CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਦਿੱਲੀ ਵਿੱਚ ਉਹ ਸ਼ਾਮ 7 ਵਜੇ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। ਸੀਐਮ ਮਾਨ ਉਨ੍ਹਾਂ ਨਾਲ ਪੰਜਾਬ ਦੇ ਸੜਕੀ ਪ੍ਰਾਜੈਕਟਾਂ ਸਮੇਤ ਹੋਰ ਮੁੱਦਿਆਂ 'ਤੇ ਚਰਚਾ ਕਰਨਗੇ। ਪੰਜਾਬ ਅੰਦਰ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਨੂੰ ਲੈ ਕੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ।


ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਜ਼ਮੀਨਾਂ ਦਾ ਸਹੀ ਮੁਆਵਜ਼ਾ ਨਹੀਂ ਦਿੱਤਾ ਗਿਆ। ਇਸ ਲਈ ਪ੍ਰੋਜੈਕਟ ਰੱਦ ਕਰਨ ਦੀ ਵੀ ਚਰਚਾ ਛਿੜੀ ਸੀ। ਇਸ ਲਈ ਮੁੱਖ ਮੰਤਰੀ  ਭਗਵੰਤ ਮਾਨ ਅੱਜ ਇਹ ਮੁੱਦਾ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਕੋਲ ਉਠਾ ਸਕਦੇ ਹਨ।



ਸੂਤਰਾਂ ਮੁਤਾਬਕ ਇਸ ਦੌਰਾਨ ਕੇਂਦਰ ਵੱਲੋਂ ਪੰਜਾਬ ਨੂੰ ਰੋਕੇ ਗਏ ਫੰਡਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਵੀ ਸੀਐਮ ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਊਰਜਾ ਮੰਤਰੀ ਆਰਕੇ ਸਿੰਘ ਤੇ ਹੋਰਨਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਸੀ ਪਰ ਪੰਜਾਬ ਸਰਕਾਰ ਨੂੰ ਅਜੇ ਤੱਕ ਆਰਡੀਐਫ ਤੇ ਐਨਐਚਐਮ ਦੇ ਰੋਕੇ ਫੰਡਾਂ ਬਾਰੇ ਕੋਈ ਜਵਾਬ ਨਹੀਂ ਮਿਲਿਆ।



ਕੇਂਦਰੀ ਫੰਡਾਂ ਦੀ ਦੁਰਵਰਤੋਂ ਦੇ ਇਲਜ਼ਾਮ...

ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਸਪੱਸ਼ਟ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਕੇਂਦਰੀ ਸਕੀਮ ਦੇ ਸਿਹਤ ਫੰਡ ਦੀ ਵਰਤੋਂ ਮੁਹੱਲਾ ਕਲੀਨਕਾਂ ਵਿੱਚ ਕੀਤੀ ਹੈ। ਅਜਿਹੇ ਵਿੱਚ ਜਦੋਂ ਕੇਂਦਰ ਸਰਕਾਰ ਦੀ ਇਸ ਸਕੀਮ ਨੂੰ ਪੰਜਾਬ ਸਰਕਾਰ ਨੇ ਰੋਕ ਦਿੱਤਾ ਹੈ ਤਾਂ ਐਨਐਚਐਮ ਫੰਡ ਦੀ ਕੋਈ ਤੁਕ ਨਹੀਂ ਬਣਦੀ।