ਅੰਮ੍ਰਿਤਸਰ: ਸ਼ਹਿਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਹਾਦਸੇ ਤੋਂ 16 ਘੰਟਿਆਂ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਖ਼ਰ ਅੰਮ੍ਰਿਤਸਰ ਪਹੁੰਚ ਗਏ ਹਨ। ਕੈਪਨਟ ਨੇ ਮ੍ਰਿਤਕਾਂ ਲਈ ਤਿੰਨ ਕਰੋੜ ਰੁਪਏ ਦੀ ਰਾਹਤ ਤੁਰੰਤ ਅੰਮ੍ਰਿਤਸਰ ਦੇ ਡੀਸੀ ਦੇ ਨੂੰ ਪਹੁੰਚਾਉਣ ਦੇ ਹੁਕਮ ਦਿੱਤੇ ਹਨ।


ਮੁੱਖ ਮੰਤਰੀ ਨੇ ਸਵੇਰੇ ਸਵਾ ਕੁ ਗਿਆਰਾਂ ਵਜੇ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ ਤੇ ਉੱਥੇ ਹੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਮੇਤ ਹੋਰਨਾਂ ਅਫ਼ਸਰਾਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਵੱਖ-ਵੱਖ ਹਸਪਤਾਲਾਂ ਵਿੱਚ ਜ਼ਖ਼ਮੀਆਂ ਦਾ ਹਾਲ ਵੀ ਜਾਣਿਆ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਹੋਰ ਵੀ ਮੰਤਰੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ।

ਕੈਪਟਨ ਨੇ ਹਾਦਸੇ ਦੀ ਜਾਂਚ ਦੇ ਹੁਕਮ ਪਹਿਲਾਂ ਹੀ ਦੇ ਦਿੱਤੇ ਸਨ, ਉੱਧਰ ਰੇਲਵੇ ਪੁਲਿਸ ਨੇ ਵੀ ਧਾਰਾ 304, 304 ਏ ਅਤੇ 337 ਤਹਿਤ ਅਣਪਛਾਤੇ ਲੋਕਾਂ 'ਤੇ ਕੇਸ ਦਰਜ ਕਰ ਲਿਆ ਹੈ। ਜਾਂਚ ਤੋਂ ਬਾਅਦ ਤੈਅ ਕੀਤਾ ਜਾਵੇਗਾ ਕਿ ਹਾਦਸਾ ਕਿਸ ਦੀ ਗ਼ਲਤੀ ਨਾਲ ਵਾਪਰਿਆ ਹੈ।