ਚੰਡੀਗੜ੍ਹ: ਮੁਹਾਲੀ ਬਲਾਸਟ ਬਾਰੇ ਵੱਡਾ ਖੁਲਾਸਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਫਸਰਾਂ ਨਾਲ ਮੀਟਿੰਗ ਮਗਰੋਂ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਕੁਝ ਗ੍ਰਿਫਤਾਰੀਆਂ ਕੀਤੀਆਂ ਹਨ ਤੇ ਕੁਝ ਹੋਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤਕ ਸਭ ਕਲੀਅਰ ਹੋ ਜਾਏਗਾ।


ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਦੇਸ਼ ਵਿਰੋਧੀ ਤਾਕਤਾਂ ਅਜਿਹੀਆਂ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਅਜਿਹੀ ਸਜ਼ਾ ਦਿੱਤੀ ਜਾਵੇਗੀ ਕਿ ਦੋਸ਼ੀਆਂ ਦੀਆਂ ਅਉਣ ਵਾਲੀਆਂ ਪੀੜ੍ਹੀਆਂ ਤਕ ਯਾਦ ਰੱਖਣਗੀਆਂ।


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਕਾਫੀ ਕੁਝ ਸਾਫ ਹੋ ਗਿਆ ਹੈ ਤੇ ਸ਼ਾਮ ਤੱਕ ਸਭ ਸਪਸ਼ਟ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਡੀਜੀਪੀ ਤੇ ਇੰਟੈਲੀਜੈਂਸ ਨੂੰ ਪੂਰੀ ਡਿਟੇਲ ਇਕੱਠੀ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਕੁਝ ਗ੍ਰਿਫਤਾਰੀਆਂ ਹੋ ਗਈਆਂ ਹਨ, ਕੁਝ ਹੋਰ ਹੋਣਗੀਆਂ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।


ਦੱਸ ਦਈਏ ਕਿ ਮੁਹਾਲੀ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਅੱਜ 10 ਵਜੇ ਡੀਜੀਪੀ ਸਮੇਤ ਸਾਰੇ ਵੱਡੇ ਅਫਸਰਾਂ ਦੀ ਮੀਟਿੰਗ ਬੁਲਾਈ ਸੀ। ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਮੁਹਾਲੀ ਬਲਾਸਟ ਦੀ ਸਾਰੀ ਘਟਨਾ ਬਾਰੇ ਰਿਪੋਰਟ ਲਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ 'ਤੇ ਹੋਈ ਹੈ। 


ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।


ਮੁਹਾਲੀ ਧਮਾਕੇ ਮਗਰੋਂ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਸਵਾਲ ਉੱਠਣ ਲੱਗੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੇਤਾਵਨੀ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਧਮਾਕੇ ਨੂੰ ਕਾਇਰਤਾ ਭਰੀ ਕਾਰਵਾਈ ਕਿਹਾ ਹੈ।


ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਮੁਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ। ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹਰ ਹਾਲਤ ਵਿੱਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।