CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਅਗਲੇ ਸਾਲ ਤੱਕ ਪੰਜਾਬ ਦੇ 70% ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਇਆ ਜਾਏਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਦਾ ਪਾਣੀ ਪੰਜਾਬੀ ਹੀ ਵਰਤਣ। ਇਸ ਲਈ ਪੰਜਾਬ ਦੇ ਸਾਰੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਮਕਸਦ ਨਾਲ ਕੰਮ ਕਰ ਰਹੇ ਹਾਂ।



ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆ ਕਿਹਾ ਹੈ ਕਿ ਪੰਜਾਬ ਦੇ ਸਾਰੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਮਕਸਦ ਨਾਲ ਕੰਮ ਕਰ ਰਹੇ ਹਾਂ…ਇਸ ਵਾਰ ਵੀ ਅਸੀਂ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਬਹੁਤ ਸਾਰੇ ਟਿਊਬਵੈੱਲ ਬੰਦ ਕਰਵਾਉਣ ‘ਚ ਕਾਮਯਾਬ ਹੋਏ ਹਾਂ…ਅਗਲੇ ਸਾਲ ਤੱਕ ਸਾਡਾ ਟੀਚਾ 70% ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਉਣ ਦਾ ਹੈ…ਪੰਜਾਬ ਦਾ ਪਾਣੀ ਪੰਜਾਬੀ ਹੀ ਵਰਤਣ ਤੇ ਪੰਜਾਬ ‘ਚ ਰਹੇ ਲਗਾਤਾਰ ਕੋਸ਼ਿਸ਼ਾਂ ਜਾਰੀ ਨੇ..।


 






ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ ਅਤੇ ਨਹਿਰੀ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਉਦੇਸ਼ ਦੀ ਪੂਰਤੀ ਲਈ ਛੇਤੀ ਹੀ ਸਿੰਚਾਈ, ਜਲ ਸਰੋਤ ਤੇ ਸਬੰਧਤ ਵਿਭਾਗਾਂ ਦਾ ਰਲੇਵਾਂ ਕਰੇਗੀ। 



ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੀਐਸਪੀਸੀਐਲ ਨੇ ਪੰਜਾਬ ਤੇ ਦੇਸ਼ ਭਰ ਵਿੱਚ ਸਥਿਤ ਸੂਰਜੀ ਊਰਜਾ ਪ੍ਰਾਜੈਕਟਾਂ ਤੋਂ ਬਿਜਲੀ ਦੀ ਖ਼ਰੀਦ ਲਈ ਟੈਂਡਰ ਜਾਰੀ ਕੀਤੇ ਸਨ। ਉਨ੍ਹਾਂ ਕਿਹਾ ਕਿ ਸਤਲੁਜ ਜਲ ਵਿਧੁਤ ਨਿਗਮ ਗਰੀਨ ਐਨਰਜੀ ਲਿਮਟਿਡ ਨੇ ਬੀਕਾਨੇਰ (ਰਾਜਸਥਾਨ) ਤੇ ਭੁਜ (ਗੁਜਰਾਤ) ਤੋਂ 2.53 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਇਕ ਹਜ਼ਾਰ ਮੈਗਾਵਾਟ ਅਤੇ ਹੁਸ਼ਿਆਰਪੁਰ (ਪੰਜਾਬ) ਤੋਂ 2.75 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 200 ਮੈਗਾਵਾਟ ਬਿਜਲੀ ਸਪਲਾਈ ਕਰਨ ਦੀ ਤਜਵੀਜ਼ ਦਿੱਤੀ ਸੀ। ਸੀਐਮ ਮਾਨ ਨੇ ਕਿਹਾ ਕਿ ਪਹਿਲੀ ਦਫ਼ਾ ਮੁਕਾਬਲੇ ਦੀ ਬੋਲੀ ਲਈ ਸਵਿੱਸ ਚੈਲੇਂਜ ਵਿਧੀ (ਐਸਸੀਐਮ) ਲਾਗੂ ਕੀਤੀ ਗਈ ਸੀ।