Nangal News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਬਰਸਾਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਥੇ ਪੁੱਜੇ ਮੁੱਖ ਮੰਤਰੀ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਵੱਡੀ ਰਾਹਤ ਦੀ ਗੱਲ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ, ਇਸ ਲਈ ਡੈਮ ਤੋਂ ਪਾਣੀ ਛੱਡਣ ਦੀ ਫੌਰੀ ਲੋੜ ਨਹੀਂ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਭਾਖੜਾ ਡੈਮ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ, ਜਦੋਂ ਕਿ 23 ਜੁਲਾਈ ਨੂੰ ਡੈਮ ਵਿੱਚ ਪਾਣੀ ਦਾ ਪੱਧਰ 1653 ਫੁੱਟ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਦੇ ਪੱਧਰ ਬਾਰੇ ਬਾਕਾਇਦਾ ਲੋਕਾਂ ਨੂੰ ਜਾਣਕਾਰੀ ਦੇਣ ਲਈ ਆਖਿਆ ਤਾਂ ਕਿ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਰਾਹਤ ਵਾਲੀ ਗੱਲ ਹੈ ਕਿ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੀਂਹ ਨਾ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਪਾਣੀ ਦਾ ਪੱਧਰ ਹੋਰ ਘਟੇਗਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਕੋਲੋਂ ਪੁਸ਼ਟੀ ਕੀਤੇ ਬਿਨਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਜਾਂ ਹੜ੍ਹਾਂ ਸਬੰਧੀ ਅਫ਼ਵਾਹਾਂ ਉਤੇ ਬਿਲਕੁੱਲ ਵਿਸ਼ਵਾਸ ਨਾ ਕੀਤਾ ਜਾਵੇ।

ਮੁੱਖ ਮੰਤਰੀ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਫ਼ਰਜ਼ੀ ਖ਼ਬਰਾਂ ਚਲਾ ਕੇ ਦਹਿਸ਼ਤ ਪੈਦਾ ਕਰਨ ਦੀ ਥਾਂ ਉਸਾਰੂ ਭੂਮਿਕਾ ਨਿਭਾਏ। ਉਨ੍ਹਾਂ ਕਿਹਾ ਕਿ 9, 10 ਤੇ 11 ਜੁਲਾਈ ਨੂੰ ਇਸ ਖ਼ਿੱਤੇ ਵਿੱਚ ਭਾਰੀ ਬਾਰਸ਼ ਹੋਈ, ਜਿਹੜੀ ਪਿਛਲੇ ਇਕ ਮਹੀਨੇ ਵਿੱਚ ਹੋਈ ਕੁੱਲ ਬਾਰਸ਼ ਨਾਲੋਂ ਕਿਤੇ ਵੱਧ ਸੀ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਸਥਿਤੀ ਉਤੇ ਮੁਕੰਮਲ ਨਜ਼ਰ ਰੱਖਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਸ ਗੰਭੀਰ ਸਥਿਤੀ ਵਿੱਚ ਵੀ ਸਿਆਸਤ ਕਰਨ ਲਈ ਸਿਆਸੀ ਵਿਰੋਧੀਆਂ `ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਹਿਰਾਂ ਦੀ ਸਫ਼ਾਈ ਤੱਕ ਹਰ ਖੇਤਰ ਵਿੱਚ ਜ਼ਿਕਰਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸਿੰਜਾਈ ਅਤੇ ਡਰੇਨੇਜ਼ ਵਿਭਾਗ ਭ੍ਰਿਸ਼ਟ ਨੇਤਾਵਾਂ ਅਤੇ ਉਨ੍ਹਾਂ ਦੀਆਂ ਕਠਪੁਤਲੀਆਂ ਲਈ ‘ਕਮਾਊ ਪੁੱਤ’ ਬਣ ਕੇ ਰਹਿ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਡਰੇਨੇਜ਼ ਅਤੇ ਸਿੰਜਾਈ ਵਿਭਾਗ ਦਾ ਪੈਸਾ ਆਪਣੇ ਸਵਾਰਥਾਂ ਲਈ ਹੜੱਪ ਲਿਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਪਹਿਲਾਂ ਹੀ ਇਸ ਵਿਭਾਗ ਵਿੱਚ ਵੱਡੇ ਘਪਲੇ ਦੀ ਜਾਂਚ ਕਰ ਰਿਹਾ ਹੈ।