Punjab News: ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਦੇ ਅਧਿਕਾਰੀ ਨੂੰ ਕੰਮ 'ਤੇ ਪਰਤਣ ਦੀ ਚੇਤਾਵਨੀ ਤੋਂ ਬਾਅਦ ਇਸ ਤਹਿਸੀਲਦਾਰ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ ਅਤੇ ਕੰਮ 'ਤੇ ਪਰਤ ਗਿਆ ਹੈ। ਦੱਸ ਦਈਏ ਕਿ ਮੁੱਖ ਮੰਤਰੀ ਦੀ ਚੇਤਾਵਨੀ ਤੋਂ ਬਾਅਦ ਮੋਗਾ ਦੇ ਤਹਿਸੀਲਦਾਰ ਨੇ ਹੜਤਾਲ ਖਤਮ ਕਰ ਦਿੱਤੀ ਹੈ। ਮੋਗਾ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਆਪਣੀ ਸੀਟ ਸੰਭਾਲ ਲਈ ਹੈ ਅਤੇ ਰਜਿਸਟਰੀ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

Continues below advertisement



ਮੁੱਖ ਸਕੱਤਰ ਮਾਲ ਨੇ ਜਾਰੀ ਕੀਤੇ ਹੁਕਮ


ਮਾਲ ਅਧਿਕਾਰੀਆਂ ਦੀ ਹੜਤਾਲ ਦੇ ਮੱਦੇਨਜ਼ਰ ਵਧੀਕ ਮੁੱਖ ਸਕੱਤਰ ਮਾਲ ਨੇ ਹੁਕਮ ਜਾਰੀ ਕੀਤੇ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਜ਼ਿਲ੍ਹਿਆਂ ਵਿੱਚ ਤਾਇਨਾਤ ਪੀ.ਸੀ.ਐਸ. ਅਧਿਕਾਰੀਆਂ ਨੂੰ ਸਬ-ਰਜਿਸਟਰਾਰ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਜ਼ਿਲ੍ਹਿਆਂ ਵਿੱਚ ਤਾਇਨਾਤ ਸਾਰੇ ਕਾਨੂੰਨਗੋਆਂ ਅਤੇ ਸੀਨੀਅਰ ਸਹਾਇਕਾਂ, ਜਿਨ੍ਹਾਂ ਨੇ ਤਰੱਕੀ ਲਈ ਵਿਭਾਗੀ ਕਾਗਜ਼ਾਤ ਦਿੱਤੇ ਸਨ ਅਤੇ ਨਾਇਬ ਤਹਿਸੀਲਦਾਰ ਦੇ ਅਹੁਦੇ ‘ਤੇ ਤਰੱਕੀ ਦੇ ਯੋਗ ਹਨ, ਨੂੰ ਜ਼ਿੰਮੇਵਾਰੀ ਸੰਭਾਲਣ ਦੇ ਹੁਕਮ ਜਾਰੀ ਕੀਤੇ ਗਏ ਹਨ।



ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਦਿੱਤਾ ਅਧਿਕਾਰ


ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸੇ ਵੀ ਤਹਿਸੀਲ ਦਫ਼ਤਰ ਵਿੱਚ ਲੋਕਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਕਾਨੂੰਨਗੋ ਨੂੰ ਜ਼ਮੀਨ ਰਜਿਸਟਰ ਕਰਨ ਲਈ ਅਧਿਕਾਰਤ ਕਰਨ ਵਾਲਾ ਇੱਕ ਪੱਤਰ ਜਾਰੀ ਕੀਤਾ ਗਿਆ ਹੈ।


ਮੁੱਖ ਮੰਤਰੀ ਮਾਨ ਨੇ ਦਿੱਤੀ ਸੀ ਸਿੱਧੀ ਚੇਤਾਵਨੀ


ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਸਿੱਧੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਸ਼ਾਮ 5 ਵਜੇ ਤੱਕ ਡਿਊਟੀ ‘ਤੇ ਆ ਜਾਂਦੇ ਹਨ ਤਾਂ ਠੀਕ ਹੈ, ਨਹੀਂ ਤਾਂ ਉਹ ਸਮੂਹਿਕ ਛੁੱਟੀ ‘ਤੇ ਜਾ ਸਕਦੇ ਹਨ। ਹੁਣ ਲੋਕ ਫੈਸਲਾ ਕਰਨਗੇ ਕਿ ਛੁੱਟੀ ਤੋਂ ਬਾਅਦ ਕਿੱਥੇ ਤਾਇਨਾਤੀ ਕਰਨੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।



ਇਸ ਦੌਰਾਨ, ਮੁੱਖ ਮੰਤਰੀ ਵੱਲੋਂ ਹੜਤਾਲੀ ਤਹਿਸੀਲਦਾਰਾਂ ਨੂੰ ਦਿੱਤੀ ਚੇਤਾਵਨੀ ਤੋਂ ਬਾਅਦ, ਤਹਿਸੀਲਦਾਰ ਯੂਨੀਅਨ ਦੇ ਸੂਬਾਈ ਪ੍ਰਧਾਨ ਗੁਰਚਰਨ ਸਿੰਘ ਚੰਨੀ ਨੇ ਆਪਣਾ ਪੱਖ ਰੱਖਿਆ ਹੈ। ਚੰਨੀ ਨੇ ਕਿਹਾ ਕਿ ਉਹ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਨਹੀਂ ਸਗੋਂ ਗਲਤ ਕਾਰਵਾਈ ਵਿਰੁੱਧ ਗੁੱਸਾ ਪ੍ਰਗਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਦਬਾਇਆ ਜਾ ਰਿਹਾ ਹੈ।