Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਸੋਮਵਾਰ ਨੂੰ ਆਪਣੇ ਆਕਾਵਾਂ ਦੇ ਨਿਰਦੇਸ਼ਾਂ ਅਨੁਸਾਰ ਪਹਿਲਾਂ ਤੋਂ ਤੈਅ ਕੀਤੇ ਗਏ ਫੈਸਲੇ ਦਾ ਐਲਾਨ ਕਰੇਗੀ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸਿੱਖਾਂ ਦੀ ਪ੍ਰਮੁੱਖ ਸੰਸਥਾ ਹੁਣ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸਿਰਫ਼ ਇੱਕ ਢੌਂਗ ਹੈ ਕਿਉਂਕਿ ਅਕਾਲੀ ਲੀਡਰਸ਼ਿਪ ਵੱਲੋਂ ਪਹਿਲਾਂ ਹੀ ਇਸ ਸਬੰਧੀ ਫੈਸਲਾ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਬਾਰੇ ਫੈਸਲਾ ਹੋ ਚੁੱਕਾ ਹੈ ਅਤੇ ਐਲਾਨ ਸਿਰਫ਼ ਦਿਖਾਵੇ ਲਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਪਹਿਲਾਂ ਹੀ ਅਕਾਲੀ ਦਲ ਦੇ ਦਫ਼ਤਰ ਵਿੱਚ ਤਲਬ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਹਾਜ਼ਰ ਅਕਾਲੀ ਆਗੂ ਮਲੂਕਾ, ਚੰਦੂਮਾਜਰਾ, ਭੂੰਦੜ, ਚੀਮਾ, ਗਾਬੜੀਆ ਅਤੇ ਹੋਰਾਂ ਵੱਲੋਂ ਪ੍ਰਧਾਨ ਨੂੰ ਸਿਰਫ਼ ਬਾਦਲ ਪਰਿਵਾਰ ਦੇ ਫੈਸਲੇ ਤੋਂ ਜਾਣੂੰ ਕਰਵਾਇਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸਿੱਖ ਗੁਰਦੁਆਰਾ ਸੋਧ ਬਿੱਲ 2023 ਦੇ ਵਿਰੋਧ ਸਬੰਧੀ ਬਾਦਲ ਪਰਿਵਾਰ ਦੇ ਫੈਸਲੇ ਤੋਂ ਪ੍ਰਧਾਨ ਨੂੰ ਜਾਣੂ ਕਰਵਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਬਾਦਲ ਪਰਿਵਾਰ ਵੱਲੋਂ ਹੀ ਤੈਅ ਕੀਤਾ ਅਤੇ ਸੁਣਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਭਲਕੇ ਪਹਿਲਾਂ ਤੋਂ ਨਿਰਧਾਰਤ ਫੈਸਲੇ ਦਾ ਐਲਾਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਫੈਸਲਾ ਤਾਂ ਹੋ ਹੀ ਚੁੱਕਾ ਹੈ ਅਤੇ ਭਲਕੇ ਪ੍ਰਧਾਨ ਵੱਲੋਂ ਇਸ ਬਾਰੇ ਸਿਰਫ਼ ਐਲਾਨ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਪਹਿਲਾਂ ਹੀ ਸਿੱਖ ਗੁਰਦੁਆਰਾ ਸੋਧ ਬਿੱਲ 2023 ਪਾਸ ਕਰ ਚੁੱਕੀ ਹੈ ਜਿਸ ਨੂੰ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਿੱਲ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਸਾਰੇ ਆਡੀਓ/ਵੀਡੀਓ ਪਲੇਟਫਾਰਮਾਂ ‘ਤੇ ਮੁਫ਼ਤ ਕਰਨ ਬਾਰੇ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਫੈਸਲੇ ਦਾ ਪਹਿਲਾਂ ਹੀ ਸਮਾਜ ਦੇ ਹਰ ਵਰਗ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂਅ 'ਤੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਇੱਕ ਮੈਂਬਰ ਗ੍ਰਿਫ਼ਤਾਰ, ਪਿਸਤੌਲ ਤੇ ਜ਼ਿਦਾ ਕਾਰਤੂਸ ਕੀਤੇ ਬਰਾਮਦ