ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਤੋਂ ਦੋ ਰੋਜ਼ਾ ਦਿੱਲੀ ਦੌਰੇ 'ਤੇ ਜਾ ਰਹੇ ਹਨ। ਮਾਨ ਆਪਣੇ ਮੰਤਰੀਆਂ ਨਾਲ ਦਿੱਲੀ ਦੇ ਸਕੂਲ ਅਤੇ ਹਸਪਤਾਲ ਵੇਖਣ ਲਈ ਜਾ ਰਹੇ ਹਨ।ਮਾਨ ਆਮ ਆਦਮੀ ਪਾਰਟੀ ਦੇ ਸ਼ਾਸਨ ਵਾਲੀ ਦਿੱਲੀ ਸੂਬੇ ਦੇ ਵੱਖ-ਵੱਖ ਸਕੂਲਾਂ ਅਤੇ ਹਸਪਤਾਲਾਂ ਦਾ ਦੌਰਾ ਕਰਨਗੇ।



ਇਹ ਦੌਰਾ ਪਹਿਲਾਂ ਵੀ ਤੈਅ ਕੀਤਾ ਗਿਆ ਸੀ ਪਰ ਪ੍ਰੋਗਰਾਮ ਬਿਨ੍ਹਾਂ ਕੋਈ ਕਾਰਨ ਦੱਸੇ ਮੁਲਤਵੀ ਕਰ ਦਿੱਤਾ ਗਿਆ ਸੀ।ਭਗਵੰਤ ਮਾਨ ਦਿੱਲੀ ਦੇ ਸਕੂਲਾਂ ਅਤੇ ਹਸਪਤਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਿਆਂਦੇ ਗਏ ਸੁਧਾਰਾਂ ਦਾ ਅਧਿਐਨ ਕਰਨਗੇ।


ਸੂਬੇ ਭਰ ਵਿੱਚ ਸਿਹਤ ਅਤੇ ਸਿੱਖਿਆ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦੇ ਯਤਨਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਪ੍ਰਮੁੱਖ ਸਿਹਤ ਅਤੇ ਸਕੂਲੀ ਵਿਦਿਅਕ ਸੰਸਥਾਵਾਂ ਦਾ ਤੂਫਾਨੀ ਦੌਰਾ ਕਰਨਗੇ। ਉਨ੍ਹਾਂ ਦੇ ਨਾਲ ਸਕੂਲ ਸਿੱਖਿਆ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣਗੇ ਤਾਂ ਜੋ ਮੁੱਖ ਮੰਤਰੀ  ਨੂੰ ਇਨ੍ਹਾਂ ਦੋਵਾਂ ਮਹੱਤਵਪੂਰਨ ਖੇਤਰਾਂ ਵਿੱਚ ਪ੍ਰਚਲਿਤ ਮਾਡਲਾਂ ਤੋਂ ਜਾਣੂ ਕਰਵਾਇਆ ਜਾ ਸਕੇ ਜੋ ਸਿੱਧੇ ਤੌਰ ‘ਤੇ ਮਨੁੱਖੀ ਵਿਕਾਸ ਨਾਲ ਸਬੰਧਤ ਹਨ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਮੁਤਾਬਕ ਇਸ ਕਦਮ ਦਾ ਉਦੇਸ਼ ਪੰਜਾਬ ਦੇ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਦਿੱਲੀ ਮਾਡਲ ਨੂੰ ਲਾਗੂ ਕਰਨਾ ਹੈ।



ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸਵੇਰੇ ਕਾਲਕਾ ਜੀ ਵਿਖੇ ਡਾ. ਅੰਬੇਦਕਰ ਇੰਸਟੀਚਿਊਟ ਆਫ ਐਕਸੀਲੈਂਸ ਦਾ ਦੌਰਾ ਕਰਨਗੇ ਅਤੇ ਇਸ ਉਪਰੰਤ ਚਿਰਾਗ ਐਨਕਲੇਵ ਦੇ ਗ੍ਰੇਟਰ ਕੈਲਾਸ਼ ਵਿਖੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ ਜਿਸ ਤੋਂ ਬਾਅਦ ਭਗਵੰਤ ਮਾਨ ਕੌਟਿਲਿਆ ਸਰਕਾਰੀ ਸਰਵੋਧਿਆ ਬਾਲ ਵਿਦਿਆਲਿਆ ਚਿਰਾਗ ਐਨਕਲੇਵ ਦਾ ਦੌਰਾ ਕਰਨਗੇ।



ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਕੂਲ ਵਿੱਚ ਸਹੂਲਤਾਂ ਦਾ ਜਾਇਜਾ ਲੈਣ ਉਪਰੰਤ ਮੁੱਖ ਮੰਤਰੀ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਸਕੂਲ ਵਿੱਚ ਨਵੇਂ ਬਣੇ ਸਵੀਮਿੰਗ ਪੂਲ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਭਗਵੰਤ ਮਾਨ ਦਿਲਸ਼ਾਦ ਬਾਗ ਸਥਿਤ ਰਾਜੀਵ ਗਾਂਧੀ ਹਸਪਤਾਲ ਦਾ ਦੌਰਾ ਵੀ ਕਰਨਗੇ ਅਤੇ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਦਾ ਮੁਆਇਨਾ ਕਰਨਗੇ।


 


 


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।