Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੀ ਅਮਨ-ਸ਼ਾਂਤੀ, ਏਕਤਾ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਹ ਡੂੰਘੀ ਸਾਜ਼ਿਸ਼ ਸੀ, ਪਰ ਸੂਬਾ ਸਰਕਾਰ ਨੇ ਅੰਮ੍ਰਿਤਪਾਲ ਸਮੇਤ ਅਜਿਹੇ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। 



ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਹਥਿਆਰ ਚੁੱਕਣ ਤੇ ਦੇਸ਼ ਵਿਰੁੱਧ ਗੈਰ-ਕਾਨੂੰਨੀ ਗਤੀਵਿਧੀਆਂ ਲਈ ਉਕਸਾਉਣ ਵਾਲੀ ਸੰਸਥਾ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। 



ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 18 ਮਾਰਚ ਨੂੰ ਹੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਸੀ, ਪਰ ਉਹ ਕਦੇ ਵੀ ਖ਼ੂਨ-ਖ਼ਰਾਬਾ ਨਹੀਂ ਹੋਣ ਦੇਣਾ ਚਾਹੁੰਦੇ ਸਨ ਤੇ ਇੱਕ ਵੀ ਗੋਲੀ ਚਲਾਏ ਬਿਨਾਂ ਵੱਖਵਾਦੀ ਨੇਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਪਾਲ ਦੇਸ਼ ਵਿਰੋਧੀ ਤਾਕਤਾਂ ਦਾ ਹੱਥ-ਠੋਕਾ ਸੀ, ਜਿਸ ਖ਼ਿਲਾਫ਼ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਤੇ ਬੇਕਸੂਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। 



ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਅਜਨਾਲਾ ਥਾਣੇ ’ਤੇ ਹਮਲਾ ਕੀਤਾ ਸੀ। ਉਨ੍ਹਾਂ ਪੁਲੀਸ ਨੂੰ ਹਦਾਇਤ ਕੀਤੀ ਸੀ ਕਿ ਕਿਸੇ ਵੀ ਸੂਰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾ ਹੋਵੇ। ਮੁੱਖ ਮੰਤਰੀ  ਨੇ ਸੰਕਟ ਦੀ ਇਸ ਘੜੀ ਵਿਚ ਸ਼ਾਂਤੀ ਤੇ ਸੰਜਮ ਵਰਤਣ ਲਈ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। 


ਮੁੱਖ ਮੰਤਰੀ ਨੇ ਸੁਨੇਹਾ ਦਿੱਤਾ ਕਿ ਉਹ ਨੌਜਵਾਨਾਂ ਨੂੰ ਧਰਮ ਦੇ ਨਾਂ ’ਤੇ ਚਲਾਈਆਂ ਜਾ ਰਹੀਆਂ ਨਫ਼ਰਤ ਦੀਆਂ ਫ਼ੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦੇਣਗੇ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਲੋਕਾਂ ਨੂੰ ਫ਼ਿਰਕੂ ਲੀਹਾਂ ’ਤੇ ਵੰਡ ਸਕਦੀਆਂ ਹਨ, ਪਰ ਅਜਿਹਾ ਪੰਜਾਬ ’ਚ ਕਿਸੇ ਵੀ ਕੀਮਤ ਉੱਤੇ ਸੰਭਵ ਨਹੀਂ ਕਿਉਂਕਿ ਅਮਨ ਪਸੰਦ ਪੰਜਾਬੀ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।