Punjab Minister Visit Delhi: 'ਸਿੱਖਿਆ ਤੇ ਸਿਹਤ ਸੇਵਾ ਮਾਡਲ' ਦੇਖਣ ਲਈ ਦਿੱਲੀ ਦੌਰੇ 'ਤੇ ਹੋਣਗੇ CM ਭਗਵੰਤ ਮਾਨ, ਨਾਲ ਮੌਜੂਦ ਰਹਿਣਗੇ ਪੰਜਾਬ ਦੇ ਅਧਿਕਾਰੀ
Punjab Latest News: ਮੁੱਖ ਮੰਤਰੀ ਦਫ਼ਤਰ ਮੁਤਾਬਕ, "ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਮੁੱਖ ਸਿਹਤ ਸੰਸਥਾਵਾਂ ਅਤੇ ਸਕੂਲਾਂ ਦਾ ਦੌਰਾ ਕਰਨਗੇ।"
Bhagwant Mann and Punjab officials will visit Delhi Education and Health Service Model
Bhagwant Mann Delhi Visit: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸੀਨੀਅਰ ਅਧਿਕਾਰੀ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਸਿਹਤ ਸੰਸਥਾਵਾਂ ਅਤੇ ਸਕੂਲਾਂ ਦਾ ਦੌਰਾ ਕਰਨਗੇ ਅਤੇ 'ਦਿੱਲੀ ਮਾਡਲ' ਸਿੱਖਣਗੇ ਅਤੇ ਇਸ ਨੂੰ ਸੂਬੇ ਵਿੱਚ ਲਾਗੂ ਕਰਨਗੇ। ਆਮ ਆਦਮੀ ਪਾਰਟੀ (ਆਪ) ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਵਿੱਚ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਸੁਧਾਰਨ ਦਾ ਵਾਅਦਾ ਕੀਤਾ ਸੀ।
ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਐਤਵਾਰ ਨੂੰ ਦੱਸਿਆ, ''ਸੂਬੇ ਭਰ ਵਿਚ ਮੌਜੂਦਾ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਪ੍ਰਮੁੱਖ ਸਿਹਤ ਸੰਸਥਾਵਾਂ ਅਤੇ ਸਕੂਲਾਂ ਦਾ ਦੌਰਾ ਕਰਨਗੇ।'' ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੇ ਨਾਲ ਸਕੂਲ ਸਿੱਖਿਆ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਦੋਵਾਂ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਨਾਲ ਹੋਵੇਗੀ, ਜੋ ਮਹੱਤਵਪੂਰਨ ਖੇਤਰਾਂ ਤੋਂ ਜਾਣਕਾਰੀ ਲੈਣਗੇ ਜਿਨ੍ਹਾਂ ਨੂੰ ਸਿੱਧੇ ਤੌਰ 'ਤੇ ਜੁੜੇ ਮਨੁੱਖੀ ਵਿਕਾਸ ਨਾਲ ਜੋੜਿਆ ਜਾਂਦਾ ਹੈ।
ਮਾਨ ਕਾਲਕਾਜੀ ਵਿੱਚ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਐਕਸੀਲੈਂਸ, ਗ੍ਰੇਟਰ ਕੈਲਾਸ਼ ਵਿੱਚ ਮੁਹੱਲਾ ਕਲੀਨਿਕ, ਚਿਰਾਗ ਐਨਕਲੇਵ ਵਿੱਚ ਮੁਹੱਲਾ ਕਲੀਨਿਕ ਅਤੇ ਕੌਟਿਲਿਆ ਰਾਜਕਿਆ ਸਰਵੋਦਿਆ ਬਾਲ ਵਿਦਿਆਲਿਆ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਉਨ੍ਹਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਸਾਂਝੇ ਤੌਰ 'ਤੇ ਸਕੂਲ ਵਿੱਚ ਨਵੇਂ ਸਵੀਮਿੰਗ ਪੂਲ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਮਾਨ ਦਿਲਸ਼ਾਦ ਗਾਰਡਨ ਸਥਿਤ ਰਾਜੀਵ ਗਾਂਧੀ ਹਸਪਤਾਲ ਜਾਣਗੇ ਅਤੇ ਉੱਥੇ ਸਿਹਤ ਸਹੂਲਤਾਂ ਦਾ ਮੁਆਇਨਾ ਕਰਨਗੇ।
ਬੁਲਾਰੇ ਨੇ ਕਿਹਾ ਕਿ ਪੰਜਾਬ ਵਿੱਚ ਮਿਆਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਦਿੱਲੀ ਸਰਕਾਰ ਨਾਲ ਕੁਝ ਸਮਝੌਤਿਆਂ 'ਤੇ ਹਸਤਾਖਰ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਕੇਜਰੀਵਾਲ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੰਜਾਬ ਵਿੱਚ 'ਆਪ' ਦੀ ਅਗਵਾਈ ਵਾਲੀ ਸਰਕਾਰ ਨੂੰ ਵਿਰੋਧੀ ਧਿਰ ਵੱਲੋਂ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਮਾਨ ਨੇ ਕਿਹਾ ਸੀ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ "ਸਿਖਲਾਈ" ਲਈ ਰਾਜਧਾਨੀ ਭੇਜਿਆ ਸੀ, ਜਦਕਿ ਵਿਰੋਧੀ ਪਾਰਟੀਆਂ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਤੋਂ "ਰਿਮੋਟ ਕੰਟਰੋਲ" ਰਾਹੀਂ ਚਲਾਈ ਜਾ ਰਹੀ ਹੈ।