Punjab News: ਕਿਸਾਨ ਅੰਦੋਲਨ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਵੀ ਸਿਆਸਤ ਗਰਮਾਉਣ ਲੱਗੀ ਹੈ। ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ 'ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਸੀਮਾ ਸੁਰੱਖਿਆ ਬਲ (BSF), ਰੈਪਿਡ ਐਕਸ਼ਨ ਫੋਰਸ (RAF) ਅਤੇ ਹਰਿਆਣਾ ਪੁਲਿਸ ਦੇ ਜਵਾਨ ਤਾਇਨਾਤ ਹਨ। 


ਇਸ ਦੌਰਾਨ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੇ ਅੰਦੋਲਨ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਮਾਨ ਨੇ ਜਿਥੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ, ਉਥੇ ਮਨੋਹਰ ਲਾਲ ਨੇ ਕਿਹਾ ਕਿ ਜੇਕਰ ਕਿਸਾਨ ਹਥਿਆਰਬੰਦ ਹੋ ਕੇ ਆਏ ਤਾਂ ਉਨ੍ਹਾਂ ਨੂੰ ਰੋਕਿਆ ਜਾਵੇਗਾ।


ਪੰਜਾਬ ਅਤੇ ਭਾਰਤ ਵਿਚਾਲੇ ਸਰਹੱਦ ਨਾ ਖਿੱਚੋ: ਮਾਨ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਸੋਸ਼ਲ ਮੀਡੀਆ ਪੋਸਟ 'ਤੇ ਉਨ੍ਹਾਂ ਲਿਖਿਆ ਕਿ ਤੁਸੀਂ ਵੱਡੇ ਕਿੱਲ ਅਤੇ ਕੰਡਿਆਲੀ ਤਾਰ ਲਗਾ ਕੇ ਭਾਰਤ ਅਤੇ ਪੰਜਾਬ ਦੀ ਸਰਹੱਦ ਨਾ ਬਣਾਓ। ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣੀਆਂ ਚਾਹੀਦੀਆਂ ਹਨ।






ਹਥਿਆਰਬੰਦ ਹੋ ਕੇ ਜਾਓਗੇ ਤਾਂ ਤੁਹਾਨੂੰ ਜ਼ਰੂਰ ਰੋਕਿਆ ਜਾਵੇਗਾ: ਮਨੋਹਰ ਲਾਲ


ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਸੂਬੇ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਜੇਕਰ ਕਿਸਾਨ ਟਰੈਕਟਰਾਂ 'ਤੇ ਹਥਿਆਰ ਲੈ ਕੇ ਜਾਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਜ਼ਰੂਰ ਰੋਕਾਂਗੇ।


ਸੀਐਮ ਖੱਟਰ ਨੇ ਕਿਸਾਨਾਂ ਦੇ ਦਿੱਲੀ ਮਾਰਚ 'ਤੇ ਕਿਹਾ ਕਿ ਦਿੱਲੀ ਜਾਣ ਤੋਂ ਕੋਈ ਨਹੀਂ ਰੋਕ ਰਿਹਾ। ਦਿੱਲੀ ਜਾਣ ਲਈ ਬਹੁਤ ਸਾਰੀਆਂ ਬੱਸਾਂ ਤੇ ਰੇਲ ਗੱਡੀਆਂ ਹਨ। ਟਰੈਕਟਰ ਲੈ ਕੇ ਜਾਓਗੇ, ਅੱਗੇ ਹਥਿਆਰ ਬੰਨ੍ਹ ਕੇ ਜਾਓਗੇ ਤਾਂ ਰੋਕਿਆ ਹੀ ਜਾਏਗਾ। ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਲੋੜ ਹੈ। ਪ੍ਰਦਰਸ਼ਨ ਲੋਕਤੰਤਰ ਵਿੱਚ ਤੈਅ ਮਾਪਦੰਡਾਂ ਅਨੁਸਾਰ ਹੋਣਾ ਚਾਹੀਦਾ ਹੈ। ਅਸੀਂ ਪਿਛਲੇ ਅਨੁਭਵ ਨੂੰ ਜਾਣਦੇ ਹਾਂ।