ਸ਼ੰਕਰ ਦਾਸ ਦੀ ਰਿਪੋਰਟ


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਬੀਤੇ ਕੱਲ੍ਹ ਸਾਬਕਾ ਕਾਂਗਰਸੀ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਗ੍ਰਿਫਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਾਰੀ ਕਾਰਵਾਈ ਕਾਨੂੰਨ ਮੁਤਾਬਕ ਹੋਈ ਹੈ। ਭਗਵੰਤ ਮਾਨ ਨੇ ਕਿਹਾ ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ, ਉਸੇ ਵਾਅਦੇ ਮੁਤਾਬਕ ਆਪਣਾ ਕੰਮ ਕੀਤਾ ਹੈ। ਅਸੀਂ ਕੋਈ ਸਿਆਸੀ ਰੰਜਿਸ਼ ਨਹੀਂ ਕੀਤੀ।


ਦੱਸ ਦਈਏ ਕਿ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ। ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਵੀ ਦੋਸ਼ ਲਾਇਆ ਸੀ। ਇਸ ਗ੍ਰਿਫਤਾਰੀ ’ਤੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਟੀਮ ਕੋਲ ਕੋਈ ਕਾਗਜ਼ ਨਹੀਂ ਸੀ ਤੇ ਗ੍ਰਿਫਤਾਰੀ ਧੱਕੇਸ਼ਾਹੀ ਹੈ। ਕਾਂਗਰਸ ਨੇ ਇਸ ਨੂੰ ਬਦਲਾਖੋਰੀ ਦੀ ਸਿਆਸਤ ਦੱਸਿਆ ਹੈ।

 

ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮਹਿੰਗਾ ਪਿਆ ਵਿਜੀਲੈਂਸ ਟੀਮ ਨਾਲ ਪੰਗਾ, ਸੀਪੀ ਨੂੰ ਕੀਤੀ ਸ਼ਿਕਾਇਤ

ਜਦੋਂ ਪੰਜਾਬ ਵਿਜੀਲੈਂਸ ਦੀ ਟੀਮ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਲਈ ਲੁਧਿਆਣਾ ਪਹੁੰਚੀ ਤਾਂ ਮੌਕੇ 'ਤੇ ਮੌਜੂਦ ਕਾਂਗਰਸੀ ਐਮਪੀ ਰਵਨੀਤ ਬਿੱਟੂ ਨੇ ਇਸ ਦਾ ਵਿਰੋਧ ਕੀਤਾ। ਜਦੋਂ ਵਿਜੀਲੈਂਸ ਟੀਮ ਪਹੁੰਚੀ ਤਾਂ ਆਸ਼ੂ ਇੱਕ ਸੈਲੂਨ ਵਿੱਚ ਸੀ। ਇਸ ਦੌਰਾਨ ਰਵਨੀਤ ਬਿੱਟੂ ਵੀ ਮੌਜੂਦ ਸੀ। ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਨਾਲ ਕਾਫੀ ਦੇਰ ਤੱਕ ਬਹਿਸ ਕੀਤੀ ਜੋ ਫੇਸਬੁੱਕ 'ਤੇ ਲਾਈਵ ਚੱਲ ਰਹੀ ਸੀ। ਉਨ੍ਹਾਂ ਵਿਜੀਲੈਂਸ ਅਧਿਕਾਰੀਆਂ ਨੂੰ ਗ੍ਰਿਫ਼ਤਾਰੀ ਦੇ ਕਾਗਜਾਤ ਵਿਖਾਉਣ ਲਈ ਕਿਹਾ।  

ਦੱਸਣਯੋਗ ਹੈ ਕਿ ਭਿਸ਼੍ਰਟਾਚਾਰ ਮਾਮਲੇ 'ਚ ਆਪਣੀ ਗ੍ਰਿਫ਼ਤਾਰੀ ਦੇ ਡਰੋਂ ਭਾਰਤ ਭੂਸ਼ਣ ਆਸ਼ੂ ਵੱਲੋਂ ਹਾਈਕੋਰਟ ਦਾ ਰੁੱਖ ਵੀ ਕੀਤਾ ਗਿਆ ਸੀ ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਸੀ। ਭਾਰਤ ਭੂਸ਼ਣ ਆਸ਼ੂ ਨੇ ਆਪਣੇ ਖ਼ਿਲਾਫ਼ ਦਰਜ ਕੀਤੇ ਜਾਣ ਵਾਲੇ ਕਿਸੇ ਵੀ ਮਾਮਲੇ ‘ਚ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ।