ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 14 ਅਪ੍ਰੈਲ ਨੂੰ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜਲੰਧਰ ਪਹੁੰਚਣਗੇ। ਵਿਧਾਇਕ ਸ਼ੀਤਲ ਅੰਗੁਰਾਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਜਲੰਧਰ ਦੀ ਬੂਟਾਂ ਮੰਡੀ ਵਿਖੇ ਹੋਣ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਡਾ.ਬੀ.ਆਰ.ਅੰਬੇਦਕਰ ਪਾਰਕ ਵਿਖੇ ਬਾਬਾ ਸਾਹਿਬ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਕੀਤੀ ਜਾਵੇਗੀ । ਉਨ੍ਹਾਂ ਪ੍ਰਸ਼ਾਸਨ ਨੂੰ ਇਸ ਸਬੰਧੀ ਸਮੁੱਚੇ ਪ੍ਰਬੰਧ ਯਕੀਨੀ ਬਣਾਉਣ ਅਤੇ ਸਮਾਗਮ ਵਿੱਚ ਸ਼ਾਮਲ ਵਾਲੇ ਲੋਕਾਂ ਦੀ ਆਮਦ ਸੰਬੰਧੀ ਢੁੱਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਨਿਸ਼ਚਿਤ ਕੀਤੀਆਂ ਗਈਆਂ ਹਨ।


ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਡਿਊਟੀ ਪੂਰੀ ਸ਼ਿੱਦਤ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਮਾਗਮ ਵਾਲੇ ਸਥਾਨਾਂ ਦੀ ਸਾਫ-ਸਫਾਈ, ਸਜਾਵਟ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਬੈਠਣ ਦੀ ਵਿਵਸਥਾ, ਐਂਬੂਲੈਂਸ, ਮੈਡੀਕਲ ਟੀਮਾਂ ਅਤੇ ਫਾਇਰ ਬ੍ਰਿਗੇਡ ਆਦਿ ਸਮੇਤ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। 

 

ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਤੇ ਟ੍ਰੈਫ਼ਿਕ ਵਿਵਸਥਾ ਦੇ ਢੁੱਕਵੇਂ ਇੰਤਜ਼ਾਮ ਕਰਨ ਲਈ ਵੀ ਕਿਹਾ ਤਾਂ ਜੋ ਸਾਰਾ ਪ੍ਰੋਗਰਾਮ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਏ.ਡੀ.ਸੀ.ਪੀ.-2 ਐਚ.ਐਸ. ਰੰਧਾਵਾ, ਐਸ.ਡੀ.ਐਮ. ਬਲਬੀਰ ਰਾਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।