Mohali News : ਜ਼ਮੀਨੀ ਪੱਧਰ 'ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੂਸਲੇਧਾਰ ਮੀਂਹ ਕਾਰਨ ਪ੍ਰਭਾਵਿਤ ਹੋਏ ਨੀਵੇਂ ਇਲਾਕਿਆਂ ਵਿੱਚੋਂ ਸੁਰੱਖਿਅਤ ਕੱਢੇ ਗਏ ਲੋਕਾਂ ਨਾਲ ਗੱਲਬਾਤ ਵੀ ਕੀਤੀ।
ਮੋਹਾਲੀ ਦੇ ਫੇਜ਼ 6 ਵਿੱਚ ਸਥਿਤ ਰੈਣ ਬਸੇਰਾ, ਜਮੁਨਾ ਅਪਾਰਟਮੈਂਟਸ ਖਰੜ, ਪਿੰਡ ਕਜੌਲੀ, ਬੂਥਗੜ੍ਹ ਅਤੇ ਰੋਪੜ ਜ਼ਿਲ੍ਹੇ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਮੁੱਖ ਮੰਤਰੀਆਂ ਵਾਂਗ ਖ਼ਾਨਾਪੂਰਤੀ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਹੈਲੀਕਾਪਟਰ ਉਤੇ ਗੇੜੇ ਨਹੀਂ ਲਾ ਰਹੇ ਸਗੋਂ ਖੁਦ ਲੋਕਾਂ ਕੋਲ ਜਾ ਕੇ ਅਸਲ ਸਥਿਤੀ ਦਾ ਪਤਾ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਲਾਈਆਂ ਗਈਆਂ ਹਨ ਪਰ ਅਜੇ ਤੱਕ ਇਸ ਕੰਮ ਲਈ ਅਧਿਕਾਰਤ ਤੌਰ 'ਤੇ ਫੌਜ ਨੂੰ ਨਹੀਂ ਲਾਇਆ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ੍ਰੀ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੇ ਕਹਿਰ ਕਾਰਨ ਪੈਦਾ ਹੋਏ ਹਾਲਾਤ ਵਿੱਚ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਵਿੱਚ ਹਰ ਵੇਲੇ ਹਾਜ਼ਰ ਹੈ ਅਤੇ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਣੇ ਹਾਲਾਤਾਂ 'ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਇਸ ਸਥਿਤੀ ਦਾ ਸੁਚੱਜੇ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਹਾਲਾਤਾਂ ਨੂੰ ਸੁਖਾਵੇਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸੂਬੇ ਦੇ ਹਰ ਕੋਨੇ ਤੋਂ ਪਲ-ਪਲ ਉੱਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਮੌਜੂਦ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਚਲਾ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਨੀਵੇਂ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੀਵੇਂ ਅਤੇ ਹੜ੍ਹ ਵਰਗੇ ਹਾਲਾਤ ਨਾਲ ਜੂਝ ਰਹੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੇ ਨੰਬਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਆਉਣ ਵਾਲੀ ਕਾਲ 'ਤੇ ਤੁਰੰਤ ਕਾਰਵਾਈ ਕਰਨਾ ਯਕੀਨੀ ਬਣਾਉਣ।
ਸੀਐਮ ਭਗਵੰਤ ਮਾਨ ਵੱਲੋਂ ਜ਼ਮੀਨੀ ਪੱਧਰ 'ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਮੋਹਾਲੀ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ
ABP Sanjha
Updated at:
10 Jul 2023 05:38 PM (IST)
Edited By: shankerd
Mohali News : ਜ਼ਮੀਨੀ ਪੱਧਰ 'ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇ
CM Bhagwant Mann
NEXT
PREV
Published at:
10 Jul 2023 05:38 PM (IST)
- - - - - - - - - Advertisement - - - - - - - - -