ਚੰਡੀਗੜ੍ਹ: ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤ ਸਹਾਇਤਾ ਦੇਣ ਦਾ ਮੁੱਦਾ ਭਗਵੰਤ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣ ਗਿਆ ਹੈ। ਬੇਸ਼ੱਕ ਬਜਟ ਵਿੱਚ ਪੰਜਾਬ ਸਰਕਾਰ ਨੇ ਸਾਰੇ ਵਰਗਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤਾ ਹੈ ਪਰ ਵਿਰੋਧੀ ਧਿਰਾਂ ਨੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤ ਸਹਾਇਤਾ ਨਾ ਦੇਣ ਨੂੰ ਵੱਡਾ ਮੁੱਦਾ ਬਣਾਇਆ ਹੈ। ਵਿਰੋਧੀ ਧਿਰਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਪਰ ਵੀ ਇਸ ਨੂੰ ਲੈ ਕੇ ਸਰਕਾਰ ਦੀ ਅਲੋਚਨਾ ਹੋ ਰਹੀ ਹੈ।
ਇਸ ਨੂੰ ਵੱਡਾ ਮੁੱਦਾ ਬਣਦਾ ਵੇਖ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਤੋਂ ਵੱਡੀ ਚੋਣ ਗਰੰਟੀ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਜਲਦ ਹੀ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਮਦਦ ਦੇਣੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਰੋਤ ਜੁਟਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ ਤੇ ਇਹ ਵਸੀਲੇ ਜੁਟਾਉਣ ਮਗਰੋਂ ਜਲਦੀ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਦਿੱਤੀ ਹਰੇਕ ਗਰੰਟੀ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਵੀ ਨਵਾਂ ਰੂਪ ਦਿੱਤਾ ਜਾਵੇਗਾ। ਅਗਲੇ ਸੈਸ਼ਨ ਤੋਂ ਵਿਧਾਨ ਸਭਾ ਵਿੱਚ ਟੱਚ ਸਕਰੀਨਾਂ ਲਾਈਆਂ ਜਾਣਗੀਆਂ, ਜਿਸ ਨਾਲ ਇਸ ਨੂੰ ਈ-ਅਸੈਂਬਲੀ ਦਾ ਰੂਪ ਦਿੱਤਾ ਜਾਵੇਗਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਜਲਦ ਹੀ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਔਰਤਾਂ ਨੂੰ ਜਲਦ ਹੀ 1000 ਰੁਪਏ ਭੱਤਾ ਦੇਣ ਦਾ ਸਾਡਾ ਅਗਲਾ ਕਦਮ ਹੋਵੇਗਾ, ਸਰਕਾਰ ਇਸ 'ਤੇ ਹੀ ਕੰਮ ਕਰ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ 'ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ।