ਅੰਮ੍ਰਿਤਸਰ : ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਭਗਵੰਤ ਮਾਨ ਦੀ ਸਰਕਾਰ ਨੇ ਬਹੁਤ ਹੀ ਅਹਿਮ ਉਪਰਾਲਾ ਸ਼ੁਰੂ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਨੂੰ ਵੱਖ-ਵੱਖ ਸੰਚਾਰ ਪਲੇਟਫਾਰਮਾਂ 'ਤੇ ਪ੍ਰਸਾਰਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਸੰਭਵ ਸਹਾਇਤਾ ਦੇਣ ਅਤੇ ਇਸ ਦੇ ਖਰਚੇ ਚੁੱਕਣ ਲਈ ਤਿਆਰ ਹੈ।

 

ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪ੍ਰਸਾਰਣ ਲਈ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਪ੍ਰਸਾਰਣ ਜਾਂ ਸੰਚਾਰ ਤਕਨਾਲੋਜੀ ਲਗਾਉਣ ਲਈ ਤਿਆਰ ਹੈ। ਇਸ ਸਮੇਂ ਇਕ ਨਿੱਜੀ ਟੀਵੀ ਚੈਨਲ 'ਤੇ ਗੁਰਬਾਣੀ ਦਾ ਪ੍ਰਸਾਰਣ ਹੋ ਰਿਹਾ ਹੈ। ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਸਰਬੱਤ ਦੇ ਭਲੇ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਫੈਲਾਉਣ ਦੇ ਟੀਚੇ ਨਾਲ ਸਰਬ ਸੰਜੀਦਾ ਗੁਰਬਾਣੀ ਨੂੰ ਵਿਸ਼ਵ ਭਰ ਵਿੱਚ ਪਹੁੰਚਾਉਣ ਲਈ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ।

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਕ ਚਿੱਠੀ ਲਿਖ ਕੇ ਕਿਹਾ ਹੈ ਕਿ ਪਵਿੱਤਰ ਗੁਰਬਾਣੀ ਦੇ ਪ੍ਰਸਾਰ ਲਈ ਪੰਜਾਬ ਸਰਕਾਰ ਨੂੰ ਮਨਜ਼ੂਰੀ ਦਿੱਤੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆਧੁਨਿਕ ਤਕਨੀਕ ਵਾਲੇ ਉਪਕਰਨਾਂ ਨਾਲ ਗੁਰਬਾਣੀ ਦੇ ਪ੍ਰਸਾਰਣ ਦੀ ਸ਼੍ਰੋਮਣੀ ਕਮੇਟੀ ਇਜਾਜ਼ਤ ਦੇਵੇ। ਪੰਜਾਬ ਸਰਕਾਰ ਪੂਰਾ ਖਰਚਾ ਚੁੱਕਣ ਲਈ ਤਿਆਰ ਹੈ। 


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਪਵਿੱਤਰ ਗੁਰਬਾਣੀ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ। ਯੂਟਿਊਬ, ਮੋਬਾਈਲ ਐਪ, ਐਫਐਮ, ਰੇਡੀਓ, ਸੋਸ਼ਲ ਮੀਡੀਆ ਅਤੇ ਸੈਟੇਲਾਈਟ ਟੀਵੀ ਰਾਹੀਂ ਪਵਿੱਤਰ ਗੁਰਬਾਣੀ ਦਾ ਪ੍ਰਚਾਰ ਕਰੋ। ਦੱਸ ਦੇਈਏ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਕਈ ਵੱਡੇ ਫੈਸਲੇ ਲਏ ਹਨ। ਵੀਰਵਾਰ ਨੂੰ ਭਗਵੰਤ ਮਾਨ ਨੇ ਸੂਬੇ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੇ ਕਾਰੋਬਾਰ ਨੂੰ ਰੋਕਣ ਲਈ ਵੀ ਬਹੁਤ ਅਹਿਮ ਕਦਮ ਚੁੱਕੇ ਹਨ।