ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਜ਼ੈੱਡ ਪਲੱਸ ਸੁਰੱਖਿਆ ਹੇਠ ਰਹਿਣਗੇ। ਕਰਤਾਰਪੁਰ ਲਾਂਘੇ ਦਾ ਮਸਲਾ ਪਾਕਿਸਤਾਨ ਕੋਲ ਉਠਾਉਣ ਤੇ ਪੰਜਾਬ ਰਾਜਾਂ ਦੀਆਂ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੜੇ ਹੱਥੀਂ ਲੈਣ ਕਰਕੇ ਉਨ੍ਹਾਂ ਨੂੰ ਕਈ ਧਮਕੀਆਂ ਮਿਲ ਰਹੀਆਂ ਹਨ। ਇਸ ਮਗਰੋਂ ਖੁਫੀਆ ਏਜੰਸੀਆਂ ਨੇ ਉਨ੍ਹਾਂ ਦੀ ਸੁਰੱਖਿਆ ਵਧਾਉਣ ਦੀ ਸਿਫਾਰਸ਼ ਕੀਤੀ ਸੀ।
ਪੰਜਾਬ ਸਰਕਾਰ ਨੇ ਸਿੱਧੂ ਦੀ ਜਾਨ ਨੂੰ ਖ਼ਤਰਾ ਮੰਨਦਿਆਂ ਬੁਲੇਟ ਪਰੂਫ ਗੱਡੀਆ ਸਮੇਤ ਮੰਤਰੀ ਦੀ ਸੁਰੱਖਿਆ ਵਿੱਚ ਭਾਰੀ ਵਾਧਾ ਕਰ ਦਿੱਤਾ ਹੈ। ਕੈਪਟਨ ਸਰਕਾਰ ਨੇ ਸਿੱਧੂ ਨੂੰ ਸੂਬਾਈ ਪੱਧਰ ’ਤੇ ਜ਼ੈੱਡ ਪਲੱਸ ਸੁਰੱਖਿਆ ਸ਼੍ਰੇਣੀ ਵਿੱਚ ਸ਼ਾਮਲ ਕਰ ਲਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਸਿੰਘ ਕਲਸੀ ਨੇ ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ ਨੂੰ ਭੇਜੇ ਪੱਤਰ ਰਾਹੀਂ ਸਿੱਧੂ ਨੂੰ ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਸੀਆਈਐਸਐਫ ਜਾਂ ਸੀਏਪੀਐਫ ਦੀ ਸੁਰੱਖਿਆ ਛੱਤਰੀ ਮੁਹੱਈਆ ਕਰਾਉਣ ਲਈ ਕਿਹਾ ਹੈ।
ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਅਤੇ ਡੀਜੀਪੀ (ਇੰਟੈਲੀਜੈਂਸ) ਦਿਨਕਰ ਗੁਪਤਾ ਵੱਲੋਂ ਸਿੱਧੂ ਦੀ ਸੁਰੱਖਿਆ ਦੀ ਸਮੀਖਿਆ ਵੀ ਕੀਤੀ ਗਈ ਸੀ। ਰਾਜ ਸਰਕਾਰ ਵੱਲੋਂ ਮੰਤਰੀ ਦੀ ਸੁਰੱਖਿਆ ’ਚ ਵਾਧਾ ਕਰਦਿਆਂ ਕਮਾਂਡੋ ਬਟਾਲੀਅਨਾਂ ਨਾਲ ਸਬੰਧਤ ਵੱਡੀ ਗਿਣਤੀ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਪੱਤਰ ਰਾਹੀਂ ਜਿੱਥੇ ‘ਹਿੰਦੂ ਯੁਵਾ ਵਾਹਿਨੀ’ ਵੱਲੋਂ ਦਿੱਤੀਆਂ ਧਮਕੀਆਂ ਦਾ ਜ਼ਿਕਰ ਕੀਤਾ ਗਿਆ, ਉੱਥੇ ਇਹ ਵੀ ਕਿਹਾ ਗਿਆ ਕਿ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਤਿੱਖੀ ਆਲੋਚਨਾ ਕਰਦਿਆਂ ਅਕਾਲੀ ਆਗੂਆਂ ਦੇ ਮਾਫ਼ੀਆ ਨਾਲ ਸਬੰਧਾਂ ਦੇ ਦੋਸ਼ ਲਾਏ ਹਨ।
ਕੈਪਟਨ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਨੂੰ ਡਰੱਗ ਮਾਫੀਆ ਤੇ ਮਾਈਨਿੰਗ ਮਾਫ਼ੀਆ ਤੋਂ ਵੀ ਖ਼ਤਰਾ ਹੈ। ਸਿੱਧੂ ਦੀਆਂ ਪਾਕਿਸਤਾਨ ਫੇਰੀਆਂ ਦਾ ਜ਼ਿਕਰ ਕਰਦਿਆਂ ਰਾਜ ਸਰਕਾਰ ਨੇ ਕਿਹਾ ਹੈ ਕਿ ਪਾਕਿਸਤਾਨ ਸੈਨਾ ਦੇ ਮੁਖੀ ਕਮਰ ਜਾਵੇਦ ਬਾਜਵਾ ਨਾਲ ਜੱਫੀ ਪਾਉਣ ਤੋਂ ਬਾਅਦ ਇਸ ਮੰਤਰੀ ਨੂੰ ਖ਼ਤਰਾ ਹੋਰ ਵੀ ਵਧ ਗਿਆ ਹੈ। ਰਾਜ ਸਰਕਾਰ ਨੇ ਇਸ ਮੰਤਰੀ ਨੂੰ ਡੇਰਾ ਸਿਰਸਾ ਦੇ ਸ਼ਰਧਾਲੂਆਂ ਤੋਂ ਵੀ ਖ਼ਤਰਾ ਹੋਣ ਦੀ ਗੱਲ ਕਹੀ ਗਈ ਹੈ।
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਹਾਲ ਹੀ ਵਿਚ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਸਨ। ਇਸੇ ਦੌਰਾਨ ਹੀ ਉੱਤਰ ਪ੍ਰਦੇਸ਼ ਨਾਲ ਸਬੰਧਤ ‘ਹਿੰਦੂ ਯੁਵਾ ਵਹਿਨੀ’ ਨੇ ਸਿੱਧੂ ਦੇ ਸਿਰ ਦਾ ਇਨਾਮ ਇਕ ਕਰੋੜ ਰੁਪਏ ਰੱਖਿਆ ਸੀ।
ਕਾਂਗਰਸ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਵੀ ਸਿੱਧੂ ਨੂੰ ‘ਸਟਾਰ ਕੰਪੇਨਰ’ ਐਲਾਨਿਆ ਹੋਇਆ ਹੈ। ਪੰਜਾਬ ਵਿੱਚ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਗ੍ਰਹਿ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਜ਼ੈੱਡ ਪਲੱਸ ਸੁਰੱਖਿਆ ਸ਼੍ਰੇਣੀ ਵਿੱਚ ਰੱਖਿਆ ਹੋਇਆ ਹੈ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੀ ਸੀਆਈਐਸਐਫ ਦੀ ਸੁਰੱਖਿਆ ਦਿੱਤੀ ਹੋਈ ਹੈ।