ਰਾਜਪਾਲ ਨਾਲ ਖੜਕਣ ਦੀਆਂ ਰਿਪੋਰਟਾਂ ਮਗਰੋਂ ਬੋਲੇ ਸੀਐਮ ਭਗਵੰਤ ਮਾਨ, ਸਰਕਾਰ ਤੇ ਰਾਜਪਾਲ ਵਿਚਾਲੇ ਕੋਈ ਮੱਤਭੇਦ ਨਹੀਂ...
ਪੰਜਾਬ ਸਰਕਾਰ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਮੁੜ ਖੜਕਣ ਦੀਆਂ ਖਬਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਦ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਤੇ ਪੰਜਾਬ ਦੇ ਰਾਜਪਾਲ ਦਰਮਿਆਨ ਕੋਈ ਮੱਤਭੇਦ ਨਹੀਂ।
Punjab News: ਪੰਜਾਬ ਸਰਕਾਰ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਮੁੜ ਖੜਕਣ ਦੀਆਂ ਖਬਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਦ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਤੇ ਪੰਜਾਬ ਦੇ ਰਾਜਪਾਲ ਦਰਮਿਆਨ ਕੋਈ ਮੱਤਭੇਦ ਨਹੀਂ। ਉਨ੍ਹਾਂ ਕਿਹਾ ਉਹ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਰਾਜਪਾਲ ਕੋਲ ਤਿੰਨ ਨਾਵਾਂ ਦਾ ਪੈਨਲ ਭੇਜਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿੰਗਾਈ, ਬੇਰੁਜ਼ਗਾਰੀ, ਮਾਫੀਆ ਤੇ ਹੋਰ ਬੁਰਾਈਆਂ ਖ਼ਿਲਾਫ਼ ਹੈ ਪਰ ਰਾਜਪਾਲ ਨਾਲ ਸੁਖਾਵੇਂ ਸਬੰਧ ਹਨ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਚਾਹੁਣ ਤਾਂ ਸੂਬਾ ਸਰਕਾਰ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਤਿੰਨ ਨਾਵਾਂ ਦਾ ਪੈਨਲ ਉਨ੍ਹਾਂ ਕੋਲ ਭੇਜੇਗੀ, ਨਹੀਂ ਤਾਂ ਆਮ ਰਵਾਇਤ ਰਹੀ ਹੈ ਕਿ ਰਾਜਪਾਲ ਸੂਬਾ ਸਰਕਾਰ ਵੱਲੋਂ ਪ੍ਰਸਤਾਵਿਤ ਨਾਮ ’ਤੇ ਸਹਿਮਤੀ ਦਿੰਦੇ ਹਨ।
ਦੱਸ ਦਈਏ ਕਿ ਰਾਜਪਾਲ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਉਪ ਕੁਲਪਤੀ ਦੀ ਨਿਯੁਕਤੀ ਨੂੰ ਹਰੀ ਝੰਡੀ ਦੇਣ ਦੇ ਮਾਮਲੇ ’ਤੇ ਸਵਾਲ ਖੜ੍ਹੇ ਕਰਦਿਆਂ ਫਾਈਲ ਸਰਕਾਰ ਨੂੰ ਵਾਪਸ ਭੇਜ ਦਿੱਤੀ ਹੈ। ਸੂਤਰਾਂ ਅਨੁਸਾਰ ਰਾਜਪਾਲ ਨੇ ਸਰਕਾਰ ਨੂੰ ਇਸ ਵੱਕਾਰੀ ਨਿਯੁਕਤੀ ਲਈ ਤਿੰਨ ਹਸਤੀਆਂ ਦੇ ਨਾਮ ’ਤੇ ਅਧਾਰਤ ਪੈਨਲ ਭੇਜਣ ਲਈ ਕਿਹਾ ਹੈ ਤਾਂ ਜੋ ਇਨ੍ਹਾਂ ਵਿਚੋਂ ਇੱਕ ਦੀ ਚੋਣ ਕਰਕੇ ਨਿਯੁਕਤੀ ਕੀਤੀ ਜਾ ਸਕੇ।
ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਦਿਲ ਦੇ ਰੋਗਾਂ ਦੇ ਡਾਕਟਰ ਗੁਰਪ੍ਰੀਤ ਸਿੰਘ ਵਾਂਦਰ ਦੇ ਨਾਮ ਨੂੰ ਪ੍ਰਵਾਨਗੀ ਦੇਣ ਤੇ ਇਸ ਨਿਯੁਕਤੀ ਲਈ ਫਾਈਲ ਰਾਜਪਾਲ ਨੂੰ ਭੇਜੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਨਿਯੁਕਤੀ ਦਾ ਐਲਾਨ ਕੀਤਾ ਸੀ। ਰਾਜਪਾਲ ਵੱਲੋਂ ਫਾਈਲ ਵਾਪਸ ਭੇਜੇ ਜਾਣ ਨਾਲ ਡਾ. ਵਾਂਦਰ ਦੀ ਨਿਯੁਕਤੀ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਡਾ. ਵਾਂਦਰ ਦੀ ਨਿਯੁਕਤੀ ਨੂੰ ਮੈਰਿਟ ’ਤੇ ਉਪਰ ਰਖਦਿਆਂ ਨਿਯੁਕਤੀ ਦੀ ਬੇਨਤੀ ਕੀਤੀ ਗਈ ਸੀ। ਫਾਈਲ ਮੁੜ ਤੋਂ ਰਾਜਪਾਲ ਦਫ਼ਤਰ ਨੂੰ ਭੇਜੀ ਜਾਵੇਗੀ।
ਦੱਸ ਦਈਏ ਕਿ ਰਾਜਪਾਲ ਪੁਰੋਹਿਤ ਵੱਲੋਂ ਇਸ ਤੋਂ ਪਹਿਲਾਂ ਸਰਕਾਰ ਵੱਲੋਂ ਲਿਆਂਦੇ ਇੱਕ ਆਰਡੀਨੈਂਸ ਨੂੰ ਵਾਪਸ ਭੇਜ ਚੁੱਕੇ ਹਨ। ਰਾਜਪਾਲ ਨੇ 22 ਸਤੰਬਰ ਨੂੰ ਬੁਲਾਇਆ ਗਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਰੱਦ ਕਰ ਦਿੱਤਾ ਸੀ। ਕੁਝ ਦਿਨ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਚੰਡੀਗੜ੍ਹ ਫੇਰੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੀ ਗੈਰਹਾਜ਼ਰੀ ਸਬੰਧੀ ਵੀ ਰਾਜਪਾਲ ਵੱਲੋਂ ਜਨਤਕ ਤੌਰ ’ਤੇ ਨਾਰਾਜ਼ਗੀ ਪ੍ਰਗਟ ਕੀਤੀ ਗਈ ਸੀ। ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਅਹੁਦਾ ਪਿਛਲੇ ਕਈ ਮਹੀਨਿਆਂ ਤੋਂ ਖਾਲੀ ਪਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :