Punjab News: ਪੰਜਾਬ ਦੇ ਫੂਡ ਪ੍ਰੋਸੈਸਿੰਗ ਤੇ ਬਾਗ਼ਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਇਰਲ ਹੋਈ ‘ਆਡੀਓ ਕਲਿੱਪ’ ਆਮ ਆਦਮੀ ਪਾਰਟੀ ਲਈ ਸਿਰਦਰਦੀ ਬਣੀ ਹੋਈ ਹੈ। ਵਿਰੋਧੀ ਧਿਰਾਂ ਪੰਜਾਬ ਸਰਕਾਰ ਨੂੰ ਘੇਰਨ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦੇ ਰਹੀਆਂ। ਹੁਣ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਕਰਕੇ ਸੀਐਮ ਭਗਵੰਤ ਮਾਨ ਇਸ ਬਾਰੇ ਕੋਈ ਵੱਡਾ ਫੈਸਲਾ ਲੈ ਸਕਦੇ ਹਨ। 



ਬੇਸ਼ੱਕ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਾਇਰਲ ਆਡੀਓ ਕਲਿੱਪ ਨੂੰ ਫਰਜ਼ੀ ਦੱਸ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਆਡੀਓ ਕਲਿੱਪ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਪਰ ਦੂਜੇ ਪਾਸੇ ਸੂਤਰਾਂ ਦਾ ਕਹਿਣਾ ਹੈ ਕਿ ਮੰਤਰੀ ਨੇ ਆਮ ਆਦਮੀ ਪਾਰਟੀ ਵੱਲੋਂ ਜਾਰੀ ‘ਕਾਰਨ ਦੱਸੋ’ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ। ਇਸ ਕਰਕੇ ਪਾਰਟੀ ਲਈ ਵੀ ਹਾਲਤ ਔਖੀ ਬਣ ਗਈ ਹੈ।



ਦੱਸ ਦਈਏ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦਾ ਸਤੰਬਰ 2022 ਵਿੱਚ ‘ਆਡੀਓ ਕਲਿੱਪ’ ਵਾਇਰਲ ਹੋਇਆ ਸੀ। ਇਸ ਕਰਕੇ ਆਮ ਆਦਮੀ ਪਾਰਟੀ (ਆਪ) ਨੂੰ ਵਿਧਾਨ ਸਭਾ ਸੈਸ਼ਨ ਵਿੱਚ ਤੇ ਉਸ ਤੋਂ ਬਾਅਦ ਵਿਰੋਧੀਆਂ ਵੱਲੋਂ ਘੇਰੇ ਜਾਣ ਕਰਕੇ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਪਾਰਟੀ ਨੇ ਕੈਬਨਿਟ ਮੰਤਰੀ ਸਰਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ, ਜਿਸ ਨੂੰ ਮਹੀਨੇ ਦਾ ਸਮਾਂ ਹੋਣ ਵਾਲਾ ਹੈ। 


ਇਹ ਵੀ ਅਹਿਮ ਹੈ ਕਿ ਸਰਾਰੀ ਦੇ ਮਾਮਲੇ ਨੂੰ ‘ਆਪ’ ਦੇ ਸੂਬਾ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਖ਼ੁਦ ਦੇਖ ਰਹੇ ਹਨ। ਇਸ ਲਈ ਸਰਾਰੀ ਦੇ ਮਾਮਲੇ ’ਚ ਫ਼ੈਸਲਾ ਵੀ ਮੁੱਖ ਮੰਤਰੀ ਹੀ ਲੈਣਗੇ। ਕੁਝ ਦਿਨ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਸਰਾਰੀ ਨੂੰ ਦੀਵਾਲੀ ਮਨਾ ਲੈਣ ਦਿਓ। ਹੁਣ ਦੀਵਾਲੀ ਲੰਘ ਗਈ ਹੈ। ਇਸ ਲਈ ਕੋਈ ਅਹਿਮ ਫੈਸਲਾ ਹੋ ਸਕਦਾ ਹੈ।



ਇਹ ਵੀ ਖਾਸ ਹੈ ਕਿ ‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ। ‘ਆਪ’ ਨੇ ਪਹਿਲਾਂ ਵੀ ਸਿਹਤ ਮੰਤਰੀ ਵਿਜੈ ਸਿੰਗਲਾ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਸੀ। ਹੁਣ ਸਵਾਲ ਉੱਠ ਰਹੇ ਹਨ ਕਿ ਸਰਾਰੀ ਦੇ ਮਾਮਲੇ ਉੱਪਰ ਆਮ ਆਦਮੀ ਪਾਰਟੀ ਚੁੱਪ ਕਿਉਂ ਹੈ।