Punjab News: ਸੀਐਮ ਭਗਵੰਤ ਮਾਨ ਦਾ ਐਲਾਨ, ਖਿਡਾਰੀਆਂ ਨੂੰ 16,000 ਪ੍ਰਤੀ ਮਹੀਨਾ ਵਜ਼ੀਫਾ ਦੇਵਾਂਗੇ
CM ਭਗਵੰਤ ਮਾਨ ਨੇ ਕਿਹਾ ਕਿ ਸੀਨੀਅਰ ਬਲਬੀਰ ਸਿੰਘ ਯੋਜਨਾ ਤਹਿਤ ਰਾਸ਼ਟਰੀ ਵਿਜੇਤਾਵਾਂ ਨੂੰ ਅੱਗੇ ਤਿਆਰੀ ਲਈ 16,000 ਪ੍ਰਤੀ ਮਹੀਨਾ ਵਜ਼ੀਫਾ ਦੇਵਾਂਗੇ। ਸੀਐਮ ਮਾਨ ਇਹ ਐਲਾਨ ਨੈਸ਼ਨਲ ਗੇਮਜ਼-2022 ਦੌਰਾਨ ਪੰਜਾਬ ਦੇ ਜੇਤੂ ਖਿਡਾਰੀਆਂ ਦੇ ਸਨਮਾਨ ਸਮਾਰੋਹ ਦੌਰਾਨ ਕੀਤਾ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ 'ਚ ਖੇਡਾਂ ਦੇ ਪੱਧਰ ਨੂੰ ਉੱਪਰ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ ਸੀਨੀਅਰ ਬਲਬੀਰ ਸਿੰਘ ਯੋਜਨਾ ਤਹਿਤ ਰਾਸ਼ਟਰੀ ਵਿਜੇਤਾਵਾਂ ਨੂੰ ਅੱਗੇ ਤਿਆਰੀ ਲਈ 16,000 ਪ੍ਰਤੀ ਮਹੀਨਾ ਵਜ਼ੀਫਾ ਦੇਵਾਂਗੇ। ਸੀਐਮ ਮਾਨ ਇਹ ਐਲਾਨ ਨੈਸ਼ਨਲ ਗੇਮਜ਼-2022 ਦੌਰਾਨ ਪੰਜਾਬ ਦੇ ਜੇਤੂ ਖਿਡਾਰੀਆਂ ਦੇ ਸਨਮਾਨ ਸਮਾਰੋਹ ਦੌਰਾਨ ਕੀਤਾ।
ਪੰਜਾਬ 'ਚ ਖੇਡਾਂ ਦੇ ਪੱਧਰ ਨੂੰ ਅਸੀਂ ਬਹੁਤ ਉੱਪਰ ਲੈ ਕੇ ਜਾਵਾਂਗੇ
— AAP Punjab (@AAPPunjab) April 21, 2023
ਸੀਨੀਅਰ ਬਲਬੀਰ ਸਿੰਘ ਯੋਜਨਾ ਤਹਿਤ ਰਾਸ਼ਟਰੀ ਵਿਜੇਤਾਵਾਂ ਨੂੰ ਅੱਗੇ ਤਿਆਰੀ ਲਈ ₹16,000 ਪ੍ਰਤੀ ਮਹੀਨਾ ਵਜ਼ੀਫਾ ਦੇਵਾਂਗੇ
—CM @BhagwantMann pic.twitter.com/P6XA0fNgge
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖਿਡਾਰੀਆਂ ਨੂੰ ਮਾਨ ਸਨਮਾਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਖਿਡਾਰੀਆਂ ਨੂੰ ਤਗ਼ਮੇ ਜਿੱਤਣ ਦੇ ਕੁਝ ਦਿਨ ਬਾਅਦ ਹੀ ਸਨਮਾਨਤ ਕਰਨਾ ਹੈ। ਅਸੀਂ 'ਖੇਡਾਂ ਵਤਨ ਪੰਜਾਬ ਦੀਆਂ' 'ਚ ਪੁਰਾਣੀਆਂ ਖੇਡਾਂ ਨੂੰ ਮੁੜ-ਸੁਰਜੀਤ ਕੀਤਾ ਹੈ। ਅਸੀਂ ਸਾਰੇ ਸਰਕਾਰੀ ਸਕੂਲਾਂ ਨੂੰ ਸਰੀਰਕ ਸਿੱਖਿਆ ਦੀਆਂ ਸੰਸਥਾਵਾਂ ਬਣਾਵਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਪੰਜਾਬ ਪਹਿਲਾ ਸੂਬਾ ਬਣ ਗਿਆ ਜਿਸ ਨੇ ਕੌਮੀ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦੇ ਤਗਮਾ ਜੇਤੂਆਂ ਨੂੰ 3-3 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂਆਂ ਨੂੰ 2-2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਰੂਪ-ਰੇਖਾ ਤਿਆਰ ਕੀਤੀ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ, “ਸੂਬੇ ਦਾ ਨਾਂ ਰੌਸ਼ਨ ਕਰਨ ਲਈ ਸਾਰੇ ਖਿਡਾਰੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਸਾਡੀ ਸਰਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੂਬੇ ਦੇ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣਾ ਹੈ ਜੋ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣ ਸਕਦੇ ਹਨ।
‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ’ ਤਹਿਤ ਖਿਡਾਰੀਆਂ ਨੂੰ 16,000 ਰੁਪਏ ਮਹੀਨਾ ਵਜ਼ੀਫ਼ਾ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨ ਖਿਡਾਰੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਸੂਬਾ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਪਹਿਲਾਂ ਮਾਪੇ ਨਹੀਂ ਸੀ ਚਾਹੁੰਦੇ ਕਿ ਉਨ੍ਹਾਂ ਦੇ ਬੱਚੇ ਖੇਡਾਂ ਵਿੱਚ ਹਿੱਸਾ ਲੈਣ ਪਰ ਹੁਣ ਇਹ ਪਹਿਲਕਦਮੀ ਫੈਸਲਾਕੁੰਨ ਬਦਲਾਅ ਲਿਆਏਗੀ ਅਤੇ ਉਭਰਦੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਖੇਡਾਂ ਵਿੱਚ ਹਿੱਸਾ ਲੈਣ ਲਈ ਉੱਚ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਸੂਬੇ ਵਿੱਚ ਖੇਡਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਖਿਡਾਰੀਆਂ ਨੂੰ ਪੇਸ਼ੇਵਰ ਕੋਚ, ਖੁਰਾਕ ਅਤੇ ਹੋਰ ਸਹੂਲਤਾਂ ਦੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਹ ਆਪਣੇ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ।