Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਮਾਰਚ (ਵੀਰਵਾਰ) ਨੂੰ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਕਿਆਸ ਹਨ ਕਿ ਇਸ ਮੀਟਿੰਗ ਦੌਰਾਨ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਖ਼ਾਸਕਰ ਅਜਨਾਲਾ ਵਿੱਚ ਬੀਤੇ ਦਿਨੀਂ ਵਾਪਰੇ ਘਟਨਾਕ੍ਰਮ ’ਤੇ ਚਰਚਾ ਹੋ ਸਕਦੀ ਹੈ।
ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਚੱਲ ਰਹੀ ਕੁੜੱਤਣ ਦਾ ਮਾਮਲਾ ਵੀ ਵਿਚਾਰਿਆ ਜਾ ਸਕਦਾ ਹੈ ਕਿਉਂਕਿ ਕਿ ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ।
ਇਸ ਦੌਰਾਨ ਇਹ ਵੀ ਖ਼ਬਰਾਂ ਸਾਹਮਣੇ ਆਈਆਂ ਸੀ ਕਿ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ ਪਰ ਇਸ ਦੀ ਅਧਿਕਾਰਕ ਤੌਰ ਉੱਤੇ ਕੋਈ ਪੁਸ਼ਟੀ ਨਹੀਂ ਹੋਈ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ ਅਤੇ ਗ੍ਰਹਿ ਮੰਤਰਾਲੇ ਵੱਲੋਂ ਉਨ੍ਹਾਂ ਨੂੰ ਵੀਰਵਾਰ ਦੁਪਹਿਰ ਦਾ ਸਮਾਂ ਦਿੱਤਾ ਗਿਆ ਹੈ।
ਕਾਨੂੰਨ ਵਿਵਸਥਾ ਨੂੰ ਲੈ ਕੇ ਕਿਉਂ ਉੱਠੇ ਸਵਾਲ
ਜ਼ਿਕਰ ਕਰ ਦਈਏ ਕਿ ਖ਼ਾਲਿਸਤਾਨ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਬੀਤੇ ਦਿਨੀਂ ਪੁਲਿਸ ਵੱਲੋਂ ਫੜੇ ਇਕ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਛੁਡਾਉਣ ਲਈ ਥਾਣੇ ’ਤੇ ਕੀਤੇ ਹਮਲੇ ਅਤੇ ਕਬਜ਼ੇ ਦੌਰਾਨ ਇਕ ਕੌਮਾਂਤਰੀ ਪੱਧਰ ਦੇ ਹਾਕੀ ਖ਼ਿਡਾਰੀ ਅਤੇ ਐੱਸ.ਪੀ. ਜੁਗਰਾਜ ਸਿੰਘ ਸਣੇ 6 ਪੁਲਿਸ ਕਰਮੀ ਜ਼ਖ਼ਮੀ ਹੋਏ ਸਨ। ਇਸ ਨੂੰ ਲੈ ਕੇ ਪੰਜਾਬ ਪੁਲਿਸ ਤੇ ਸਰਕਾਰ ਦੀ ਸਾਰੇ ਪਾਸੇ ਫਜ਼ੀਹਤ ਹੋਈ ਸੀ।
ਕਾਰਵਾਈ ਦਾ ਦਿੱਤਾ ਸੀ ਭਰੋਸਾ
ਜ਼ਿਕਰਯੋਗ ਹੈ ਕਿ ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀਆਂ ਸਰਗਰਮੀਆਂ ਦੇ ਹਵਾਲੇ ਨਾਲ ਭਾਜਪਾ ਸਣੇ ਸਾਰੀਆਂ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ’ਤੇ ਕਾਰਵਾਈ ਲਈ ਦਬਾਅ ਬਣਾਏ ਹੋਏ ਹਨ ਹਾਲਾਂਕਿ ਨਾ ਕੇਵਲ ਮੁੱਖ ਮੰਤਰੀ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਪੰਜਾਬ ਦੇ ‘ਵਾਰਿਸ’ ਨਾ ਹੋਣ ਦਾ ਤਨਜ਼ ਕੱਸਦਿਆਂ ਸਰਕਾਰ ਦਾ ਇਰਾਦਾ ਜ਼ਾਹਿਰ ਕੀਤਾ ਸੀ। ਇਸ ਤੋਂ ਇਲਾਵਾ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਵੀ ਕਾਰਵਾਈ ਦੀ ਗੱਲ ਕਹੀ ਗਈ ਸੀ ਪਰ ਹਾਲੇ ਤੱਕ ਕਿਸੇ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ।