Punjab Government: ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਦਾ ਐਲਾਨ ਕੀਤਾ ਹੈ।


ਇੱਥੇ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਤਕਰੀਬਨ 14 ਕੀਮਤੀ ਜਾਨਾਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਉਤੇ ਜਾਂਦੀਆਂ ਇਹ ਜਾਨਾਂ ਬਚਾਈਆਂ ਜਾ ਸਕਦੀਆਂ ਹਨ, ਜਿਸ ਲਈ ਪੰਜਾਬ ਪੁਲਿਸ ਵਿੱਚ ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਥਾਣਿਆਂ ਵਿੱਚ ਤਾਇਨਾਤ ਸਿਪਾਹੀਆਂ ਦੇ ਕੰਮ ਦਾ ਬੋਝ ਘਟਾਉਣ ਲਈ ਇਸ ਫੋਰਸ ਨੂੰ ਗਲਤ ਡਰਾਈਵਿੰਗ ਰੋਕਣ, ਸੜਕਾਂ ਉਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਕਰਨ ਅਤੇ ਹੋਰ ਕੰਮ ਦਿੱਤੇ ਜਾਣਗੇ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਕੇਂਦਰ ਨਵੀਂ ਤਕਨਾਲੋਜੀ ਨਾਲ ਲੈਸ ਹਨ ਅਤੇ ਇਸ ਕੇਂਦਰ ਨਾਲ ਹੈਵੀ ਲਾਇਸੈਂਸ ਹਾਸਲ ਕਰਨ ਦੇ ਚਾਹਵਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸੇ ਤੇ ਊਰਜਾ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਦੂਜੇ ਮੁਲਕ ਸੜਕਾਂ ਉਤੇ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਵੱਡੇ ਪੱਧਰ ਉਤੇ ਜ਼ੋਰ ਦਿੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਕਿਸੇ ਨਾਗਰਿਕ ਨੂੰ ਲਾਇਸੈਂਸ ਲੈਣ ਲਈ ਲਿਖਤੀ ਦੇ ਪ੍ਰੈਕਟੀਕਲ ਦੋਵੇਂ ਤਰ੍ਹਾਂ ਦੀ ਪ੍ਰੀਖਿਆ ਦੇਣੀ ਪੈਂਦੀ ਹੈ।






ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਵਿਦੇਸ਼ਾਂ ਵਾਂਗ ਇਹ ਕੇਂਦਰ ਡਰਾਈਵਰਾਂ ਨੂੰ ਸੜਕਾਂ ਉਤੇ ਆਪਣੇ ਵਾਹਨਾਂ ਦੀ ਸੁਰੱਖਿਆ ਬਾਰੇ ਜਾਣਕਾਰੀ ਦੇਣ ਲਈ ਅਹਿਮ ਭੂਮਿਕਾ ਨਿਭਾਉਣਗੇ। ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਅਨੁਸ਼ਾਸਨ, ਧੀਰਜ ਅਤੇ ਨਿਯਮਾਂ ਦੀ ਪਾਲਣ ਵਰਗੇ ਮੂਲ ਸੰਕਲਪ ਅਪਨਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੜਕਾਂ ਉਤੇ ਹਰੇਕ ਵਿਅਕਤੀ ਨੂੰ ਸਮਾਜ ਦੇ ਵਡੇਰੇ ਹਿੱਤ ਵਿੱਚ ਅਨੁਸ਼ਾਸਨ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸੜਕਾਂ ਉਤੇ ਵਾਪਰਦੇ ਹਾਦਸਿਆਂ ਨੂੰ ਘਟਾਉਣ ਲਈ ‘ਬਲਾਇੰਡ ਸਪਾਟ’ (ਵੱਧ ਹਾਦਸੇ ਵਾਪਰਨ ਵਾਲੀਆਂ ਥਾਵਾਂ) ਨੂੰ ਦਰੁਸਤ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ।