Punjab News: ਖਾਲਿਸਤਾਨੀ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੇ ਰਖਵਾਲੇ ਹਨ ਤੇ ਅਜਿਹੀਆਂ ਧਮਕੀਆਂ ਉਨ੍ਹਾਂ ਨੂੰ ਇਸ ਨੇਕ ਕੰਮ ਤੋਂ ਨਹੀਂ ਰੋਕ ਸਕਦੀਆਂ। ਚੰਡੀਗੜ੍ਹ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਮਕੀਆਂ ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਅਪਣਾਈ ਗਈ ਨੀਤੀ ਦਾ ਕੁਦਰਤੀ ਨਤੀਜਾ ਹਨ। 


ਉਨ੍ਹਾਂ ਕਿਹਾ ਕਿ ਇਹ ਲੋਕ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਾਡੀ ਸਰਕਾਰ ਇਨ੍ਹਾਂ ਫੁੱਟ ਪਾਊ ਤਾਕਤਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਸੂਬੇ ਦੇ ਅੰਦਰੋਂ ਤੇ ਬਾਹਰੋਂ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਤੇ ਉਹ ਬਿਨਾ ਝੁਕੇ ਅਜਿਹੀਆਂ ਧਮਕੀਆਂ ਦਾ ਬਹਾਦਰੀ ਨਾਲ ਸਾਹਮਣਾ ਕਰਨਗੇ।


ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪੰਜਾਬ ਵਿਰੋਧੀ ਮਨਸੂਬਿਆਂ ਦੇ ਮੁੱਖ ਸਾਜਿਸ਼ਘਾੜੇ ਵਿਦੇਸ਼ਾਂ ਵਿੱਚ ਪਨਾਹ ਲੈ ਚੁੱਕੇ ਹਨ ਪਰ ਅਸੀਂ ਉਨ੍ਹਾਂ ਨੂੰ ਵਾਪਸ ਲਿਆਉਣ ਤੇ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਖੌਫਨਾਕ ਅਪਰਾਧੀਆਂ ਨੂੰ ਪਨਾਹ ਦੇਣ ਵਾਲੇ ਦੇਸ਼ਾਂ ਨੂੰ ਵੀ ਵਿਸ਼ਵ ਸ਼ਾਂਤੀ ਦੇ ਵਡੇਰੇ ਹਿੱਤ ਵਿੱਚ ਇਨ੍ਹਾਂ ਕੱਟੜ ਅਪਰਾਧੀਆਂ ਨੂੰ ਸੂਬੇ ਵਿੱਚ ਵਾਪਸ ਭੇਜਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਅਜਿਹੇ ਘਿਨਾਉਣੇ ਅਪਰਾਧੀਆਂ ਨੂੰ ਦੇਸ਼ ਵਾਪਸ ਲਿਆ ਕੇ ਦੇਸ਼ ਦੇ ਕਾਨੂੰਨ ਅਨੁਸਾਰ ਸਜ਼ਾਵਾਂ ਦਿਵਾਈਆਂ ਜਾਣ।


ਇਹ ਵੀ ਪੜ੍ਹੋ: Mukerian Accident: ਸੜਕ ਹਾਦਸੇ 'ਚ 4 ਪੁਲਿਸ ਮੁਲਾਜ਼ਮਾਂ ਦੀ ਮੌਤ, ਸੀਐਮ ਮਾਨ ਨੇ ਪੀੜਤ ਪਰਿਵਾਰਾਂ ਲਈ ਕੀਤਾ ਵੱਡਾ ਐਲਾਨ


ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ 'ਭਗੌੜਾ' ਕਰਾਰ ਦਿੱਤਾ, ਜੋ ਬਿਜਲੀ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੇ ਜਾਣ 'ਤੇ ਡਿਊਟੀ ਨਿਭਾਉਣ ਤੋਂ ਭੱਜ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਉਲਟਾ ਰੁਝਾਨ ਸ਼ੁਰੂ ਕਰ ਦਿੱਤਾ ਹੈ ਤਾਂ ਸਿੱਧੂ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਮਾਨ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ‘ਥੋੜ੍ਹਾ ਗਿਆਨ ਖ਼ਤਰਨਾਕ ਹੈ’ ਤੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ।


ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ਸਾਡੀ ਝੋਲੀ ਪਾ ਕੇ ਹੋਰਾਂ ਲਈ ਇਕ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ, ਇਸ ਲਈ ਜਨਤਾ ਇਕ ਵਾਰ ਫਿਰ ਸਾਡੇ ਨਾਲ ਖੜ੍ਹੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ 13-0 ਨਾਲ ਹੂੰਝਾ ਫੇਰ ਜਿੱਤ ਹਾਸਲ ਕਰਕੇ ਸੂਬੇ ਵਿਚ ਇਤਿਹਾਸ ਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ 13 ਸੀਟਾਂ 'ਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਫਤਵਾ ਆਵੇਗਾ ਤੇ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਬੁਰੀ ਤਰ੍ਹਾਂ ਤਿਆਗ ਦੇਣਗੇ।


ਇਹ ਵੀ ਪੜ੍ਹੋ: Punjab News: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ