ਸੀਐਮ ਭਗਵੰਤ ਮਾਨ ਵੱਲੋਂ ਗੈਂਗਸਟਰ ਅੰਸਾਰੀ ਦੇ 'ਐਸ਼ੋ-ਆਰਾਮ' 'ਤੇ ਖਰਚੇ 55 ਲੱਖ ਕੈਪਟਨ ਤੇ ਰੰਧਾਵਾ ਤੋਂ ਵਸੂਲਣ ਦਾ ਐਲਾਨ
ਮੁੱਖ ਮੰਤਰੀ ਨੇ ਕਿਹਾ, ਇਹ ਸੂਬੇ ਤੇ ਇਸ ਦੇ ਲੋਕਾਂ ਵਿਰੁੱਧ ਇੱਕ ਗੰਭੀਰ ਅਪਰਾਧ ਹੈ ਤੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਰੰਧਾਵਾ, ਦੋਵਾਂ ਨੇ ਬਦਨਾਮ ਗੈਂਗਸਟਰ ਨੂੰ ਪੰਜਾਬ ਦੀਆਂ...
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ ਖ਼ਤਰਨਾਕ ਅਪਰਾਧੀ ਮੁਖਤਾਰ ਅੰਸਾਰੀ ਦੇ ਆਰਾਮਪ੍ਰਸਤੀ ਠਹਿਰਾਅ 'ਤੇ ਖਰਚੇ ਗਏ 55 ਲੱਖ ਰੁਪਏ ਸੂਬਾ ਸਰਕਾਰ ਅਦਾ ਨਹੀਂ ਕਰੇਗੀ ਤੇ ਇਹ ਪੈਸਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਤੇ ਇਸ ਦੇ ਲੋਕਾਂ ਵਿਰੁੱਧ ਇੱਕ ਗੰਭੀਰ ਅਪਰਾਧ ਹੈ ਤੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਰੰਧਾਵਾ, ਦੋਵਾਂ ਨੇ ਬਦਨਾਮ ਗੈਂਗਸਟਰ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਐਸ਼ਪ੍ਰਸਤੀ ਨਾਲ ਰਹਿਣ ਦੀ ਖੁੱਲ੍ਹ ਦਿੱਤੀ ਜਿਸ ਦੇ ਕਾਰਨ ਉਹ ਬਿਹਤਰ ਢੰਗ ਨਾਲ ਜਾਣਦੇ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦਾ ਪੈਸਾ ਇਸ ਤਰ੍ਹਾਂ ਬਰਬਾਦ ਕਿਉਂ ਹੋਣ ਦੇਵੇ ਜਦਕਿ ਉਸ ਸਮੇਂ ਸੱਤਾ 'ਚ ਰਹਿਣ ਵਾਲਿਆਂ ਨੇ ਅੰਸਾਰੀ ਨਾਲ ਆਪਣੀ ਸਾਂਝ-ਭਿਆਲੀ ਪੁਗਾਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੇ ਪੈਸੇ ਦੀ ਨਿਰਲੱਜਤਾ ਨਾਲ ਕੀਤੀ ਗਈ ਲੁੱਟ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਹੀ ਇਸ ਬਾਰੇ ਭਲੀ ਭਾਂਤ ਜਾਣਦੀਆਂ ਹੋਣਗੀਆਂ ਕਿ ਇਸ ਬਦਨਾਮ ਅਪਰਾਧੀ ਨੂੰ ਰੋਪੜ ਜੇਲ੍ਹ ਵਿੱਚ ਪੂਰੀਆਂ ਸੁੱਖ-ਸਹੂਲਤਾਂ ਨਾਲ ਕਿਉਂ ਰੱਖਿਆ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਰਾਮਦਾਇਕ ਠਹਿਰ ਯਕੀਨੀ ਬਣਾਉਣ ਤੋਂ ਇਲਾਵਾ ਇਹ ਯਕੀਨੀ ਬਣਾਇਆ ਕਿ ਇਸ ਕੱਟੜ ਅਪਰਾਧੀ ਨੂੰ ਜੇਲ੍ਹ ਦੇ ਅੰਦਰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਤੋਂ ਪਾਸਾ ਵੱਟਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਸ ਸਮੇਂ ਦੀ ਸਰਕਾਰ ਨੇ ਰੋਪੜ ਜੇਲ੍ਹ ਵਿੱਚ ਬੰਦ ਇਸ ਅਪਰਾਧੀ ਦੇ ਹਿੱਤ ਮਹਿਫੂਜ਼ ਰੱਖਣ ਲਈ ਟੈਕਸ ਭਰਨ ਵਾਲਿਆਂ ਦੇ 55 ਲੱਖ ਰੁਪਏ ਖਰਚ ਕੀਤੇ ਸਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਬੇਰਹਿਮੀ ਨਾਲ ਕੀਤੀ ਜਾਣ ਵਾਲੀ ਅਜਿਹੀ ਲੁੱਟ ਪੂਰੀ ਤਰ੍ਹਾਂ ਗੈਰਵਾਜਬ ਹੈ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਪੈਸੇ ਦੀ ਸ਼ਰੇਆਮ ਲੁੱਟ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਰੰਧਾਵਾ ਨੂੰ ਇਹ ਪੈਸਾ ਆਪਣੀ ਜੇਬ ਵਿੱਚੋਂ ਭਰਨਾ ਪਵੇਗਾ ਨਹੀਂ ਤਾਂ ਇਸ ਰਾਸ਼ੀ ਦੀ ਵਸੂਲੀ ਲਈ ਉਨ੍ਹਾਂ ਦੀਆਂ ਪੈਨਸ਼ਨਾਂ ਅਤੇ ਹੋਰ ਲਾਭ ਬੰਦ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਉਨ੍ਹਾਂ ਦੇ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ।