Jalandhar News: ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਉਪਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕੰਪਿਊਟਰ ਅਧਿਆਪਕਾਂ ਦੇ ਵਿਰੋਧ ਪ੍ਰਦਰਸ਼ਨ ਦਾ ਹਵਾਲਾ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਵਿੱਚ ਫੋਕੇ ਸਿੱਖਿਆ ਮਾਡਲ ਦੇ ਜੁਮਲੇ ਸੁਣਾ ਰਹੇ ਪਰ ਪੰਜਾਬ ਦੇ ਅਧਿਆਪਕ ਰੁਲ ਰਹੇ ਹਨ।


ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ਉਪਰ ਲਿਖਿਆ...15 ਸਤੰਬਰ 2022 ਨੂੰ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਤੋਹਫ਼ੇ ਵਜੋਂ ਕੀਤਾ ਐਲਾਨ ਮਜ਼ਾਕ ਬਣ ਕੇ ਰਹਿ ਗਿਆ। ਆਪਣੀਆਂ ਮੰਗਾਂ ਮਨਵਾਉਣ ਲਈ ਮੀਟਿੰਗਾਂ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਡੇਢ ਸਾਲ ਬੀਤ ਗਿਆ।


ਮੰਤਰੀ ਐਲਾਨ ਵਾਲਾ ਟਵੀਟ ਡਿਲੀਟ ਕਰ ਗਏ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗਾਂ ਦਾ ਸਮਾਂ ਦੇ ਕੇ ਹਰ ਵਾਰ ਦੂਜੇ ਸੂਬਿਆਂ ਵਿੱਚ ਪ੍ਰਚਾਰ ਤੇ ਚਲੇ ਜਾਂਦੇ। ਅੱਜ ਵੀ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਦੀ ਰਿਹਾਇਸ਼ ਤੇ ਪਹੁੰਚੇ ਪਰ ਮੁੱਖ ਮੰਤਰੀ ਅੱਜ ਵੀ ਹਰਿਆਣਾ ਵਿੱਚ ਫੋਕੇ ਸਿੱਖਿਆ ਮਾਡਲ ਦੇ ਜੁਮਲੇ ਸੁਣਾ ਰਹੇ ਸਨ।










ਦੱਸ ਦਈਏ ਕਿ ਐਤਵਾਰ ਨੂੰ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਵਾਲੀ ਕਲੋਨੀ ਦੇ ਗੇਟ ਅੱਗੇ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਵਿਰੋਧ ’ਚ ਨਾਅਰੇਬਾਜ਼ੀ ਕੀਤੀ। 


ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਕਿਹਾ ਕਿ ‘ਆਪ’ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਤਬਦੀਲ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਛੇਵੇਂ ਪੇਅ ਕਮਿਸ਼ਨ ਦਾ ਲਾਭ ਦਿੰਦੇ ਹੋਏ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕੀਤੇ ਜਾਣ ਤੇ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ।