਤੇ ਸਨ। ਇਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਧਮਾਕੇ ਕਾਰਨ ਮੰਦਰ ਦੀ ਇੱਕ ਕੰਧ ਨੂੰ ਨੁਕਸਾਨ ਪੁੱਜਾ ਹੈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ ਸਨ ਅਤੇ ਜਾਂਚ ਸ਼ੁਰੂ ਕੀਤੀ ਗਈ ਹੈ। ਪਿਛਲੇ ਕੁਝ ਸਮੇਂ ਤੋਂ ਪੁਲੀਸ ਇਮਾਰਤਾਂ ਦੇ ਬਾਹਰ ਅਤੇ ਅੰਦਰ ਧਮਾਕੇ ਹੋਏ ਸਨ ਪਰ ਕਿਸੇ ਧਰਮ ਸਥਾਨ ਦੀ ਇਮਾਰਤ ਵਿੱਚ ਅਜਿਹਾ ਧਮਾਕਾ ਪਹਿਲੀ ਵਾਰ ਹੋਇਆ ਹੈ। ਸਥਾਨਕ ਲੋਕਾਂ ਨੇ ਆਖਿਆ ਕਿ ਇਹ ਕਾਰਵਾਈ ਆਪਸੀ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਵਾਲੀ ਹੈ। ਧਮਾਕੇ ਕਾਰਨ ਤੇਜ਼ ਆਵਾਜ਼ ਆਈ ਸੀ