ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਓਥੇ ਭੁਪਿੰਦਰ ਹਨੀ ਨੂੰ ਮਨਜਿੰਦਰ ਸਿੰਘ ਵਧੀਕ ਜ਼ਿਲ੍ਹਾ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਵਿੱਚ ਈਡੀ ਵੱਲੋਂ ਕਿਹਾ ਗਿਆ ਕਿ ਭੁਪਿੰਦਰ ਸਿੰਘ ਹਨੀ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ, ਜਿਸ ਕਰਕੇ ਉਸ ਦਾ 14 ਦਿਨਾਂ ਦਾ ਰਿਮਾਂਡ ਦਿੱਤਾ ਜਾਵੇ।


ਓਥੇ ਹੀ ਭੁਪਿੰਦਰ ਸਿੰਘ ਹਨੀ ਦੇ ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਦਾਲਤ 'ਚ ਦੱਸਿਆ ਕਿ ਉਹ ਜਾਂਚ 'ਚ ਸਹਿਯੋਗ ਕਰ ਰਹੇ ਹਨ ਅਤੇ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਲਈ ਤਿਆਰ ਹਨ। ਇਸ ਤੋਂ ਬਾਅਦ ਅਦਾਲਤ ਨੇ ਈਡੀ ਨੂੰ 8 ਫਰਵਰੀ ਤੱਕ ਰਿਮਾਂਡ ਦੇ ਦਿੱਤਾ, ਹੁਣ ਭੁਪਿੰਦਰ ਸਿੰਘ ਹਨੀ ਨੂੰ 8 ਫਰਵਰੀ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


ਉਨ੍ਹਾਂ ਨੇ ਕਿਹਾ ਕਿ ਸਾਨੂੰ 2018 ਦੇ ਆਧਾਰ 'ਤੇ ਸਾਨੂੰ ਗ੍ਰਿਫਤਾਰ ਕੀਤਾ ਹੈ ਪਰ ਨਾ ਤਾਂ ਸਾਡਾ ਐਫ.ਆਈ.ਆਰ. ਵਿੱਚ ਨਾਮ ਹੈ ਅਤੇ ਨਾ ਹੀ ਸਾਡਾ ਇਸ ਨਾਲ ਕੋਈ ਸਬੰਧ ਹੈ। ਈਡੀ ਦਾ ਕਹਿਣਾ ਸੀ ਕਿ 2018 ਦੀ ਐਫਆਈਆਰ ਦੇ ਆਧਾਰ 'ਤੇ ਉਨ੍ਹਾਂ ਨੇ ਪੈਸੇ ਬਰਾਮਦ ਕਰ ਲਏ ਹਨ ਪਰ 2018 ਦੀ ਐਫਆਈਆਰ ਵਿੱਚ ਸਾਡੇ ਕਿਸੇ ਵੀ ਬੰਦੇ ਦਾ ਨਾਮ ਨਹੀਂ ਸੀ।


ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੂਪੇਂਦਰ ਹਨੀ (Bhupinder Singh Honey) ਨੂੰ ਬੀਤੀ ਦੇਰ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫਤਾਰ ਕਰ ਲਿਆ ਸੀ। ਜਲੰਧਰ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਪਿਛਲੇ ਦਿਨੀ ਹਨੀ ਦੇ ਟਿਕਾਣਿਆਂ ਤੋਂ ED ਨੇ  ਕਰੋੜਾਂ ਰੁਪਏ ਬਰਾਮਦ ਕੀਤੇ ਸਨ। ਦੱਸ ਦੇਈਏ ਕਿ ਪਿਛਲੇ ਦਿਨੀਂ ਈਡੀ ਵੱਲੋਂ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ।